ਹਰਿਆਣਾ ਵਿੱਚ ਭਾਜਪਾ ਨੂੰ ਲੱਗਿਆ ਕਿਸਾਨੀ ਸੰਘਰਸ਼ ਦਾ ਸੇਕ

ਚੰਡੀਗੜ੍ਹ : ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਸੰਘਰਸ਼ ਦਾ ਸੇਕ ਦੇਸ਼ ਭਰ ਵਿੱਚ ਦਿਖਾਈ ਦੇਣ ਲੱਗ ਪਿਆ ਹੈ। ਉਂਜ ਇਸ ਦਾ ਬਹੁਤਾ ਦਬਾਅ ਪੰਜਾਬ ਅਤੇ ਹਰਿਆਣਾ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਹਰਿਆਣਾ ਵਿੱਚ ਭਾਜਪਾ ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੇ ਰਾਜਨੀਤਕ ਸਮਾਗਮ ਅਤੇ ਕਿਸਾਨ ਮਹਾਪੰਚਾਇਤਾਂ ਨਾ ਕਰਨ ਦਾ ਫ਼ੈਸਲਾ ਲਿਆ ਹੈ। ਇਹ ਫ਼ੈਸਲਾ ਭਾਜਪਾ ਅਤੇ ਜੇਜੇਪੀ ਆਗੂਆਂ ਦੀ ਕੇਂਦਰੀ ਗ੍ਰਹਿ ਮੰਤਰੀ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਹਰਿਆਣਾ ਵਿੱਚ ਭਾਜਪਾ ਅਤੇ ਭਾਈਵਾਲ ਪਾਰਟੀ ਜੇਜੇਪੀ ਦੇ ਸਾਰੇ ਸਮਾਗਮਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਰਨਾਲ ਦੇ ਪਿੰਡ ਕੈਮਲਾ ਵਿੱਚ ਖੇਤੀ ਕਾਨੂੰਨਾਂ ਦੀ ਹਮਾਇਤ ਵਿੱਚ ‘ਕਿਸਾਨ ਮਹਾਪੰਚਾਇਤ’ ਦਾ ਕਿਸਾਨ ਜਥੇਬੰਦੀਆਂ ਨੇ ਵਿਰੋਧ ਕੀਤਾ ਸੀ। ਉਥੇ ਵਿਰੋਧ ਕਰ ਰਹੇ ਕਿਸਾਨਾਂ ’ਤੇ ਹਰਿਆਣਾ ਪੁਲੀਸ ਨੇ ਜਲ ਤੋਪਾਂ ਦੀ ਵਰਤੋਂ ਕਰਦਿਆਂ ਅੱਥਰੂ ਗੈਸ ਦੇ ਗੋਲੇ ਵੀ ਚਲਾਏ ਸਨ ਜਿਸ ਤੋਂ ਖਿਝ ਕੇ ਪ੍ਰਦਰਸ਼ਨਕਾਰੀਆਂ ਨੇ ਸਮਾਗਮ ਵਾਲੀ ਸਟੇਜ ਤੱਕ ਤੋੜ ਦਿੱਤੀ ਸੀ। ਹੰਗਾਮਾ ਹੋਣ ਕਾਰਨ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਆਪਣਾ ਪ੍ਰੋਗਰਾਮ ਰੱਦ ਕਰਨਾ ਪਿਆ ਸੀ। ਹਰਿਆਣਾ ਪੁਲੀਸ ਨੇ ਇਸ ਮਾਮਲੇ ’ਚ 900 ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਇਸ ਘਟਨਾ ਤੋਂ ਬਾਅਦ ਖੱਟਰ ਅਤੇ ਉਪ ਮੁੱਖ ਮੰਤਰੀ ਤੇ ਜੇਜੇਪੀ ਆਗੂ ਦੁਸ਼ਯੰਤ ਚੌਟਾਲਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ ਜਿਸ ਵਿੱਚ ਕਿਸਾਨੀ ਮਸਲੇ ਬਾਰੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਤੋਂ ਬਾਅਦ ਹੀ ਹਰਿਆਣਾ ਸਰਕਾਰ ਨੇ ਕਿਸਾਨਾਂ ਦੇ ਸੰਘਰਸ਼ ਦੇ ਬਰਾਬਰ ਕੋਈ ਵੀ ਰਾਜਨੀਤਕ ਸਮਾਗਮ ਜਾਂ ਕਿਸਾਨ ਮਹਾਪੰਚਾਇਤ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਉਹ ਕਿਸੇ ਤਰ੍ਹਾਂ ਦਾ ਟਕਰਾਅ ਖੜ੍ਹਾ ਨਹੀਂ ਕਰਨਾ ਚਾਹੁੰਦੇ ਹਨ ਜਿਸ ਕਾਰਨ ਸੂਬੇ ਵਿੱਚ ਕੋਈ ਸਮਾਗਮ ਨਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਉਧਰ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਕਿਸਾਨਾਂ ਵੱਲੋਂ ਪਹਿਲੇ ਦਿਨ ਤੋਂ ਸ਼ਾਂਤਮਈ ਢੰਗ ਨਾਲ ਸੰਘਰਸ਼ ਕੀਤਾ ਜਾ ਰਿਹਾ ਹੈ। ‘ਜਦੋਂ ਤੱਕ ਤਿੰਨੋਂ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ ਇਹ ਸੰਘਰਸ਼ ਜਾਰੀ ਰਹੇਗਾ।’ ਉਨ੍ਹਾਂ ਕਿਹਾ ਕਿ ਭਾਜਪਾ ਅਤੇ ਭਾਈਵਾਲ ਪਾਰਟੀਆਂ ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਉਨ੍ਹਾਂ ਸੂਬੇ ਵਿੱਚ ਭਾਜਪਾ ਤੇ ਜੇਜੇਪੀ ਦੇ ਆਗੂਆਂ ਅਤੇ ਸਮਾਗਮਾਂ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ ਕੀਤਾ।

ਖੱਟਰ ਅਤੇ ਦੁਸ਼ਯੰਤ ਨੂੰ ਝੰਡਾ ਨਹੀਂ ਲਹਿਰਾਉਣ ਦੇਣਗੇ ਕਿਸਾਨ

ਚੰਡੀਗੜ੍ਹ:ਹਰਿਆਣਾ ਵਿੱਚ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਰਾਜਪਾਲ ਸੱਤਿਆਦੇਵ ਨਾਰਾਇਣ ਆਰਿਆ ਪੰਚਕੂਲਾ, ਮੁੱਖ ਮੰਤਰੀ ਮਨੋਹਰ ਲਾਲ ਖੱਟਰ ਪਾਣੀਪਤ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅੰਬਾਲਾ ਵਿੱਚ ਤਿਰੰਗਾ ਝੰਡਾ ਲਹਿਰਾਉਣਗੇ। ਇਸੇ ਤਰ੍ਹਾਂ ਹਰਿਆਣਾ ਦੇ ਹੋਰ ਕੈਬਨਿਟ ਮੰਤਰੀਆਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਿਰੰਗੇ ਲਹਿਰਾਏ ਜਾਣਗੇ। ਦੂਜੇ ਪਾਸੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਗਣਤੰਤਰ ਦਿਵਸ ਵਾਲੇ ਦਿਨ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸਣੇ ਹੋਰਨਾਂ ਮੰਤਰੀਆਂ ਦਾ ਬਾਈਕਾਟ ਕਰਦਿਆਂ ਉਨ੍ਹਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਭਾਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਪ੍ਰਧਾਨ ਰਵੀ ਆਜ਼ਾਦ ਨੇ ਕਿਹਾ ਕਿ 26 ਜਨਵਰੀ ਨੂੰ ਕਿਸੇ ਵੀ ਭਾਜਪਾ ਅਤੇ ਜੇਜੇਪੀ ਨਾਲ ਸਬੰਧਤ ਮੰਤਰੀ ਜਾਂ ਆਗੂ ਨੂੰ ਤਿਰੰਗਾ ਝੰਡਾ ਲਹਿਰਾਉਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 25 ਜਨਵਰੀ ਤੋਂ ਹੀ ਭਾਜਪਾ ਅਤੇ ਜੇਜੇਪੀ ਆਗੂਆਂ ਦੇ ਵਿਰੋਧ ਵਿੱਚ ਜ਼ਿਲ੍ਹਾ ਪੱਧਰ ’ਤੇ ਧਰਨੇ ਵੀ ਦਿੱਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਰੋਕਿਆ ਜਾ ਸਕੇ।

ਹਰਿਆਣਾ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਅਤੇ ਜੇਜੇਪੀ ਆਗੂਆਂ ਦੇ ਵਿਰੋਧ ਬਾਰੇ ਇਕ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਜੇਕਰ ਉਪਰੋਕਤ ਵਿਅਕਤੀਆਂ ਵਿੱਚੋਂ ਕੋਈ ਵੀ ਮੰਤਰੀ ਉਕਤ ਸਥਾਨ ’ਤੇ ਕਿਸੇ ਕਾਰਨ ਨਹੀਂ ਪਹੁੰਚ ਪਾਉਂਦਾ ਹੈ ਤਾਂ ਉਥੇ ਸਬੰਧਤ ਡਿਪਟੀ ਕਮਿਸ਼ਨਰ ਝੰਡਾ ਲਹਿਰਾਉਣਗੇ।

Leave a Reply

Your email address will not be published. Required fields are marked *