ਪੰਜਾਬ ’ਚ 16 ਨਵੰਬਰ ਤੋਂ ਖੁੱਲ੍ਹਣਗੇ ਕਾਲਜ ਤੇ ’ਵਰਸਿਟੀਆਂ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਰਾਜ ਭਰ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ 16 ਨਵੰਬਰ ਤੋਂ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਪੰਜਾਬ ’ਚ ਕਰੀਬ ਅੱਠ ਮਹੀਨਿਆਂ ਦੇ ਵਕਫ਼ੇ ਮਗਰੋਂ ਉੱਚ ਵਿਦਿਅਕ ਅਦਾਰੇ ਖੁੱਲ੍ਹ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 13 ਮਾਰਚ ਨੂੰ ਕੋਵਿਡ ਦੇ ਮੱਦੇਨਜ਼ਰ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਮੁੱਢਲੇ ਪੜਾਅ ’ਤੇ 31 ਮਾਰਚ ਤੱਕ ਬੰਦ ਰੱਖਣ ਦਾ ਫ਼ੈਸਲਾ ਲਿਆ ਸੀ। ਕੋਵਿਡ ਮਹਾਮਾਰੀ ਸੰਕਟ ਡੂੰਘਾ ਹੋਣ ਕਰਕੇ ਮਿਆਦ ’ਚ ਸਮੇਂ-ਸਮੇਂ ’ਤੇ ਵਾਧਾ ਕੀਤਾ ਜਾਂਦਾ ਰਿਹਾ।
ਪੰਜਾਬ ਸਰਕਾਰ ਨੇ 16 ਨਵੰਬਰ ਤੋਂ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਪੈਂਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਮੁੜ ਖੋਲ੍ਹਣ ਲਈ ਹਰੀ ਝੰਡੀ ਦੇ ਦਿੱਤੀ ਹੈ ਜਦੋਂਕਿ ਸਕੂਲ ਪਹਿਲਾਂ ਹੀ ਖੋਲ੍ਹੇ ਜਾ ਚੁੱਕੇ ਹਨ। ਦੱਸਣਯੋਗ ਹੈ ਕਿ ਵਿਦਿਆਰਥੀ ਯੂਨੀਅਨਾਂ ਨੇ ਐਲਾਨ ਕੀਤੇ ਸਨ ਕਿ ਜੇਕਰ ਸਰਕਾਰ ਨੇ ਕਾਲਜ ਨਾ ਖੋਲ੍ਹੇ ਤਾਂ ਉਹ ਕਾਲਜਾਂ ਦੇ ਮੁੱਖ ਗੇਟਾਂ ਅੱਗੇ ਅਣਮਿਥੇ ਸਮੇਂ ਲਈ ਧਰਨੇ ਦੇਣਗੇ। ਅੱਜ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਤਕਨੀਕੀ ਸੰਸਥਾਵਾਂ ਸਮੇਤ ਸੂਬੇ ਦੇ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ 16 ਨਵੰਬਰ ਤੋਂ ਮੁੜ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ। ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਧੀਨ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਦੀਆਂ ਜਮਾਤਾਂ 9 ਨਵੰਬਰ ਤੋਂ ਸ਼ੁਰੂ ਹੋਣਗੀਆਂ। ਇਨ੍ਹਾਂ ਸਾਰੀਆਂ ਸੰਸਥਾਵਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਕੇਂਦਰ ਸਰਕਾਰ ਦੇ ਸਬੰਧਿਤ ਮੰਤਰਾਲੇ ਦੀ ਸਲਾਹ ਨਾਲ ਆਪਣੇ ਸਬੰਧਿਤ ਪ੍ਰਬੰਧਕੀ ਵਿਭਾਗਾਂ ਵਲੋਂ ਤਿਆਰ ਕੀਤੀਆਂ ਸੁਰੱਖਿਆ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ।
ਯੂਜੀਸੀ ਵਲੋਂ ਯੂਨੀਵਰਸਿਟੀਆਂ ਤੇ ਕਾਲਜ ਮੁੜ ਖੋਲ੍ਹਣ ਸਬੰਧੀ ਨਿਰਦੇਸ਼ ਜਾਰੀ
ਨਵੀਂ ਦਿੱਲੀ:ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਵਲੋਂ ਅੱਜ ਦੇਸ਼ ਭਰ ਵਿੱਚ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਮਾਰਚ ਤੋਂ ਬੰਦ ਪਏ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਮੁੜ ਖੋਲ੍ਹਣ ਸਬੰਧੀ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਨਿਰਦੇਸ਼ਾਂ ਅਨੁਸਾਰ ਕੇਂਦਰੀ ਯੂਨੀਵਰਸਿਟੀਆਂ ਅਤੇ ਹੋਰ ਕੇਂਦਰੀ ਸਹਾਇਤਾ ਪ੍ਰਾਪਤ ਊੱਚ ਸਿੱਖਿਆ ਸੰਸਥਾਵਾਂ ਨੂੰ ਮੁੜ ਖੋਲ੍ਹਣ ਦਾ ਫ਼ੈਸਲਾ ਊਪ-ਕੁਲਪਤੀਆਂ ਅਤੇ ਮੁਖੀਆਂ ’ਤੇ ਛੱਡ ਦਿੱਤਾ ਗਿਆ ਹੈ ਜਦਕਿ ਸੂਬਾਈ ਯੂਨੀਵਰਸਿਟੀਆਂ ਅਤੇ ਕਾਲਜਾਂ ਬਾਰੇ ਫ਼ੈਸਲਾ ਸਬੰਧਤ ਸੂਬਾ ਸਰਕਾਰਾਂ ਵਲੋਂ ਲਿਆ ਜਾਣਾ ਹੈ। ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਆਪਣੇ ਕੈਂਪਸ ਪੜਾਅਵਾਰ ਢੰਗ ਨਾਲ ਖੋਲ੍ਹਣ ਸਬੰਧੀ ਯੋਜਨਾ ਤਿਆਰ ਕਰਨ ਲਈ ਕਿਹਾ ਗਿਆ ਹੈ ਅਤੇ ਕੋਵਿਡ-19 ਨੇਮਾਂ ਦੀ ਪਾਲਣਾ ਯਕੀਨੀ ਬਣਾਊਣ ਦੇ ਨਿਰਦੇਸ਼ ਦਿੱਤੇ ਗਏ ਹਨ। ਕੇਵਲ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਪੈਂਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ।