ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਹਮੇਸ਼ਾਂ ਤਿਆਰ ਪਰ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਛੱਡੀ ਜਾਵੇ: ਤੋਮਰ

ਨਵੀਂ ਦਿੱਲੀ : ਖੇਤੀ ਕਾਨੂੰਨਾਂ ਕਾਰਨ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਅੱਗੇ ਨਾ ਤੁਰਨ ਦੇ ਮੱਦੇਨਜ਼ਰ ਅੱਜ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਹਮੇਸ਼ਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਤੌਖਲਿਆਂ ਨੂੰ ਦੂਰ ਕਰਨ ਲਈ ਨੇਤਾਵਾਂ ਤੋਂ ਸੁਝਾਅ ਦੀ ਉਡੀਕ ਕਰ ਰਹੀ ਹੈ ਪਰ ਉਹ ਕਾਨੂੰਨ ਖ਼ਤਮ ਕਰਨ ਦੀ ਜ਼ਿੱਦ ਕਰਕੇ ਬੈਠੇ ਹਨ। ਮੰਤਰੀ ਨੇ ਮੀਡੀਆ ਸਾਹਮਣੇ ਕਿਹਾ ਕਿ ਸਰਕਾਰ ਖੁੱਲ੍ਹੇ ਮਨ ਨਾਲ ਕਿਸਾਨਾਂ ਗੱਲ ਕਰਨ ਲਈ ਤਿਆਰ ਹੈ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਕਿਹਾ ਕਿ ਉਸ ਸਰਕਾਰ ਦੀਆਂ ਤਜਵੀਜ਼ਾਂ ’ਤੇ ਗੌਰ ਕਰਨ। ਮੰਤਰੀ ਨੇ ਕਿਹਾ ਕਿ ਠੰਢ ਤੇ ਕਰੋਨਾ ਦਾ ਜ਼ੋਰ ਹੋਣ ਕਾਰਨ ਉਹ ਕਿਸਾਨਾਂ ਦੀ ਸਿਹਤ ਬਾਰੇ ਚਿੰਤਤ ਹਨ। ਉਨ੍ਹਾਂ ਕਿਹਾ,‘ ਮੇਰੀ ਕਿਸਾਨ ਭੈਣ-ਭਰਾਵਾਂ ਨੂੰ ਬੇਨਤੀ ਹੈ ਕਿ ਉਹ ਪ੍ਰਦਰਸ਼ਨ ਛੱਡ ਕੇ ਗੱਲਬਾਤ ਲਈ ਅੱਗੇ ਆਉਣ।’ ਮੰਤਰੀ ਨੇ ਦਾਅਵਾ ਕੀਤਾ ਕਿ ਨਵੇਂ ਕਾਨੂੰਨਾਂ ਨਾਲ ਐੱਮਐੱਸਪੀ ’ਤੇ ਕੋਈ ਅਸਰ ਨਹੀਂ ਪਵੇਗਾ ਤੇ ਇਹ ਪਹਿਲਾਂ ਵਾਂਗ ਜਾਰੀ ਰਹੇਗੀ। ਮੰਤਰੀ ਨੇ ਇਸ ਗੱਲ ’ਤੇ ਇਤਰਾਜ਼ ਪ੍ਰਗਟਾਇਆ ਕਿ ਜਦੋਂ ਗੱਲਬਾਤ ਦਾ ਦੌਰ ਚੱਲ ਰਿਹਾ ਹੈ ਤਾਂ ਇਸ ਦੌਰਾਨ ਅਗਲੇ ਸੰਘਰਸ਼ ਦਾ ਐਲਾਨ ਕਰਨਾ ਸਹੀ ਨਹੀਂ ਹੈ।

Leave a Reply

Your email address will not be published. Required fields are marked *