ਮੁਲਜ਼ਮ ਨੂੰ ਦੋਸ਼ੀ ਠਹਿਰਾਉਣ ਲਈ ਸਿਰਫ ਬੱਚੇ ਦੀ ਗਵਾਹੀ ਹੀ ਕਾਫੀ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਚਾਰ ਸਾਲਾ ਬੱਚੀ ਨਾਲ ਜਬਰ-ਜਨਾਹ ਦੇ ਇਕ ਮਾਮਲੇ ‘ਚ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਇਸ ਮਾਮਲੇ ‘ਚ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਵਿਰੁੱਧ ਅਪੀਲ ਖਾਰਜ ਕਰ ਦਿੱਤੀ ਹੈ। ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਕਿ ਬੱਚੀ ਦੀ ਗਵਾਹੀ ਵੀ ਉਸ ਨੂੰ ਦੋਸ਼ੀ ਠਹਿਰਾਉਣ ਲਈ ਕਾਫੀ ਹੈ।

ਚਾਰ ਸਾਲਾ ਬੱਚੀ ਨਾਲ ਜਬਰ ਜਨਾਹ ਦੇ ਇਕ ਮਾਮਲੇ ‘ਚ ਫਰੀਦਾਬਾਦ ਦੀ ਸੈਸ਼ਨ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਦੋਸ਼ੀ ਸੰਜੇ ਨੇ ਇਸ ਮਾਮਲੇ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਦੋਸ਼ ਹਨ ਕਿ 4 ਸਾਲ ਦੀ ਬੱਚੀ ਸੰਜੇ ਦੀ ਦੁਕਾਨ ‘ਤੇ ਦਹੀ ਲੈਣ ਆਈ ਸੀ। ਇਸ ਤੋਂ ਬਾਅਦ ਪਟੀਸ਼ਨਰ ਨੇ ਉਸ ਨਾਲ ਜਬਰ ਜਨਾਹ ਕੀਤਾ, ਜਿਸ ਬਾਰੇ ਲੜਕੀ ਨੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ।

ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ‘ਤੇ ਪੁਲਿਸ ਨੇ ਕੇਸ ਦਰਜ ਕਰਕੇ ਸੰਜੇ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਜਦੋਂ ਮੁਕੱਦਮਾ ਚੱਲਿਆ ਤਾਂ ਲੜਕੀ ਦੇ ਪਰਿਵਾਰ ਨੇ ਸੰਜੇ ਨੂੰ ਪਛਾਣਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਲੜਕੀ ਤੋਂ ਪੁੱਛਗਿੱਛ ਕੀਤੀ ਗਈ, ਜਿਸ ‘ਚ ਉਸ ਨੇ ਦੱਸਿਆ ਕਿ ਸੰਜੇ ਨੇ ਉਸ ਨਾਲ ਗਲਤ ਹਰਕਤਾਂ ਕੀਤੀਆਂ ਹਨ।

ਇਸ ਬਿਆਨ ਦੇ ਆਧਾਰ ‘ਤੇ ਹੇਠਲੀ ਅਦਾਲਤ ਨੇ ਸੰਜੇ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਇਸ ਸਜ਼ਾ ਦੇ ਖਿਲਾਫ ਸੰਜੇ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਬੱਚੀ ਦੀ ਗਵਾਹੀ ਤੋਂ ਇਲਾਵਾ ਉਸ ਦੇ ਖਿਲਾਫ ਕੋਈ ਸਬੂਤ ਜਾਂ ਗਵਾਹ ਨਹੀਂ ਹੈ।

ਹਰਿਆਣਾ ਸਰਕਾਰ ਨੇ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਮੈਡੀਕਲ ਜਾਂਚ ਤੋਂ ਪਤਾ ਲੱਗਾ ਹੈ ਕਿ ਬੱਚੀ ਨਾਲ ਜਬਰ ਜਨਾਹ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਸ ਲਈ ਪਟੀਸ਼ਨਰ ਨੂੰ ਕੋਈ ਰਾਹਤ ਨਾ ਦਿੱਤੀ ਜਾਵੇ।

ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਦਿਆਂ ਕਿਹਾ ਕਿ ਜੇਕਰ ਬੱਚੀ ਸਵਾਲਾਂ ਨੂੰ ਸਮਝ ਕੇ ਸਹੀ ਜਵਾਬ ਦੇ ਰਹੀ ਹੈ ਤਾਂ ਉਸ ਦਾ ਇਕੱਲਾ ਬਿਆਨ ਹੀ ਮੁਲਜ਼ਮ ਨੂੰ ਦੋਸ਼ੀ ਠਹਿਰਾਉਣ ਲਈ ਕਾਫੀ ਹੈ। ਹਾਈ ਕੋਰਟ ਨੇ ਉਸ ਦੀ ਅਪੀਲ ਨੂੰ ਖਾਰਜ ਕਰਦੇ ਹੋਏ ਦੋਸ਼ੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ।

Leave a Reply

Your email address will not be published. Required fields are marked *