ਪਾਣੀ ਦੀਆਂ ਬੁਛਾੜਾਂ ਅੱਗੇ ਨਾ ਟਿਕ ਸਕੇ ਅਕਾਲੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਇੱਥੇ ‘ਪੰਜਾਬ ਮੰਗਦਾ ਜਵਾਬ’ ਬੈਨਰ ਹੇਠ ਰੈਲੀ ਕਰਕੇ ਪ੍ਰਦਰਸ਼ਨ ਕੀਤਾ। ਰੈਲੀ ਮਗਰੋਂ ਜਦੋਂ ਅਕਾਲੀ ਆਗੂ ਘਿਰਾਓ ਲਈ ਵਿਧਾਨ ਸਭਾ ਵੱਲ ਵਧਣ ਲੱਗੇ ਤਾਂ ਚੰਡੀਗੜ੍ਹ ਪੁਲੀਸ ਨੇ ਖਦੇੜਨ ਲਈ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ। ਪਾਣੀ ਦੀਆਂ ਬੁਛਾੜਾਂ ਸਾਹਮਣੇ ਅਕਾਲੀ ਦਲ ਦੇ ਯੋਧੇ ਅੱਗੇ ਨਹੀਂ ਵਧ ਸਕੇ ਚੰਡੀਗੜ੍ਹ ਪੁਲੀਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਸਮੇਤ ਕਈ ਅਕਾਲੀ ਆਗੂਆਂ ਨੂੰ ਕੁਝ ਸਮੇਂ ਲਈ ਹਿਰਾਸਤ ਵਿੱਚ ਵੀ ਲਿਆ। ਜ਼ਿਕਰਯੋਗ ਹੈ ਕਿ ਲੰਘੇ ਵਰ੍ਹੇ ਛੱਬੀ ਨਵੰਬਰ ਨੂੰ ਇਸ ਤੋਂ ਵੀ ਜ਼ਬਰਦਸਤ ਬੁਛਾੜਾਂ ਅਤੇ ਸਖ਼ਤ ਰੋਕਾਂ ਨੂੰ ਤੋੜਦੇ ਹੋਏ ਸਿੱਖ ਨੌਜਵਾਨ ਨੇ ਕਿਸਾਨੀ ਅੰਦੋਲਨ ਨੂੰ ਦਿੱਲੀ ਦੀਆਂ ਬਰੂਹਾਂ ’ਤੇ ਪਹੁੰਚਾ ਦਿੱਤਾ ਸੀ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਤੋਂ ਪਹਿਲਾਂ ਇੱਥੋਂ ਦੇ ਸੈਕਟਰ-25 ਦੇ ਮੈਦਾਨ ਵਿੱਚ ਰੈਲੀ ਕੀਤੀ ਗਈ, ਜਿਸ ’ਚ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਖ਼ਿਲਾਫ਼ ਪੰਜਾਬ ’ਚ 12 ਮਾਰਚ ਤੋਂ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਸੁਖਬੀਰ ਨੇ ਰੈਲੀ ਵਿੱਚ ਵਾਅਦੇ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਭ ਫਲ ਸਬਜ਼ੀਆਂ ’ਤੇ ਐੱਮਐੱਸਪੀ ਦਿੱਤੀ ਜਾਵੇਗੀ ਤੇ ਖੇਤੀ ਕਾਨੂੰਨ ਲਾਗੂ ਨਹੀਂ ਕੀਤੇ ਜਾਣਗੇ। ਸ਼ਹਿਰੀ ਖਪਤਕਾਰਾਂ ਨੂੰ ਬਿਜਲੀ ਬਿੱਲ ਅੱਧੇ ਕੀਤੇ ਜਾਣਗੇ ਤੇ ਐੱਸਸੀ/ਬੀਸੀ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ।

ਬਾਦਲ ਨੇ ਕਿਹਾ ਕਿ ਘਰ-ਘਰ ਨੌਕਰੀ ਅਤੇ ਬੇਕਾਰੀ ਭੱਤੇ ਤੋਂ ਇਲਾਵਾ ਦਰਜਨਾਂ ਵਾਅਦੇ ਕੈਪਟਨ ਸਰਕਾਰ ਨੇ ਚਾਰ ਵਰ੍ਹਿਆਂ ਮਗਰੋਂ ਵੀ ਪੂਰੇ ਨਹੀਂ ਕੀਤੇ ਅਤੇ ਉਲਟਾ 5 ਲੱਖ ਪਰਿਵਾਰਾਂ ਦੀ ਬੁਢਾਪਾ ਪੈਨਸ਼ਨ ਰੱਦ ਕਰ  ਦਿੱਤੀ, ਆਟਾ ਦਾਲ ਸਕੀਮ ਦੇ 6 ਲੱਖ ਲਾਭਪਾਤਰੀਆਂ ਦੇ ਨੀਲੇ ਕਾਰਡ ਵੀ ਰੱਦ ਕਰ ਦਿੱਤੇ। ਸੁਖਬੀਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੈਟਰੋਲ ਤੇ ਡੀਜ਼ਲ ’ਤੇ ਆਪਣੇ ਹਿੱਸੇ ਦੇ ਟੈਕਸਾਂ ਵਿੱਚ ਕਮੀ ਕਰਨੀ ਚਾਹੀਦੀ ਹੈ। ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਵੱਲੋਂ ਕਰੀਬ ਤਿੰਨ ਲੱਖ ਕਿਸਾਨਾਂ ਖ਼ਿਲਾਫ਼ ਕੁਰਕੀ ਦੀ ਕਾਰਵਾਈ ਸ਼ੁਰੂ ਕੀਤੀ ਹੈ। ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਕਿਸਾਨਾਂ ਦੇ ਹਿੱਤਾਂ ਨਾਲ ਕੋਈ ਮੋਹ ਨਹੀਂ ਹੈ। ਇਸ ਮੌਕੇ ਰੈਲੀ ਨੂੰ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਜਥੇਦਾਰ ਤੋਤਾ ਸਿੰਘ, ਗੁਲਜ਼ਾਰ ਸਿੰਘ ਰਣੀਕੇ ਨੇ ਵੀ ਸੰਬੋਧਨ ਕੀਤਾ, ਜਦੋਂ ਕਿ ਸਟੇਜ ’ਤੇ ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਸ਼ਰਨਜੀਤ ਸਿੰਘ ਢਿੱਲੋਂ, ਵਿਧਾਇਕ ਰੋਜ਼ੀ ਬਰਕੰਦੀ, ਨਿਰਮਲ ਸਿੰਘ ਕਾਹਲੋਂ, ਵਿਰਸਾ ਸਿੰਘ ਵਲਟੋਹਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਡਾ. ਉਪਿੰਦਰਜੀਤ ਕੌਰ, ਅਕਾਲੀ ਵਿਧਾਇਕ ਐੱਨਕੇ ਸ਼ਰਮਾ, ਯੂਥ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ, ਰਵੀ ਕਰਨ ਸਿੰਘ ਕਾਹਲੋਂ ਅਤੇ ਡਾ. ਦਲਬੀਰ ਸਿੰਘ ਵੇਰਕਾ ਹਾਜ਼ਰ ਸਨ।

ਕੈਪਟਨ ਦੇ ਗਲੀਚੇ ਨੇ ਕੇਂਦਰ ਤੇ ਪੰਜਾਬ ਸਰਕਾਰ ਦੇ ‘ਫਿਕਸ ਮੈਚ’ ਉੱਤੇ ਮੋਹਰ ਲਾਈ: ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਰਾਜਪਾਲ ਪੰਜਾਬ ਦੀ ਆਮਦ ਮੌਕੇ ਵਿਛਾਏ ਗਲੀਚੇ ਨੇ ‘ਫਿਕਸ ਮੈਚ’ ਉੱਤੇ ਮੋਹਰ ਲਾ ਦਿੱਤੀ ਹੈ, ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਿਲ ਕੇ ਖੇਡਿਆ ਜਾ ਰਿਹਾ ਹੈ। ਵਿਧਾਨ ਸਭਾ ਸਕੱਤਰੇਤ ’ਚ ਮੀਡੀਆ ਨੂੰ ਸੰਬੋਧਨ ਕਰਦਿਆਂ ਮਜੀਠੀਆ ਨੇ ਕਿਹਾ ਕਿ ਰਾਜਪਾਲ ਪੰਜਾਬ ਨੇ ਖੇਤੀ ਸੋਧ ਬਿੱਲਾਂ ਨੂੰ ਰਾਸ਼ਟਰਪਤੀ ਕੋਲ ਨਾ ਭੇਜ ਕੇ ਪੰਜਾਬ ਦੇ ਕਿਸਾਨਾਂ ਦਾ ਅਪਮਾਨ ਕੀਤਾ ਹੈ ਅਤੇ ਸਦਨ ਦੀ ਤੌਹੀਨ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਭਾਵਨਾ ਨਾਲ ਧੋਖਾ ਕਰਨ ਵਾਲੇ ਰਾਜਪਾਲ ਦੀ ਆਮਦ ਮੌਕੇ ਗਲੀਚੇ ਵਿਛਾਏ ਹੋਏ ਸਨ, ਜਿਸ ਤੋਂ ਸਾਫ਼ ਹੁੰਦਾ ਹੈ ਕਿ ਪੰਜਾਬ ਕਾਂਗਰਸ ਤੇ ਭਾਜਪਾ ਰਲ ਕੇ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਮੁੱਖ ਮੰਤਰੀ ਦੀ ਇੱਕ ਤਰ੍ਹਾਂ ਨਾਲ ਪ੍ਰੀਖਿਆ ਸੀ, ਜਿਸ ’ਚ ਉਹ ਫੇਲ੍ਹ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਦੀ ਜਿੱਤ ਹੋਈ ਹੈ ਕਿਉਂਕਿ ਰਾਜਪਾਲ ਨੂੰ ਸਕੱਤਰੇਤ ’ਚੋਂ ਬਚ ਕੇ ਭੱਜਣਾ ਪਿਆ ਹੈ। ਅਕਾਲੀ ਦਲ ਦੇ ਵਿਧਾਨ ਸਭਾ ਵਿੱਚ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਸਦਨ ਵਿੱਚ ਮੁੱਖ ਮੰਤਰੀ ਨੂੰ ਰਾਜਪਾਲ ਦੇ ਭਾਸ਼ਣ ਦੇ ਵਿਰੋਧ ਮੌਕੇ ਅਕਾਲੀ ਵਿਧਾਇਕਾਂ ਨਾਲ ਖੜ੍ਹਨਾ ਚਾਹੀਦਾ ਸੀ।

Leave a Reply

Your email address will not be published. Required fields are marked *