ਸੈਣੀ ਖ਼ਿਲਾਫ਼ ਕੇਸ ਦੂਜੀ ਅਦਾਲਤ ’ਚ ਤਬਦੀਲ

ਐੱਸ.ਏ.ਐੱਸ. ਨਗਰ (ਮੁਹਾਲੀ) : ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਪੁੱਤਰ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਆਰ.ਐੱਸ. ਰਾਏ ਨੇ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਕੇਸ ਦੂਜੀ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ। ਇਸ ਦੌਰਾਨ ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਅਤੇ ਸਰਕਾਰੀ ਵਕੀਲ ਸੰਜੀਵ ਬੱਤਰਾ ਅਤੇ ਬਚਾਅ ਪੱਖ ਦੇ ਵਕੀਲ ਐੱਚਐੱਸ ਧਨੋਆ ਵਿਚਾਲੇ ਕੇਸ ਤਬਦੀਲੀ ਦੇ ਮਾਮਲੇ ’ਤੇ ਭਖਵੀਂ ਬਹਿਸ ਹੋਈ। ਸੁਣਵਾਈ ਮੌਕੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਵੀ ਅਦਾਲਤ ਵਿੱਚ ਹਾਜ਼ਰ ਸਨ। ਸਰਕਾਰੀ ਵਕੀਲਾਂ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਨਿਆਂਪ੍ਰਣਾਲੀ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਉਨ੍ਹਾਂ ਲਿਖਤੀ ਰੂਪ ਵਿੱਚ ਸਮੁੱਚੇ ਘਟਨਾਕ੍ਰਮ, ਸੀਬੀਆਈ ਦੀ ਜਾਂਚ ਅਤੇ ਮੌਜੂਦਾ ਕਾਰਵਾਈ ਬਾਰੇ ਤੱਥ ਪੇਸ਼ ਕੀਤੇ। ਉਨ੍ਹਾਂ ਸੈਣੀ ਖ਼ਿਲਾਫ਼ ਕੇਸ ਹੋਰ ਅਦਾਲਤ ਵਿੱਚ ਤਬਦੀਲ ਕਰਨ ਦੇ ਕਾਰਨਾਂ ਦਾ ਵੇਰਵਾ ਦਿੰਦਿਆਂ ਅਦਾਲਤ ਨੂੰ ਦੱਸਿਆ ਕਿ ਇਸ ਕੇਸ ਦੇ ਚਸ਼ਮਦੀਦ ਗਵਾਹ ਗੁਰਸ਼ਰਨ ਕੌਰ ਮਾਨ (ਹਾਈ ਕੋਰਟ ਦੀ ਸੀਨੀਅਰ) ਨੇ ਅਦਾਲਤ ਵਿੱਚ ਪੇਸ਼ ਹੋ ਕੇ ਦਰਜ ਕਰਵਾਏ ਆਪਣੇ ਬਿਆਨਾਂ ਵਿਚ ਪੂਰੇ ਘਟਨਾਕ੍ਰਮ ਦਾ ਖੁਲਾਸਾ ਕੀਤਾ ਸੀ ਪ੍ਰੰਤੂ ਉਨ੍ਹਾਂ ਦੇ ਬਿਆਨਾਂ ਨੂੰ ਬਹੁਤੀ ਤਵੱਜੋ ਨਹੀਂ ਦਿੱਤੀ ਗਈ। ਹੇਠਲੀ ਅਦਾਲਤ ਨੇ ਇਨ੍ਹਾਂ ਤੱਥਾਂ ਨੂੰ ਵੀ ਅਣਦੇਖਿਆ ਕੀਤਾ ਹੈ ਕਿ ਇਹ ਕੇਸ ਸਾਬਕਾ ਡੀਜੀਪੀ ਖ਼ਿਲਾਫ਼ ਹੈ, ਜੋ ਲੰਮੇ ਸਮੇਂ ਤੋਂ ਪੁਲੀਸ ਵਿੱਚ ਤਾਇਨਾਤ ਰਹੇ ਹਨ। ਇਸ ਕਾਰਨ ਜਿੱਥੇ ਸਹੀ ਤਰੀਕੇ ਨਾਲ ਜਾਂਚ ਨਹੀਂ ਹੋ ਸਕੀ, ਉੱਥੇ ਚਸ਼ਮਦੀਦ ਗਵਾਹ ਵੀ ਅੱਗੇ ਆਉਣ ਤੋਂ ਡਰਦੇ ਰਹੇ ਹਨ।

ਜ਼ਿਲ੍ਹਾ ਤੇ ਸੈਸ਼ਨ ਜੱਜ ਆਰ.ਐੱਸ. ਰਾਏ ਨੇ ਦਲੀਲਾਂ ਨਾਲ ਸਹਿਮਤ ਹੁੰਦਿਆਂ ਸਾਬਕਾ ਡੀਜੀਪੀ ਸੈਣੀ ਖ਼ਿਲਾਫ਼ ਕੇਸ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਇਹ ਕੇਸ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਵਿੱਚ ਚੱਲ ਰਿਹਾ ਸੀ। ਹੁਣ ਨਵੀਂ ਅਦਾਲਤ ਵਿੱਚ ਸੋਮਵਾਰ ਨੂੰ ਸੈਣੀ ਖ਼ਿਲਾਫ਼ ਕੇਸ ਦੀ ਅਗਲੀ ਸੁਣਵਾਈ ਹੋਵੇਗੀ।

Leave a Reply

Your email address will not be published. Required fields are marked *