ਅਦਾਲਤ ਵੱਲੋਂ ਵਿਧਾਇਕ ਬੈਂਸ ਦੇ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦੇ ਹੁਕਮ

ਲੁਧਿਆਣਾ: ਲੁਧਿਆਣਾ ਦੇ ਵਧੀਕ ਮੁੱਖ ਜੁਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ ਮਹਾਮਾਰੀ ਕੋਵਿਡ ਦੌਰਾਨ ਜ਼ਿਲਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਉਲੰਘਣਾ ਕਰ ਕੇ ਰੋਸ ਪ੍ਰਦਰਸ਼ਨ ਕਰਨ ਦੇ ਦੋਸ਼ ’ਚ ਲੁਧਿਆਣਾ ਦੇ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ ਹੈ।
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਹੋਰਨਾਂ ਵਿਰੁੱਧ ਪਿਛਲੇ ਸਾਲ ਕੋਵਿਡ ਮਹਾਮਾਰੀ ਦੌਰਾਨ ਪੁਲਸ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਦੇ ਦੋਸ਼ ਵਿਚ ਪਰਚਾ ਦਰਜ ਕੀਤਾ ਗਿਆ ਸੀ। ਡਵੀਜ਼ਨ ਨੰ. 5 ਵੱਲੋਂ ਦਰਜ ਕੀਤੇ ਗਏ ਕੇਸ ਮੁਤਾਬਕ 11 ਅਗਸਤ 2020 ਨੂੰ ਲੋਕ ਇਨਸਾਫ ਪਾਰਟੀ ਦੇ ਵਰਕਰ ਅਤੇ ਮੁਲਜ਼ਮ ਵਿਧਾਇਕ ਪੁਲਸ ਕਮਿਸ਼ਨਰ ਦੇ ਦਫਤਰ ਦੇ ਬਾਹਰ ਕੋਵਿਡ ਮਹਾਮਾਰੀ ਦੌਰਾਨ ਜ਼ਿਲਾ ਪ੍ਰਸ਼ਾਸਨ ਵੱਲੋਂ ਲਗਾਈਆਂ ਪਾਬੰਦੀਆਂ ਦੀ ਉਲੰਘਣਾ ਕਰ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਸਨ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਨਾ ਤਾਂ ਮੂੰਹ ’ਤੇ ਮਾਸਕ ਲਗਾਇਆ ਗਿਆ ਸੀ ਅਤੇ ਨਾ ਹੀ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਕੀਤੀ ਸੀ।
ਪੁਲਸ ਵੱਲੋਂ ਮੁਲਜ਼ਮਾਂ ਵਿਰੁੱਧ ਅਦਾਲਤ ’ਚ ਚਲਾਨ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਵੱਲੋਂ ਮੁਲਜ਼ਮਾਂ ਨੂੰ ਸੰਮਨ ਭੇਜ ਕੇ ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਇਸ ਦੇ ਬਾਵਜੂਦ ਮੁਲਜ਼ਮ ਅਦਾਲਤ ਵਿਚ ਪੇਸ਼ ਨਹੀਂ ਹੋਏ, ਜਿਸ ਤੋਂ ਬਾਅਦ ਅੱਜ ਅਦਾਲਤ ਨੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਦੇ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਜਾਣ ਦੇ ਹੁਕਮ ਦਿੱਤੇ ਹਨ ਅਤੇ ਉਨ੍ਹਾਂ ਨੂੰ 5 ਅਕਤੂਬਰ ਤੱਕ ਅਦਾਲਤ ’ਚ ਪੇਸ਼ ਕਰਨ ਲਈ ਕਿਹਾ ਹੈ।