ਲਾਠੀਚਾਰਜ ਵਿੱਚ ਜ਼ਖ਼ਮੀ ਕਿਸਾਨ ਨੇ ਦਮ ਤੋੜਿਆ; ਰੋਸ ਵਜੋਂ ਕਿਸਾਨਾਂ ਵੱਲੋਂ ਪੰਜਾਬ ਭਰ ਵਿੱਚ ਚੱਕਾ ਜਾਮ

ਚੰਡੀਗੜ੍ਹ/ਪੰਚਕੂਲਾ: ਕਰਨਾਲ (ਹਰਿਆਣਾ) ਦੇ ਬਸਤਾੜਾ ਟੌਲ ਪਲਾਜ਼ਾ ’ਤੇ ਲੰਘੇ ਦਿਨ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਦੀ ਘਟਨਾ ਤੋਂ ਬਾਅਦ ਦੇਰ ਰਾਤ ਕਿਸਾਨ ਸੁਸ਼ੀਲ ਕੁਮਾਰ (50) ਵਾਸੀ ਪਿੰਡ ਰਾਏਪੁਰ ਜਟਾਨ, ਜ਼ਿਲ੍ਹਾ ਕਰਨਾਲ ਦੀ ਮੌਤ ਹੋ ਗਈ। ਉਸ ਦੀ ਮ੍ਰਿਤਕ ਦੇਹ ਦਾ ਐਤਵਾਰ ਨੂੰ ਦੁਪਹਿਰ ਸਮੇਂ ਸਸਕਾਰ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ।

ਮ੍ਰਿਤਕ ਸੁਸ਼ੀਲ ਕੁਮਾਰ ਡੇਢ ਏਕੜ ਜ਼ਮੀਨ ਦਾ ਮਾਲਕ ਸੀ। ਉਸ ਦੇ ਘਰ ਵਿੱਚ ਇਕ ਲੜਕਾ ਅਤੇ ਇਕ ਲੜਕੀ ਹਨ। ਦੋਹਾਂ ਦਾ ਵਿਆਹ ਹੋ ਚੁੱਕਾ ਹੈ। ਸੁਸ਼ੀਲ ਕੁਮਾਰ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ 9 ਮਹੀਨਿਆਂ ਤੋਂ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਂਦਾ ਆ ਰਿਹਾ ਸੀ ਅਤੇ ਬਸਤਾੜਾ ਟੌਲ ਪਲਾਜ਼ਾ ’ਤੇ ਪੁਲੀਸ ਲਾਠੀਚਾਰਜ ਸਮੇਂ ਵੀ ਹਾਜ਼ਰ ਸੀ। ਉਸ ਨੂੰ ਪੁਲੀਸ ਨੇ ਕਈ ਡਾਂਗਾ ਮਾਰੀਆਂ ਸਨ।

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਬੈਂਸ ਨੇ ਕਿਹਾ ਕਿ ਲਾਠੀਚਾਰਜ ਤੋਂ ਬਾਅਦ ਸੁਸ਼ੀਲ ਕੁਮਾਰ ਘਰ ਚਲਾ ਗਿਆ ਸੀ ਤੇ ਦੇਰ ਰਾਤ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਤੇ ਉਸ ਦੀ ਮੌਤ ਹੋ ਗਈ। ਕਿਸਾਨ ਆਗੂਆਂ ਨੇ ਪੀੜਤ ਪਰਿਵਾਰ ਲਈ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ।

ਕਿਸਾਨ ਜਥੇਬੰਦੀਆਂ ਵੱਲੋਂ ਮੋਮਬੱਤੀ ਮਾਰਚ

ਕਰਨਾਲ ’ਚ ਪੁਲੀਸ ਲਾਠੀਚਾਰਜ ਤੋਂ ਬਾਅਦ ਫੌਤ ਹੋਏ ਕਿਸਾਨ ਸੁਸ਼ੀਲ ਕੁਮਾਰ ਨੂੰ ਸ਼ਰਧਾਂਜਲੀ ਦੇਣ ਲਈ ਕਿਸਾਨ ਜਥੇਬੰਦੀਆਂ ਨੇ ਹਿਸਾਰ ਵਿੱਚ ਕੈਂਡਲ ਮਾਰਚ ਕੀਤਾ ਤੇ ਪੁਲੀਸ ਕਾਰਵਾਈ ਦੀ ਨਿੰਦਾ ਕੀਤੀ। ਕਿਸਾਨ ਆਗੂਆਂ ਨੇ ਲਾਠੀਚਾਰਜ ਦਾ ਫ਼ਰਮਾਨ ਜਾਰੀ ਕਰਨ ਵਾਲੇ ਆਈਏਐੱਸ ਅਧਿਕਾਰੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਪੰਜਾਬ ਭਰ ’ਚ ਦੋ ਘੰਟਿਆਂ ਲਈ ਸੜਕਾਂ ਜਾਮ ਕੀਤੀਆਂ

ਚੰਡੀਗੜ੍ਹ: ਹਰਿਆਣਾ ਦੇ ਕਰਨਾਲ ਵਿੱਚ ਲੰਘੇ ਦਿਨ ਬਸਤਾੜਾ ਟੌਲ ਪਲਾਜ਼ਾ ’ਤੇ ਪੁਲੀਸ ਵੱਲੋਂ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਖਫ਼ਾ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਸੂਬੇ ਭਰ ਦੀਆਂ ਸੜਕਾਂ ਨੂੰ ਦੋ ਘੰਟਿਆਂ ਲਈ ਜਾਮ ਕਰ ਦਿੱਤਾ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਛੱਡ ਕੇ ਆਵਾਜਾਈ ਠੱਪ ਕੀਤੀ ਗਈ। ਕਿਸਾਨ ਆਗੂਆਂ ਨੇ ਕਰਨਾਲ ਘਟਨਾ ਤੋਂ ਬਾਅਦ ਸ਼ਹੀਦ ਹੋਏ ਕਿਸਾਨ ਸੁਸ਼ੀਲ ਕਾਜਲ ਨੂੰ ਸ਼ਰਧਾਂਜਲੀ ਦਿੱਤੀ। ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੁਤਲੇ ਸਾੜੇ। ਇਸ ਦੇ ਨਾਲ ਹੀ ਕਿਸਾਨਾਂ ’ਤੇ ਲਾਠੀਚਾਰਜ ਦਾ ਨਾਦਰਸ਼ਾਹੀ ਫ਼ਰਮਾਨ ਜਾਰੀ ਕਰਨ ਵਾਲੇ ਐੱਸਡੀਐੱਮ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਅਧਿਕਾਰੀ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਸੰਯੁਕਤ ਕਿਸਾਨ ਮੋਰਚਾ ਦੇ ਆਗੂ ਹਰਮੀਤ ਸਿੰਘ ਕਾਦੀਆਂ ਅਤੇ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕਰਨਾਲ (ਹਰਿਆਣਾ) ਵਿੱਚ ਕਿਸਾਨ ਆਪਣੇ ਐਲਾਨੇ ਪ੍ਰੋਗਰਾਮ ਤਹਿਤ ਭਾਜਪਾ ਆਗੂਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਸਨ। ਹਰਿਆਣਾ ਸਰਕਾਰ ਨੇ ਕਿਸਾਨਾਂ ਦੀ ਆਵਾਜ਼ ਦਬਾਉਣ ਲਈ ਪਹਿਲਾਂ ਹੀ ਤਿਆਰੀ ਕੀਤੀ ਹੋਈ ਸੀ ਜਿਸ ਦਾ ਸਬੂਤ ਐੱਸਡੀਐੱਮ ਦੀ ਵਾਇਰਲ ਹੋਈ ਵੀਡੀਓ ਤੋਂ ਸਪੱਸ਼ਟ ਹੋ ਜਾਂਦਾ ਹੈ। ਪ੍ਰਸ਼ਾਸਨਿਕ ਅਧਿਕਾਰੀ ਨੇ ਪੁਲੀਸ ਨੂੰ ਕਿਸਾਨਾਂ ਦੇ ਸਿਰ ਭੰਨਣ ਦੇ ਹੁਕਮ ਦਿੱਤੇ ਸਨ। ਇਸ ਦੇ ਚਲਦਿਆਂ ਪੁਲੀਸ ਨੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਜਿਸ ਦੌਰਾਨ 11 ਕਿਸਾਨ ਗੰਭੀਰ ਜ਼ਖ਼ਮੀ ਹੋ ਗਏ।

ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਪਹਿਲੇ ਦਿਨ ਤੋਂ ਕਿਸਾਨ ਸੰਘਰਸ਼ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਜਿਸ ਨੇ ਪਹਿਲਾਂ ਜਾਤ-ਪਾਤ ਅਤੇ ਧਰਮ ਦੇ ਆਧਾਰ ’ਤੇ ਚਾਲਾਂ ਖੇਡੀਆਂ। ਜਦੋਂ ਕੇਂਦਰ ਸਰਕਾਰ ਕਾਮਯਾਬ ਨਾ ਹੋ ਸਕੀ ਤਾਂ ਹੁਣ ਡਾਂਗਾਂ ਦੇ ਸਹਾਰੇ ਕਿਸਾਨੀ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ।

ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਪੁਲੀਸ ਦੀਆਂ ਡਾਂਗਾਂ ਤੋਂ ਡਰਨ ਵਾਲਾ ਨਹੀਂ ਹੈ। ਜਦੋਂ ਤੱਕ ਤਿੰਨੋਂ ਖੇਤੀ ਕਾਨੂੰਨ ਰੱਦ ਕਰਕੇ ਫ਼ਸਲਾਂ ਨੂੰ ਐੱਮਐੱਸਪੀ ’ਤੇ ਖਰੀਦ ਦੀ ਗਾਰੰਟੀ ਵਾਲਾ ਕਾਨੂੰਨ ਨਹੀਂ ਬਣਾਇਆ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੂਬੇ ’ਚ ਟੌਲ ਪਲਾਜ਼ੇ, ਕਾਰਪੋਰੇਟ ਘਰਾਣੇ, ਰੇਲਵੇ ਪਾਰਕਾਂ, ਭਾਜਪਾ ਆਗੂਆਂ ਦੇ ਘਰਾਂ/ਦਫ਼ਤਰਾਂ ਮੂਹਰੇ ਸਣੇ 108 ਥਾਵਾਂ ’ਤੇ ਧਰਨੇ ਦਿੱਤੇ ਗਏ। ਇਸ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਖ਼ਿਲਾਫ਼ ਨਾਅਰੇ ਗੂੰਜਦੇ ਰਹੇ।

Leave a Reply

Your email address will not be published. Required fields are marked *