ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਖ਼ਿਲਾਫ਼ ਚਲਾਨ ਪੇਸ਼

ਫ਼ਰੀਦਕੋਟ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਫ਼ਰੀਦਕੋਟ ਜ਼ਿਲ੍ਹੇ ਵਿੱਚ ਵਾਪਰੇ ਬਹਿਬਲ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਇਸ ਮਾਮਲੇ ’ਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਮੁਅੱਤਲੀ ਅਧੀਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਖ਼ਿਲਾਫ਼ ਦੋਸ਼ ਪੱਤਰ (ਚਲਾਨ) ਅਦਾਲਤ ’ਚ ਪੇਸ਼ ਕਰ ਦਿੱਤਾ ਹੈ। ਵਿਸ਼ੇਸ਼ ਜਾਂਚ ਟੀਮ ਨੇ ਅੱਜ ਇੱਥੇ ਇਲਾਕਾ ਮੈਜਿਸਟਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ। ਅਦਾਲਤ ਨੇ ਚਲਾਨ ਪੇਸ਼ ਹੋਣ ਤੋਂ ਬਾਅਦ ਇਸ ਮਾਮਲੇ ਵਿੱਚ ਸੁਮੇਧ ਸੈਣੀ ਅਤੇ ਪਰਮਰਾਜ ਸਿੰਘ ਉਮਰਾਨੰਗਲ ਨੂੰ ਨੋਟਿਸ ਜਾਰੀ ਕਰਕੇ 9 ਫਰਵਰੀ ਨੂੰ ਅਦਾਲਤ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਪਰਮਰਾਜ ਸਿੰਘ ਉਮਰਾਨੰਗਲ ਖ਼ਿਲਾਫ਼ ਬਹਿਬਲ ਗੋਲੀ ਕਾਂਡ ਦੀ ਸਾਜ਼ਿਸ਼ ਰਚਣ ਦੇ ਦੋਸ਼ ਲੱਗੇ ਹਨ। ਇਸ ਤੋਂ ਪਹਿਲਾਂ ਜਾਂਚ ਟੀਮ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ, ਐੱਸਪੀ ਬਿਕਰਮਜੀਤ ਸਿੰਘ, ਸਾਬਕਾ ਐੱਸਐੱਚਓ ਅਮਰਜੀਤ ਸਿੰਘ ਕੁਲਾਰਾ, ਇੰਸਪੈਕਟਰ ਪ੍ਰਦੀਪ ਸਿੰਘ, ਪੰਕਜ ਬਾਂਸਲ ਅਤੇ ਸੁਹੇਲ ਸਿੰਘ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕਰ ਚੁੱਕੀ ਹੈ।