ਜੰਮੂ ਕਸ਼ਮੀਰ ਵਿਚ ਦੋ ਹੋਰ ਗੈਰ-ਸਥਾਨਕ ਮਜ਼ਦੂਰਾਂ ਦੀ ਗੋਲੀਆਂ ਮਾਰ ਕੇ ਹੱਤਿਆ

ਸ੍ਰੀਨਗਰ: ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਅੱਜ ਦੋ ਹੋਰ ਗੈਰ-ਸਥਾਨਕ ਮਜ਼ਦੂਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਇਕ ਹੋਰ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਕਸ਼ਮੀਰ ਜ਼ੋਨ ਪੁਲੀਸ ਨੇ ਆਪਣੇ ਟਵਿੱਟਰ ਹੈਂਡਲ ’ਤੇ ਕਿਹਾ, ‘‘ਕੁਲਗਾਮ ਦੇ ਵਾਨਪੋਹ ਇਲਾਕੇ ਵਿਚ ਅਤਿਵਾਦੀਆਂ ਨੇ ਗੈਰ ਸਥਾਨਕ ਮਜ਼ਦੂਰਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਸ ਅਤਿਵਾਦੀ ਘਟਨਾ ਵਿਚ ਦੋ ਗੈਰ-ਸਥਾਨਕ ਲੋਕ ਮਾਰੇ ਗਏ ਅਤੇ ਇਕ ਜ਼ਖ਼ਮੀ ਹੋ ਗਿਆ।’’ ਇਸ ਵਿਚ ਕਿਹਾ ਗਿਆ ਹੈ ਕਿ ਪੁਲੀਸ ਤੇ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। ਅਧਿਕਾਰੀਆਂ ਮੁਤਾਬਕ ਅਤਿਵਾਦੀ ਮਜ਼ਦੂਰਾਂ ਦੇ ਕਿਰਾਏ ਦੇ ਮਕਾਨ ਵਿਚ ਵੜ ਗਏ ਅਤੇ ਉਨ੍ਹਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜੰਮੂ ਕਸ਼ਮੀਰ ਵਿਚ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿਚ ਗੈਰ ਸਥਾਨਕ ਮਜ਼ਦੂਰਾਂ ’ਤੇ ਇਹ ਤੀਜਾ ਹਮਲਾ ਹੈ। ਇਸੇ ਦੌਰਾਨ ਜੰਮੂ ਕਸ਼ਮੀਰ ਪੁਲੀਸ ਨੇ ਆਪਣੇ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ ਕਿ ਸਾਰੇ ਗੈਰ-ਸਥਾਨਕ ਮਜ਼ਦੂਰਾਂ ਨੂੰ ਇਕੱਠਾ ਕਰ ਕੇ ਨੇੜਲੇ ਸੁਰੱਖਿਆ ਕੈਂਪਾਂ ਵਿਚ ਲਿਜਾਂਦਾ ਜਾਵੇ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ।

ਉੱਧਰ, ਨੈਸ਼ਨਲ ਕਾਨਫ਼ਰੰਸ ਦੇ ਮੁਖੀ ਫਾਰੂਕ ਅਬਦੁੱਲਾ ਨੇ ਅੱਜ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਲੋਕਾਂ ਦੀਆਂ ਹੱਤਿਆਵਾਂ ਦੀਆਂ ਹਾਲੀਆ ਘਟਨਾਵਾਂ ਵਿਚ ਕਸ਼ਮੀਰੀ ਲੋਕ ਸ਼ਾਮਲ ਨਹੀਂ ਹਨ ਅਤੇ ਇਹ ਹਮਲੇ ਕਸ਼ਮੀਰੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਤਹਿਤ ਕੀਤੇ ਗਏ ਹਨ। ਉਨ੍ਹਾਂ ਇਨ੍ਹਾਂ ਘਟਨਾਵਾਂ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ। ਉਹ ਇੱਥੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।

Leave a Reply

Your email address will not be published. Required fields are marked *