ਬੇਅਦਬੀ ਕਾਂਡ: ਸੀਬੀਆਈ ਨੇ ‘ਸਿਟ’ ਦੀ ਕਾਰਵਾਈ ’ਤੇ ਚੁੱਕੇ ਸਵਾਲ

ਐਸ.ਏ.ਐਸ. ਨਗਰ (ਮੁਹਾਲੀ) : ਪਿੰਡ ਬਰਗਾੜੀ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲਿਆਂ (ਕਲੋਜ਼ਰ ਰਿਪੋਰਟ ਅਤੇ ਨਵੇਂ ਸਿਰਿਓਂ ਜਾਂਚ) ਸਬੰਧੀ ਕੇਸ ਦੀ ਸੁਣਵਾਈ ਅੱਜ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐੱਸ ਸੇਖੋਂ ਦੀ ਅਦਾਲਤ ਵਿਚ ਹੋਈ। ਇਸ ਦੌਰਾਨ ਸੀਬੀਆਈ, ਪੰਜਾਬ ਸਰਕਾਰ ਅਤੇ ਸ਼ਿਕਾਇਤ ਕਰਤਾਵਾਂ ਅਤੇ ਡੇਰਾ ਸਿਰਸਾ ਦੇ ਵਕੀਲਾਂ ਵਿਚ ਬਹਿਸ ਹੋਈ।
ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਰੇਨ ਰਾਵਲ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਬਹਿਸ ਕੀਤੀ। ਇਸ ਤੋਂ ਪਹਿਲਾਂ ਸੀਬੀਆਈ ਦੇ ਵਕੀਲਾਂ ਅਤੇ ਜਾਂਚ ਅਧਿਕਾਰੀ ਨੇ ਸੂਬਾ ਸਰਕਾਰ ਅਤੇ ਪੰਜਾਬ ਪੁਲੀਸ ਦੀ ‘ਸਿਟ’ ਦੀ ਕਾਰਵਾਈ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਉਹ (ਸੀਬੀਆਈ) ਜਾਂਚ ਕਰ ਰਹੇ ਹਨ ਤਾਂ ਪੰਜਾਬ ਪੁਲੀਸ ਨੂੰ ਜਾਂਚ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ‘ਸਿਟ’ ਨੇ ਮੁਲਜ਼ਮਾਂ ਖ਼ਿਲਾਫ਼ ਵੱਖਰਾ ਚਲਾਨ ਪੇਸ਼ ਕਰ ਕੇ ਕਾਨੂੰਨ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਦੇ ਹੁਕਮਾਂ ਅਨੁਸਾਰ ਸੀਬੀਆਈ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਹੈ ਅਤੇ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਜਾਂਚ ਕਰਨ ਤੋਂ ਨਹੀਂ ਰੋਕਿਆ ਹੈ। ਲਿਹਾਜ਼ਾ ਪੰਜਾਬ ਪੁਲੀਸ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਈ ਜਾਵੇ। ਉਧਰ, ਸ਼ਿਕਾਇਤ ਕਰਤਾਵਾਂ ਦੇ ਵਕੀਲ ਗਗਨ ਪਰਦੀਪ ਸਿੰਘ ਬੱਲ ਨੇ ਮੰਗ ਕੀਤੀ ਕਿ ਮਾਮਲੇ ਦੀ ਲਗਾਤਾਰ ਸੁਣਵਾਈ ਕੀਤੀ ਜਾਵੇ। ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ 9 ਸਤੰਬਰ ’ਤੇ ਪਾ ਦਿੱਤੀ। ਸੀਬੀਆਈ ਦੇ ਵਕੀਲਾਂ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜੇ ਸੀਬੀਆਈ ਤੋਂ ਜਾਂਚ ਵਾਪਸ ਲੈਣੀ ਸੀ ਤਾਂ ਏਜੰਸੀ ਨੂੰ ਚਿੱਠੀ ਕਿਊਂ ਲਿਖੀ ਗਈ ਸੀ? ਸੀਬੀਆਈ ਦੀਆਂ ਇਨ੍ਹਾਂ ਦਲੀਲਾਂ ਬਾਰੇ ਅਦਾਲਤ ਨੇ ਸਰਕਾਰ ਤੋਂ ਜਵਾਬ ਮੰਗਿਆ ਹੈ।