ਬਾਦਲ ਵਿਰੋਧੀ ਅਕਾਲੀ ਧੜੇ ਤਾਲਮੇਲ ਕਮੇਟੀ ਬਣਾਉਣ ਵਿੱਚ ਜੁਟੇ

ਅੰਮ੍ਰਿਤਸਰ: ਬਾਦਲ ਵਿਰੋਧੀ ਅਕਾਲੀ ਧੜਿਆਂ ਅਤੇ ਆਗੂਆਂ ਵਲੋਂ ਇੱਕ ਮੰਚ ’ਤੇ ਆਉਣ ਲਈ ਕੀਤੇ ਸਥਾਪਨਾ ਦਿਵਸ ਸਮਾਗਮ ਦੀ ਸਫ਼ਲਤਾ ਤੋਂ ਬਾਅਦ ਹੁਣ ਇਨ੍ਹਾਂ ਧੜਿਆਂ ਵਲੋਂ ਜਲਦੀ ਹੀ ਇੱਕ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਵਿੱਚ ਮੁੱਢਲੇ ਤੌਰ ’ਤੇ ਤਾਲਮੇਲ ਕਮੇਟੀ ਬਣਾਉਣ ਦੀ ਯੋਜਨਾ ਹੈ।

ਬਾਦਲ ਵਿਰੋਧੀ ਅਕਾਲੀ ਆਗੂਆਂ ਵਿੱਚ ਅਕਾਲੀ ਦਲ (ਟਕਸਾਲੀ) ਦੇ ਮੁਖੀ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਡਾ. ਰਤਨ ਸਿੰਘ ਅਜਨਾਲਾ, ਅਕਾਲੀ ਦਲ (1920) ਦੇ ਰਵੀਇੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਵਲੋਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਬਲਵੰਤ ਸਿੰਘ ਰਾਮੂਵਾਲੀਆ, ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ, ਸਾਬਕਾ ਜਥੇਦਾਰ ਭਾਈ ਬਲਵੰਤ ਸਿੰਘ ਨੰਦਗੜ੍ਹ, ਮਨਜੀਤ ਸਿੰਘ ਭੋਮਾ, ਸਰਬਜੀਤ ਸਿੰਘ ਸੋਹਲ, ਕਰਨੈਲ ਸਿੰਘ ਪੀਰ ਮੁਹੰਮਦ, ਬੀਰਦਵਿੰਦਰ ਸਿੰਘ, ਹਰਵਿੰਦਰ ਸਿੰਘ ਖਾਲਸਾ, ਕੁਲਵੰਤ ਸਿੰਘ ਰੰਧਾਵਾ, ਹਰਬੰਸ ਸਿੰਘ ਮੰਝਪੁਰ, ਮਰਹੂਮ ਮਨਜੀਤ ਸਿੰਘ ਕਲਕੱਤਾ ਦਾ ਪੁੱਤਰ ਗੁਰਪ੍ਰੀਤ ਸਿੰਘ ਕਲਕੱਤਾ ਆਦਿ ਸ਼ਾਮਲ ਸਨ। ਇਨ੍ਹਾਂ ਸਾਰਿਆਂ ਨੇ ਸਥਾਪਨਾ ਦਿਵਸ ਸਮਾਗਮ ਵਿੱਚ ਸ਼ਮੂਲੀਅਤ ਮਗਰੋਂ ਸ੍ਰੀ ਅਕਾਲ ਤਖ਼ਤ ’ਤੇ ਨਤਮਸਤਕ ਹੋ ਕੇ ਇਹ ਪ੍ਰਣ ਲਿਆ, ‘ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਖਾਲਸਾ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਸਾਂਝੇ ਤੌਰ ’ਤੇ ਜੋ ਸਿਧਾਂਤਕ ਫੈਸਲੇ ਕੀਤੇ ਗਏ ਹਨ, ਉਹ ਉਨ੍ਹਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਗੇ।’ ਇਸ ਸਬੰਧ ਵਿਚ ਇਨ੍ਹਾਂ ਸਾਰਿਆਂ ਨੇ ਸ੍ਰੀ ਅਕਾਲ ਤਖ਼ਤ ’ਤੇ ਅਰਦਾਸ ਵੀ ਕੀਤੀ ਹੈ।

ਕੱਲ੍ਹ ਦੇ ਇਸ ਸਮਾਗਮ ਦੀ ਸਫਲਤਾ ਤੋਂ ਬਾਅਦ ਹੁਣ ਇਹ ਸਮੂਹ ਅਕਾਲੀ ਧੜਿਆਂ ਦੀ ਜਲਦੀ ਹੀ ਇਕ ਮੀਟਿੰਗ ਸੱਦਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਕਰਨੈਲ ਸਿੰਘ ਪੀਰ ਮੁਹੰਮਦ ਨੇ ਕੀਤੀ। ਉਨ੍ਹਾਂ ਇਸ ਸਬੰਧ ਵਿੱਚ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸੁਖਦੇਵ ਸਿੰਘ ਢੀਂਡਸਾ ਅਤੇ ਰਵੀਇੰਦਰ ਸਿੰਘ ਵਲੋਂ ਜਾਰੀ ਕੀਤੇ ਸਾਂਝੇ ਬਿਆਨ ’ਚ ਆਖਿਆ ਕਿ ਸਮੁੱਚੀ ਲੀਡਰਸ਼ਿਪ ਵਲੋਂ ਜਲਦੀ ਹੀ ਇਕ ਮੀਟਿੰਗ ਸੱਦੀ ਜਾਵੇਗੀ, ਜਿਸ ਵਿਚ ਅਗਲੇ ਪੜਾਅ ਵਾਸਤੇ ਇਕ ਤਾਲਮੇਲ ਕਮੇਟੀ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਸਥਾਪਨਾ ਦਿਵਸ ਸਮਾਗਮ ਵਿਚ ਸ਼ਾਮਲ ਬਾਦਲ ਵਿਰੋਧੀ ਧੜਿਆਂ ਦੇ ਇਨ੍ਹਾਂ ਆਗੂਆਂ ਨੇ ਆਪੋ ਆਪਣੇ ਸੰਬੋਧਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ’ਤੇ ਜ਼ੋਰ ਦਿੰਦਿਆਂ ਬਾਦਲਾਂ ਨੂੰ ਬਾਹਰ ਕਰਨ ਅਤੇ ਸਿੱਖ ਸੰਸਥਾਵਾਂ ਨੂੰ ਇਨ੍ਹਾਂ ਦੇ ਕਬਜ਼ੇ ਤੋਂ ਮੁਕਤ ਕਰਾਉਣ ਦੀ ਗੱਲ ਆਖੀ ਗਈ ਸੀ। ਇਹ ਵੀ ਆਖਿਆ ਗਿਆ ਸੀ ਕਿ ਸਮੂਹ ਬਾਦਲ ਵਿਰੋਧੀ ਇਕਜੁਟ ਹੋਣ ਅਤੇ ਇੱਕ ਪ੍ਰਧਾਨ, ਇਕ ਸੰਵਿਧਾਨ ਅਤੇ ਇਕ ਪਾਰਟੀ ਬਣਾਉਣ।