ਬੰਧੂਆ ਮਜ਼ਦੂਰੀ ਦੇ ਨਾਂ ’ਤੇ ਪੰਜਾਬੀਆਂ ਨੂੰ ਬਦਨਾਮ ਕਰ ਰਿਹੈ ਕੇਂਦਰ: ਬੈਂਸ

ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸਾਜ਼ਿਸ਼ ਅਧੀਨ ਪੰਜਾਬ ਨੂੰ ਬੰਧੂਆ ਮਜ਼ਦੂਰੀ ਦੇ ਨਾਮ ’ਤੇ ਬਦਨਾਮ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਦੇ ਨੁਮਾਇੰਦੇ ਪਹਿਲਾਂ ਹੀ ਕਿਸਾਨਾਂ ਨੂੰ ਖਾਲਿਸਤਾਨੀ, ਅਤਿਵਾਦੀ, ਵੱਖਵਾਦੀ, ਮਾਓਵਾਦੀ ਆਦਿ ਦੱਸਦੇ ਆ ਰਹੇ ਹਨ ਤੇ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕਦੇ ਇੰਟਰਨੈੱਟ ਬੰਦ ਕਰ ਕੇ ਤੇ ਕਦੇ ਕਿੱਲ ਗੱਡ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਸ੍ਰੀ ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਇਨ੍ਹਾਂ ਹਰਕਤਾਂ ਨਾਲ ਕਿਸਾਨ ਅੰਦੋਲਨ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕ ਇਨਸਾਫ਼ ਪਾਰਟੀ ਸਦਾ ਗ਼ਰੀਬਾਂ-ਮਜ਼ਦੂਰਾਂ ਦੇ ਹੱਕ ਲਈ ਡਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਚਿੱਠੀ, ਜਿਸ ਵਿੱਚ ਕਿਸਾਨਾਂ ਨੂੰ ਸਿੱਧੀ ਅਦਾਇਗੀ ਬਾਰੇ ਕਿਹਾ ਗਿਆ ਹੈ, ਦਾ ਸਭ ਤੋਂ ਪਹਿਲਾਂ ਲੋਕ ਇਨਸਾਫ਼ ਪਾਰਟੀ ਨੇ ਹੀ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਸਿੱਧੀ ਅਦਾਇਗੀ ਦਾ ਫਾਰਮੂਲਾ ਕਿਸਾਨ ਵਿਰੋਧੀ ਖੇਤੀ ਕਾਨੂੰਨ ਲਾਗੂ ਕਰਨ ਸਬੰਧੀ ਪਹਿਲਾ ਕਦਮ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਮਾੜੀਆਂ ਹਰਕਤਾਂ ਤੋਂ ਬਾਜ਼ ਆਵੇ। ਵਿਧਾਇਕ ਬੈਂਸ ਨੇ ਪੰਜਾਬ ਦੇ ਭਾਜਪਾ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਆਤਮਾ ਦੀ ਆਵਾਜ਼ ਨੂੰ ਸੁਣ ਕੇ ਪੰਜਾਬੀ ਹੋਣ ਦਾ ਫ਼ਰਜ਼ ਨਿਭਾਉਣ ਅਤੇ ਸਮੂਹਿਕ ਤੌਰ ’ਤੇ ਕੇਂਦਰ ਸਰਕਾਰ ਨੂੰ ਅਲਟੀਮੇਟਮ ਦੇਣ ਕਿ ਜੇ ਉਸ ਨੇ ਕਿਸਾਨ ਵਿਰੋਧੀ ਕਾਨੂੰਨ ਰੱਦ ਨਾ ਕੀਤੇ ਤਾਂ ਉਹ ਸਾਰੇ ਅਸਤੀਫ਼ਾ ਦੇਣਗੇ।