ਕਿਸਾਨਾਂ ਨੂੰ ਬਦਨਾਮ ਕਰਨਾ ਬੰਦ ਕਰਨ ਭਾਜਪਾ ਆਗੂ: ਕੈਪਟਨ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਸੰਘਰਸ਼ਸ਼ੀਲ ਕਿਸਾਨਾਂ ਖ਼ਿਲਾਫ਼ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਦੀ ਨਿਖੇਧੀ ਕੀਤੀ ਹੈ। ਭਾਜਪਾ ’ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਇਨਸਾਫ਼ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ‘ਸ਼ਹਿਰੀ ਨਕਸਲੀ’, ‘ਖਾਲਿਸਤਾਨੀ’ ਅਤੇ ‘ਬਦਮਾਸ਼’ ਜਿਹੇ ਨਾਵਾਂ ਨਾਲ ਸੰਬੋਧਨ ਕਰ ਕੇ ਬਦਨਾਮ ਕਰਨਾ ਬੰਦ ਕਰੇ। ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਜਮਹੂਰੀ ਅਧਿਕਾਰ ਦੀ ਵਰਤੋਂ ਕਰਨ ਵਾਲੇ ਨਾਗਰਿਕਾਂ ਨੂੰ ਨਕਸਲੀ ਅਤੇ ਅਤਿਵਾਦੀ ਦੱਸਦੀ ਹੋਵੇ, ਉਸ ਪਾਰਟੀ ਕੋਲ ਇਨ੍ਹਾਂ ਨਾਗਰਿਕਾਂ ’ਤੇ ਸ਼ਾਸਨ ਕਰਨ ਦਾ ਵੀ ਕੋਈ ਹੱਕ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਘਰਸ਼ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਖੇਤੀਬਾੜੀ ’ਤੇ ਖ਼ਰੀ ਨਾ ਉਤਰਨ ਵਾਲੀ ਨੀਤੀ ਕਰ ਕੇ ਹੋ ਰਿਹਾ ਹੈ। ਉਨ੍ਹਾਂ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਭਾਜਪਾ ਅੰਨਦਾਤਿਆਂ ਦੀਆਂ ਦਲੀਲਾਂ ’ਤੇ ਗੌਰ ਕਰਨ ਦੀ ਬਜਾਏ ਕਿਸਾਨਾਂ ਨੂੰ ਬੇਇੱਜ਼ਤ ਕਰ ਕੇ ਆਵਾਜ਼ ਦਬਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੇ ਕੁਝ ਨੇਤਾ ਕੂੜ ਪ੍ਰਚਾਰ ਕਰ ਕੇ ਕਿਸਾਨਾਂ ਦੇ ਵਿਰੋਧ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਭਾਜਪਾ ਨੇਤਾਵਾਂ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੰਜਾਬ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਸਬੰਧੀ ਕੀਤੀ ਗਈ ਅਪੀਲ ’ਤੇ ਵੀ ਮੁੱਖ ਮੰਤਰੀ ਨੇ ਭਾਜਪਾ ਆਗੂਆਂ ਦੀ ਤਿੱਖੀ ਆਲੋਚਨਾ ਕੀਤੀ। ਕੈਪਟਨ ਨੇ ਕਿਸਾਨਾਂ ਨੂੰ ਲੰਘੇ ਮਹੀਨਿਆਂ ਵਾਂਗ ਆਪਣਾ ਵਿਰੋਧ ਪ੍ਰਦਰਸ਼ਨ ਸ਼ਾਂਤਮਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਖੇਤੀਬਾੜੀ ਭਾਈਚਾਰੇ ਸਣੇ ਪੰਜਾਬ ਦੇ ਹਿੱਤ ਵਿੱਚ ਹੈ। ਉਨ੍ਹਾਂ ਕਿਹਾ ਕਿ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਨਾਲ ਬੱਚਿਆਂ ਦੀ ਪੜ੍ਹਾਈ ਤੇ ਹੋਰ ਜ਼ਰੂਰੀ ਕੰਮਾਂ ਵਿੱਚ ਰੁਕਾਵਟ ਪੈ ਰਹੀ ਹੈ। ਕੈਪਟਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਚਲੀਆਂ ਵਿਰੋਧੀ ਪਾਰਟੀਆਂ ਅਤੇ ਭਾਜਪਾ ਦੀਆਂ ਭੜਕਾਊ ਕਾਰਵਾਈਆਂ ਵੱਲ ਧਿਆਨ ਨਾ ਦੇਣ ਕਿਉਂਕਿ ਉਨ੍ਹਾਂ ਦਾ ਇੱਕੋ-ਇੱਕ ਏਜੰਡਾ ਕੇਂਦਰ ਤੋਂ ਆਪਣੇ ਬਣਦੇ ਹੱਕ ਲੈਣ ਦੇ ਸੰਘਰਸ਼ ਵਿੱਚ ਅੜਿੱਕੇ ਪਾਉਣਾ ਹੈ।