ਲੰਗਾਹ ਨੂੰ ਅੰਮ੍ਰਿਤ ਛਕਾਉਣਾ ਸੁਖਬੀਰ ਤੇ ਮਜੀਠੀਆ ਦੀ ਸਾਜ਼ਿਸ਼: ਸੇਖਵਾਂ

ਬਟਾਲਾ : ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਸੀਨੀਅਰ ਆਗੂ ਸੇਵਾ ਸਿੰਘ ਸੇਖਵਾਂ ਨੇ ਪਾਰਟੀ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੀ ਹਾਜ਼ਰੀ ਵਿੱਚ ਸੰਗਤ ਨੂੰ ਸਿੱਖ ਮਰਿਆਦਾ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਕਿਵੇਂ ਅਕਾਲੀ ਫੂਲਾ ਸਿੰਘ ਸਣੇ ਹੋਰ ਆਗੂ ਇਸ ਦੀ ਪਾਲਣਾ ਕਰਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਗੜ੍ਹੀ ਗੁਰਦਾਸ ਨੰਗਲ ਉਹ ਸਥਾਨ ਹੈ ਜਿੱਥੇ 1716 ਵਿੱਚ ਮੁਗਲ ਹਕੂਮਤ ਨੇ 740 ਸਿੰਘਾਂ ਨੂੰ ਸ਼ਹੀਦ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਮੁਸਲਮਾਨ ਬਣਨ ਦਾ ਲਾਲਚ ਦੇ ਕੇ ਜਾਨ ਬਖ਼ਸ਼ਣ ਦੀ ਗੱਲ ਆਖੀ ਸੀ, ਪਰ ਉਹ ਸਿੱਖ ਮਰਿਆਦਾ ਦੀ ਪਾਲਣਾ ਕਰਦੇ ਹੋਏ ਆਪਣੀ ਜਾਨ ਵਾਰ ਗਏ ਸਨ। ਉਨ੍ਹਾਂ ਕਿਹਾ ਕਿ ਲੰਘੇ ਦਿਨੀਂ ਇਸੇ ਗੁਰਦੁਆਰੇ ਵਿੱਚ ਪੰਥ ’ਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਦੇ ਅੰਮ੍ਰਿਤ ਛਕਾਉਣ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਧਰਮ ਪ੍ਰਚਾਰ ਕਮੇਟੀ ਮੈਂਬਰ ਦੇ ਹਾਜ਼ਰ ਹੋਣ ਦੀਆਂ ਤਸਵੀਰਾਂ ਵਾਇਰਲ ਹੋਣ ’ਤੇ ਪੰਥਕ ਮਰਿਆਦਾ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਲੰਗਾਹ ਨੂੰ ਅੰਮ੍ਰਿਤ ਛਕਾਉਣ ਲਈ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਸਾਜ਼ਿਸ਼ ਰਚੀ ਹੈ।

Leave a Reply

Your email address will not be published. Required fields are marked *