ਵੱਡਾ ਸਵਾਲ? ਜੇ ਕੈਪਟਨ ਪਟਿਆਲਾ ਤੋਂ ਚੋਣ ਲੜੇ ਤਾਂ ਕੌਣ ਹੋਵੇਗਾ ਕਾਂਗਰਸ ਦਾ ਉਮੀਦਵਾਰ

ਲੁਧਿਆਣਾ : ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਕਾਂਗਰਸ ਛੱਡ ਕੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ ਪਰ ਉਨ੍ਹਾਂ ਦੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਹੈ। ਜਿਥੋਂ ਤੱਕ ਕੈਪਟਨ ਦੀ ਜੱਦੀ ਸੀਟ ਪਟਿਆਲਾ ਦੀ ਗੱਲ ਕਰੀਏ ਤਾਂ ਸਰਕਾਰ ’ਚ ਰਹਿੰਦਿਆਂ ਉਨ੍ਹਾਂ ਵੱਲੋਂ ਆਪਣੀ ਧੀ ਜੈਇੰਦਰ ਕੌਰ ਨੂੰ ਅੱਗੇ ਵਧਾਇਆ ਜਾ ਰਿਹਾ ਸੀ। ਹੁਣ ਸਮੀਕਰਣ ਪੂਰੀ ਤਰ੍ਹਾਂ ਬਦਲ ਗਏ ਹਨ ਕਿਉਂਕਿ ਪ੍ਰਨੀਤ ਕੌਰ ਅਤੇ ਉਨ੍ਹਾਂ ਦੀ ਧੀ ਨੇ ਭਾਵੇਂ ਕੈਪਟਨ ਨਾਲ ਕਾਂਗਰਸ ਨਾ ਛੱਡਣ ਦਾ ਫ਼ੈਸਲਾ ਕੀਤਾ ਹੈ ਪਰ ਉਹ ਪਿਛਲੇ ਦਿਨੀਂ ਪਟਿਆਲਾ ’ਚ ਪੰਜਾਬ ਇੰਚਾਰਜ ਹਰੀਸ਼ ਚੌਧਰੀ ਦੀ ਅਗਵਾਈ ’ਚ ਹੋਈ ਮੀਟਿੰਗ ’ਚ ਸ਼ਾਮਲ ਨਹੀਂ ਹੋਏ।
ਇਸ ਮੀਟਿੰਗ ’ਚ ਮੇਅਰ ਤੇ ਚੇਅਰਮੈਨ ਕੇ. ਕੇ. ਸ਼ਰਮਾ ਨੂੰ ਛੱਡ ਕੇ ਕਾਂਗਰਸ ਦੇ ਸਾਰੇ ਵੱਡੇ ਆਗੂ ਹਾਜ਼ਰ ਹੋਏ ਤੇ ਉਨ੍ਹਾਂ ਕੈਪਟਨ ਖ਼ਿਲਾਫ਼ ਜੰਮ ਕੇ ਭੜਾਸ ਕੱਢੀ। ਇਸ ਤੋਂ ਬਾਅਦ ਚਰਚਾ ਸ਼ੁਰੂ ਹੋ ਗਈ ਹੈ ਕਿ ਜੇਕਰ ਕੈਪਟਨ ਆਪਣੀ ਨਵੀਂ ਪਾਰਟੀ ਦੇ ਬੈਨਰ ਹੇਠ ਪਟਿਆਲਾ ਤੋਂ ਚੋਣ ਲੜਦੇ ਹਨ ਤਾਂ ਉਨ੍ਹਾਂ ਦੇ ਖ਼ਿਲਾਫ ਕਾਂਗਰਸ ਦਾ ਉਮੀਦਵਾਰ ਕੌਣ ਹੋਵੇਗਾ। ਇਨ੍ਹਾਂ ’ਚ ਮੁੱਖ ਤੌਰ ’ਤੇ ਕੈਪਟਨ ਦੇ ਕਰੀਬੀ ਰਹੇ ਮੰਤਰੀਆਂ ਬ੍ਰਹਮ ਮਹਿੰਦਰਾ, ਵਿਜੇ ਇੰਦਰ ਸਿੰਗਲਾ, ਲਾਲ ਸਿੰਘ ਦੇ ਨਾਂ ਸੁਣਨ ਨੂੰ ਮਿਲ ਰਹੇ ਹਨ।