ਵਪਾਰਕ ਅਦਾਰਿਆਂ ਤੇ ਟੌਲ ਪਲਾਜ਼ਿਆਂ ਅੱਗੇ ਸੰਘਰਸ਼ ਜਾਰੀ

ਚੰਡੀਗੜ੍ਹ: ਖੇਤੀ ਕਾਨੂੰਨਾਂ ਦੀ ਵਾਪਸੀ ਲਈ ਪਿਛਲੇ ਪੰਜ ਮਹੀਨਿਆਂ ਤੋਂ ਸੰਘਰਸ਼ ਕਰ ਰਹੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੂਬੇ ਵਿੱਚ ਟੌਲ ਪਲਾਜ਼ਿਆਂ, ਕਾਰਪੋਰੇਟ ਘਰਾਣਿਆਂ ਅਤੇ ਭਾਜਪਾ ਦਫ਼ਤਰਾਂ ਸਣੇ 125 ਤੋਂ ਵੱਧ ਥਾਵਾਂ ’ਤੇ ਧਰਨੇ ਜਾਰੀ ਹਨ। ਇਨ੍ਹਾਂ ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਲਈ ਕੌਮੀ ਰਾਜਧਾਨੀ ਵਿੱਚ ਲੜਾਈ ਲੜ ਰਿਹਾ ਹੈ। ਇਸ ਦੌਰਾਨ 250 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਕੇਂਦਰ ਸਰਕਾਰ ਆਪਣਾ ਅੜੀਅਲ ਵਤੀਰਾ ਛੱਡਣ ਲਈ ਤਿਆਰ ਨਹੀਂ। ਕਿਸਾਨ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਨੇ ਅੱਜ ਮੀਟਿੰਗ ਦੌਰਾਨ ਕਿਸਾਨ ਅੰਦੋਲਨ ਦੀ ਅਗਲੀ ਰੂਪ ਰੇਖਾ ਤਿਆਰ ਕਰ ਲਈ ਹੈ, ਜਿਸ ਤਹਿਤ 6 ਮਾਰਚ ਨੂੰ ਦਿੱਲੀ ਕੇਐੱਮਪੀ ਐਕਸਪ੍ਰੈਸ ਵੇਅ ’ਤੇ 5 ਘੰਟੇ ਦੀ ਨਾਕਾਬੰਦੀ ਕਰਨ ਲਈ ਪੰਜਾਬ ਤੋਂ ਕਿਸਾਨ ਦਿੱਲੀ ਵੱਲ ਕੂਚ ਕਰਨਗੇ। ਇਸ ਦੇ ਨਾਲ ਹੀ 8 ਮਾਰਚ ਨੂੰ ਮਹਿਲਾ ਕਿਸਾਨ ਦਿਵਸ ਮੌਕੇ ਕਿਸਾਨ ਸੰਘਰਸ਼ਾਂ ਵਿੱਚ ਔਰਤਾਂ ਦੇ ਵੱਡੇ ਇਕੱਠ ਵਿਖਾਈ ਦੇਣਗੇ। ਇਸ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਦਿਨ ਕਿਸਾਨੀ ਸੰਘਰਸ਼ ਦੀ ਅਗਵਾਈ ਔਰਤਾਂ ਹੀ ਕਰਨਗੀਆਂ।

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ’ਤੇ ਲਿਆਂਦੇ ਗਏ ਤਿੰਨੇ ਕਾਨੂੰਨ ਖੇਤੀਬਾੜੀ ਨੂੰ ਤਬਾਹ ਕਰ ਦੇਣਗੇ। ਉਨ੍ਹਾਂ ਨੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਅਤੇ ਐੱਮਐੱਸਪੀ ’ਤੇ ਸਾਰੀਆਂ ਫ਼ਸਲਾਂ ਦੀ ਖਰੀਦ ਦੀ ਗਰੰਟੀ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਦੀ ਥਾਂ ਸੰਘਰਸ਼ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਦੇਸ਼ ਦਾ ਕਿਸਾਨ ਤਿੰਨੇ ਖੇਤੀ ਕਾਨੂੰਨ ਰੱਦ ਕਰਵਾਏ ਬਿਨਾਂ ਮੁੜਨ ਵਾਲਾ ਨਹੀਂ।

ਹਰਿਆਣਾ ਵਿੱਚ ਕਿਸਾਨੀ ਸੰਘਰਸ਼ ਹੋਰ ਮਘਿਆ

ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਹਰਿਆਣਾ ਵਿੱਚ ਵੀ ਕਿਸਾਨੀ ਸੰਘਰਸ਼ ਦਾ ਉਤਸ਼ਾਹ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਅੱਜ ਸੂਬੇ ਵਿੱਚ ਟੌਲ ਪਲਾਜ਼ਿਆਂ, ਕਾਰਪੋਰੇਟ ਘਰਾਣਿਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਧਰਨੇ ਜਾਰੀ ਰਹੇ। ਇਨ੍ਹਾਂ ਧਰਨਿਆਂ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਬੱਚੇ ਕਿਸਾਨ ਸੰਘਰਸ਼ ਵਿੱਚ ਸ਼ਾਮਲ ਹੋਏ, ਜਿਨ੍ਹਾਂ ਨੇ ਕੇਂਦਰ ਸਰਕਾਰ ਤੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਕੇ ਐੱਮਐੱਸਪੀ ’ਤੇ ਫ਼ਸਲਾਂ ਦੀ ਖਰੀਦ ਦੀ ਗਾਰੰਟੀ ਵਾਲਾ ਕਾਨੂੰਨ ਲਿਆਉਣ ਦੀ ਮੰਗ ਕੀਤੀ।

ਸਰਕਾਰ ਵੱਲੋਂ ਕਿਸਾਨ ਦੇ ਵਾਰਸਾਂ ਨੂੰ ਪੰਜ ਲੱਖ ਦਾ ਚੈੱਕ ਭੇਟ

ਭਵਾਨੀਗੜ੍ਹ :ਕਿਸਾਨ ਸੰਘਰਸ਼ ਦੌਰਾਨ ਫ਼ੌਤ ਹੋਏ ਪਿੰਡ ਕਪਿਆਲ ਦੇ ਕਿਸਾਨ ਕਰਮਜੀਤ ਸਿੰਘ ਨਮਿਤ ਪਾਠ ਦੇ ਭੋਗ ਮੌਕੇ ਅੱਜ ਪੰਜਾਬ ਸਰਕਾਰ ਵੱਲੋਂ ਭਵਾਨੀਗੜ੍ਹ ਦੇ ਐੱਸਡੀਐੱਮ ਡਾ. ਕਰਮਜੀਤ ਸਿੰਘ ਅਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਪੁੱਤਰ ਮੋਹਲ ਸਿੰਗਲਾ ਨੇ ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਦਾ ਚੈੱਕ ਸੌਂਪਿਆ। ਉਨ੍ਹਾਂ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਦੇਣ ਤੇ ਕਰਜ਼ਾ ਮੁਆਫ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਕਾਂਗਰਸ ਦੇ ਸੀਨੀਅਰ ਆਗੂ ਰਣਜੀਤ ਸਿੰਘ ਤੂਰ, ਜਗਤਾਰ ਨਮਾਦਾ ਤੇ ਸੁਖਵੀਰ ਸਿੰਘ ਸੁੱਖੀ ਕਪਿਆਲ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਵਧ ਰਹੇ ਘੇਰੇ ਕਾਰਨ ਕੇਂਦਰ ਨੂੰ ਖੇਤੀ ਕਾਨੂੰਨ ਵਾਪਸ ਲੈਣੇ ਪੈਣਗੇ।

Leave a Reply

Your email address will not be published. Required fields are marked *