ਲੌਕਡਾਊਨ ਨਾਲ ਜੁੜੀ ਨਵੀਂ ਗਾਈਡਲਾਈਨ 4 ਮਈ ਨੂੰ ਹੋਵੇਗੀ ਜਾਰੀ, ਕਈ ਥਾਵਾਂ ‘ਤੇ ਦਿੱਤੀ ਜਾਵੇਗੀ ਛੋਟ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜਾਰੀ ਲੌਕਡਾਊਨ ਸਬੰਧੀ ਚਾਰ ਮਈ ਨੂੰ ਨਵੀਂ ਗਾਈਡਲਾਈਨ ਜਾਰੀ ਕੀਤੀ ਜਾਵੇਗੀ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਬਿਆਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਸ਼ਰਤਾਂ ਦੇ ਨਾਲ ਛੋਟ ਵੀ ਦਿੱਤੀ ਜਾਵੇਗੀ।
ਜਿਹੜੇ ਜ਼ਿਲ੍ਹੇ ਕੋਰੋਨਾ ਦੇ ਪ੍ਰਭਾਵ ਤੋਂ ਮੁਕਤ ਹਨ, ਉੱਥੇ ਢਿੱਲ ਦਿੱਤੀ ਜਾਵੇਗੀ ਪਰ ਜਿੱਥੇ ਜ਼ਿਆਦਾ ਗਿਣਤੀ ਵਿਚ ਮਾਮਲੇ ਪਾਏ ਜਾ ਰਹੇ ਹਨ, ਉੱਥੇ ਲੌਕਡਾਊਨ ਦਾ ਸਖਤੀ ਨਾਲ ਪਾਲ਼ਣ ਕੀਤਾ ਜਾਵੇਗਾ। ਮੌਜੂਦਾ ਲੌਕਡਾਊਨ 3 ਮਈ ਨੂੰ ਖਤਮ ਹੋਣ ਜਾ ਰਿਹਾ ਹੈ। ਇਸ ਤੋਂ ਬਾਅਦ 4 ਮਈ ਨੂੰ ਨਵੀਂ ਗਾਈਡਲਾਈਨ ਜਾਰੀ ਕੀਤੀ ਜਾਵੇਗੀ।
ਇਸ ਸਬੰਧੀ ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਟਵੀਟ ਕਰ ਕੇ ਕਿਹਾ ਕਿ ਗ੍ਰਹਿ ਮੰਤਰਾਲੇ ਨੇ ਲੌਕਡਾਊਨ ਦੇ ਸਬੰਧ ਵਿਚ ਸਮੀਖਿਆ ਕੀਤੀ। ਇਸ ਦੇ ਨਾਲ ਕਾਫੀ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। 3 ਮਈ ਤੋਂ ਬਾਅਦ ਜਾਰੀ ਕੀਤੀਆਂ ਜਾਣ ਵਾਲੀਆਂ ਨਵੀਆਂ ਗਾਈਡਲਾਈਨਜ਼ ਵਿਚ ਜ਼ਿਲ੍ਹਿਆਂ ਨੂੰ ਸਥਿਤੀ ਦੇ ਅਧਾਰ ‘ਤੇ ਛੋਟ ਦਿੱਤੀ ਜਾ ਸਕਦੀ ਹੈ।