ਕਿਸਾਨਾਂ ਨੇ ਮੁਹੰਮਦ ਸਦੀਕ ਘੇਰਿਆ

ਧੂਰੀ : ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਵਿੱਢੇ ਸੰਘਰਸ਼ ਦੌਰਾਨ ਅੱਜ ਕਾਂਗਰਸ ਦੇ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ। ਮੁਹੰਮਦ ਸਦੀਕ ਅੱਜ ਦੁਪਹਿਰ ਕਰੀਬ 12.30 ਵਜੇ ਇਕ ਭੋਗ ਸਮਾਗਮ ’ਚ ਸ਼ਾਮਲ ਹੋਣ ਲਈ ਸੰਗਰੂਰ ਜਾ ਰਹੇ ਸੀ। ਇਸੇ ਦੌਰਾਨ ਪਿੰਡ ਬੇਨੜਾ ਨੇੜੇ ਪ੍ਰਦਰਸ਼ਨ ਕਰ ਰਹੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਨੇ ਉਨ੍ਹਾਂ ਦੀ ਗੱਡੀ ਘੇਰ ਲਈ। ਕਿਸਾਨਾਂ ਨੇ ਮੁਹੰਮਦ ਸਦੀਕ ਤੋਂ ਸਵਾਲ ਪੁੱਛਦਿਆਂ ਰੋਸ ਜਾਹਿਰ ਕੀਤਾ ਕਿ ਕਾਂਗਰਸੀ ਸੰਸਦ ਮੈਂਬਰਾਂ ਤੇ ਵਿਧਾਇਕਾਂ ਵੱਲੋਂ ਕਿਸਾਨੀ ਧਰਨਿਆਂ ਦੌਰਾਨ ਸ਼ਹਾਦਤ ਹਾਸਲ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਨਹੀਂ ਪ੍ਰਗਟਾਈ ਜਾ ਰਹੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁਹੰਮਦ ਸਦੀਕ ਨੇ ਕਿਸਾਨੀ ਸੰਘਰਸ਼ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਕਿ ਉਹ ਕਾਂਗਰਸ ਦੇ ਸੰਸਦ ਮੈਂਬਰ ਹਨ, ਵਿਧਾਇਕ ਨਹੀਂ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਪੰਜਾਬ ਸਰਕਾਰ ਵੱਲੋਂ ਸੱਦੇ ਗਏ ਸੈਸ਼ਨ ਦੌਰਾਨ ਇਸ ਮਾਮਲੇ ਦਾ ਹੱਲ ਕੱਢ ਲਿਆ ਜਾਵੇਗਾ ਅਤੇ ਕਿਸਾਨਾਂ ਨਾਲ ਕਿਸੇ ਵੀ ਕਿਸਮ ਦੀ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨਾਲ ਕੇਂਦਰ ਦੀ ਮੀਟਿੰਗ ਸਬੰਧੀ ਪੁੱਛੇ ਸਵਾਲ ਦੇ ਜਵਾਬ ’ਚ ਕਿਹਾ ਕਿ ਕਿਸਾਨਾਂ ਨਾਲ ਕੇਂਦਰ ਵੱਲੋਂ ਕੀਤੀ ਜਾਣ ਵਾਲੀ ਮੀਟਿੰਗ ’ਚ ਪ੍ਰਧਾਨ ਮੰਤਰੀ ਜਾਂ ਖੇਤੀਬਾੜੀ ਮੰਤਰੀ ਦਾ ਸ਼ਾਮਲ ਨਾ ਹੋਣਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ। ਇਸ ਦੌਰਾਨ ਮੌਕੇ ’ਤੇ ਪੁੱਜੇ ਥਾਣਾ ਸਦਰ ਧੂਰੀ ਦੇ ਐੱਸਐੱਚਓ ਦੀਪਇੰਦਰ ਸਿੰਘ ਨੇ ਸੂਝ-ਬੂਝ ਦਿਖਾਉਂਦਿਆਂ ਸੰਸਦ ਮੈਂਬਰ ਮੁਹੰਮਦ ਸਦੀਕ ਨੂੰ ਆਪਣੀ ਗੱਡੀ ਰਾਹੀਂ ਕਿਸਾਨਾਂ ਦੇ ਇਕੱਠ ’ਚੋਂ ਕੱਢਿਆ। 

Leave a Reply

Your email address will not be published. Required fields are marked *