ਰਾਸ਼ਟਰਪਤੀ ਵੱਲੋਂ ਹਰਸਿਮਰਤ ਬਾਦਲ ਦਾ ਅਸਤੀਫ਼ਾ ਪ੍ਰਵਾਨ, ਤੋਮਰ ਨੂੰ ਫੂਡ ਪ੍ਰੋਸੈਸਿੰਗ ਮੰਤਰਾਲੇ ਦਾ ਵਾਧੂ ਚਾਰਜ

ਨਵੀਂ ਦਿੱਲੀ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਅਸਤੀਫਾ ਸਵੀਕਾਰ ਕਰ ਲਿਆ। ਸ੍ਰੀਮਤੀ ਬਾਦਲ ਨੇ ਖੇਤੀਬਾੜੀ ਨਾਲ ਸਬੰਧਤ ਤਿੰਨ ਬਿੱਲਾਂ ਦੇ ਵਿਰੋਧ ਵਿੱਚ ਵੀਰਵਾਰ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ। ਰਾਸ਼ਟਰਪਤੀ ਭਵਨ ਨੇ ਇਕ ਬਿਆਨ ਵਿਚ ਕਿਹਾ, ‘ਭਾਰਤ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਦੀ ਸਲਾਹ ’ਤੇ ਹਰਸਿਮਰਤ ਕੌਰ ਬਾਦਲ ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਤੁਰੰਤ ਸਵੀਕਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੁਝਾਅ ’ਤੇ ਰਾਸ਼ਟਰਪਤੀ ਨੇ ਖੁਰਾਕ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਦਾ ਵਾਧੂ ਚਾਰਜ ਕੈਬਨਿਟ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਦਿੱਤਾ ਹੈ। ਤੋਮਰ ਕੋਲ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ, ਪੇਂਡੂ ਵਿਕਾਸ ਮੰਤਰਾਲੇ ਅਤੇ ਪੰਚਾਇਤੀ ਰਾਜ ਮੰਤਰਾਲੇ ਸਮੇਤ ਕਈ ਵਿਭਾਗ ਹਨ।’