ਲਾਪਤਾ ਪਾਵਨ ਸਰੂਪਾਂ ਦੀ ਜਾਂਚ ਜਥੇਦਾਰ ਨੇ ਸੇਵਾਮੁਕਤ ਜੱਜ ਨੂੰ ਸੌਂਪੀ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 267 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਹਾਈ ਕੋਰਟ ਦੀ ਸੇਵਾਮੁਕਤ ਜੱਜ ਨਵਿਤਾ ਸਿੰਘ ਨੂੰ ਸੌਂਪੀ ਹੈ। ਉਨ੍ਹਾਂ ਨੂੰ ਰਿਪੋਰਟ ਇੱਕ ਮਹੀਨੇ ਦੇ ਅੰਦਰ ਸ੍ਰੀ ਅਕਾਲ ਤਖ਼ਤ ਨੂੰ ਸੌਂਪਣ ਦੇ ਆਦੇਸ਼ ਦਿੱਤੇ ਗਏ ਹਨ।

ਇਹ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਪਬਲਿਕੇਸ਼ਨ ਵਿਭਾਗ ਦੇ ਰਿਕਾਰਡ ਵਿਚੋਂ ਘੱਟ ਪਾਏ ਗਏ ਹਨ। ਇਸ ਮਾਮਲੇ ਦੀ ਤਹਿਕੀਕਾਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਕਮੇਟੀ ਬਣਾਈ ਗਈ ਸੀ ਪਰ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਉਨ੍ਹਾਂ ਇਸ ਦੀ ਜਾਂਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਖੁਦ ਕਰਵਾਉਣ ਵਾਸਤੇ ਅਪੀਲ ਕੀਤੀ ਸੀ। ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਦੀ ਜਾਂਚ ਕਿਸੇ ਸੀਨੀਅਰ ਸਾਬਕਾ ਸਿੱਖ ਜੱਜ ਜਾਂ ਕਿਸੇ ਪ੍ਰਮੁੱਖ ਸ਼ਖਸੀਅਤ ਕੋਲੋਂ ਕਰਾਉਣ ਦੀ ਅਪੀਲ ਕੀਤੀ ਸੀ।

ਜਥੇਦਾਰ ਹਰਪ੍ਰੀਤ ਸਿੰਘ ਨੇ ਬੀਬੀ ਨਵਿਤਾ ਸਿੰਘ ਨੂੰ ਜਾਂਚ ਦੌਰਾਨ ਸਹਿਯੋਗ ਦੇਣ ਵਾਸਤੇ ਤਿਲੰਗਾਨਾ ਹਾਈ ਕੋਰਟ ਦੇ ਸਿੱਖ ਵਕੀਲ ਈਸ਼ਰ ਸਿੰਘ ਨੂੰ ਵੀ ਨਾਮਜ਼ਦ ਕੀਤਾ ਹੈ। ਉਨ੍ਹਾਂ ਆਖਿਆ ਕਿ ਜਾਂਚ ਟੀਮ ਨੂੰ ਲੋੜ ਮੁਤਾਬਕ ਸ੍ਰੀ ਅਕਾਲ ਤਖ਼ਤ ਵੱਲੋਂ ਅਕਾਊਂਟ ਦੇ ਮਾਹਿਰਾਂ ਸਮੇਤ ਸ਼੍ਰੋਮਣੀ ਕਮੇਟੀ ਦੇ ਸਾਬਕਾ ਤੇ ਮੌਜੂਦਾ ਅਧਿਕਾਰੀਆਂ ਅਤੇ ਹੋਰ ਵਿਦਵਾਨਾਂ ਦੀਆਂ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।

ਜਥੇਦਾਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚਲਦੀ ਗੋਲਡਨ ਆਫਸੈੱਟ ਪ੍ਰੈੱਸ ਦੇ ਰਿਕਾਰਡ ਵਿਚੋਂ 267 ਪਾਵਨ ਸਰੂਪ ਘਟਣ ਨਾਲ ਸਿੱਖ ਪੰਥ ਵਿਚ ਕਈ ਤਰ੍ਹਾਂ ਦੀਆਂ ਸ਼ੰਕਾਵਾਂ ਖੜ੍ਹੀਆਂ ਹੋ ਗਈਆਂ ਹਨ ਅਤੇ ਸਿੱਖ ਸੰਗਤ ਸੱਚਾਈ ਨੂੰ ਜਾਨਣਾ ਚਾਹੁੰਦੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਵੀ ਮਤਾ ਪਾਸ ਕਰ ਕੇ ਇਸ ਮਾਮਲੇ ਦੀ ਨਿਰਪੱਖ ਜਾਂਚ ਸ੍ਰੀ ਅਕਾਲ ਤਖ਼ਤ ਵੱਲੋਂ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਜਲਦੀ ਹੀ ਸਿੱਖ ਪੰਥ ਨੂੰ ‘ਸਾਂਝਾ ਡਿਜੀਟਲ ਮੰਚ’ ਮੁਹੱਈਆ ਕਰਵਾਇਆ ਜਾਵੇਗਾ, ਜਿਸ ਬਾਰੇ ਪੰਜ ਸਿੰਘ ਸਾਹਿਬਾਨ ਭਵਿੱਖ ਵਿਚ ਹੋਣ ਵਾਲੀ ਇਕੱਤਰਤਾ ਵਿਚ ਵਿਚਾਰ ਕਰਨ ਮਗਰੋਂ ਐਲਾਨ ਕਰਨਗੇ। ਉਨ੍ਹਾਂ ਆਖਿਆ ਕਿ ਸਿੱਖ ਪੰਥ ਵਿਚ ਵੰਡੀਆਂ ਪਾਉਣ ਵਾਲੇ ਗੁਰੂ ਦੋਖੀਆਂ ਤੋਂ ਸਾਵਧਾਨ ਅਤੇ ਸਮੁੱਚੇ ਪੰਥ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਵਿਚਾਰਧਾਰਾ ਦੀ ਰੋਸ਼ਨੀ ਵਿਚ ਇਕਜੁੱਟ ਕਰਨ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਵੱਲੋਂ ‘ਸਿੱਖ ਸਹਾਇਤਾ ਫੰਡ’ ਕਾਇਮ ਕਰਨ ਦਾ ਯਤਨ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਸਿੱਖ ਲੋੜਵੰਦ ਨੌਜਵਾਨਾਂ, ਵਿਧਵਾਵਾਂ, ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਦੱਬੇ ਕੁਚਲੇ ਲੋਕਾਂ ਦੀ ਸਹਾਇਤਾ ਲਈ ਸਿੱਖ ਬੁੱਧੀਜੀਵੀਆਂ, ਸਾਬਕਾ ਬੈਂਕਰਾਂ, ਵਕੀਲਾਂ, ਡਾਕਟਰਾਂ ਅਤੇ ਆਈਏਐੱਸ/ ਆਈਪੀਐੱਸ ਆਦਿ ਅਧਿਕਾਰੀਆਂ ਦੀ ਕਮੇਟੀ ਰਾਹੀਂ ਇਹ ਫੰਡ ਕਾਇਮ ਕੀਤਾ ਜਾਵੇਗਾ। ਉਨ੍ਹਾਂ ਸਿੱਖ ਨੌਜਵਾਨਾਂ ਨੂੰ ਉਸਾਰੂ ਸੋਚ ਦੇ ਧਾਰਨੀ ਬਣ ਕੇ ਆਰਥਿਕ, ਸਮਾਜਿਕ ਤੇ ਰਾਜਨੀਤਕ ਖੇਤਰ ਵਿਚ ਉੱਚ ਮੁਕਾਮ ਹਾਸਲ ਕਰਨ ਅਤੇ ਸਿੱਖ ਵਿਦਿਆਰਥੀਆਂ ਨੂੰ ਸਾਰਾ ਧਿਆਨ ਪੜ੍ਹਾਈ ਉੱਤੇ ਕੇਂਦਰਿਤ ਕਰਨ ਲਈ ਆਖਿਆ।

ਪੰਜ ਸਾਲ ਦਾ ਰਿਕਾਰਡ ਸੀਲ

ਲਾਪਤਾ ਹੋਏ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਵੱਲੋਂ ਪਬਲਿਕੇਸ਼ਨ ਵਿਭਾਗ ਦਾ ਪਿਛਲੇ ਪੰਜ ਸਾਲਾਂ ਦਾ ਸਾਰਾ ਰਿਕਾਰਡ ਸੀਲ ਕਰ ਦਿੱਤਾ ਗਿਆ ਹੈ। ਇਹ ਮਾਮਲਾ ਬੀਤੇ ਦਿਨ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਉਭਾਰਿਆ ਸੀ। ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਪਬਲਿਕੇਸ਼ਨ ਵਿਭਾਗ ਦਾ ਇਕ ਸਹਾਇਕ ਸੁਪਰਵਾਈਜ਼ਰ ਸੇਵਾਮੁਕਤ ਹੋਇਆ ਅਤੇ ਉਸ ਨੇ ਨਵੇਂ ਅਧਿਕਾਰੀ ਨੂੰ ਕਾਰਜਭਾਰ ਸੌਂਪਿਆ ਤਾਂ ਉਸ ਵੇਲੇ ਰਿਕਾਰਡ ਵਿਚੋਂ ਇਹ ਪਾਵਨ ਸਰੂਪ ਘੱਟ ਨਿਕਲੇ।

Leave a Reply

Your email address will not be published. Required fields are marked *