ਰਾਜਪੁਰਾ ਤੇ ਬਣਾਂਵਾਲਾ ਥਰਮਲ ਪਲਾਂਟ ਦੀਆਂ ਰੇਲ ਪਟੜੀਆਂ ’ਤੇ ਧਰਨੇ ਜਾਰੀ

ਰਾਜਪੁਰਾ/ਮਾਨਸਾ : ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਊਗਰਾਹਾਂ) ਨੇ ਦੂਜੇ ਦਿਨ ਪਿੰਡ ਨਲਾਸ ਨੇੜਲੇ ਨਾਭਾ ਥਰਮਲ ਪਲਾਂਟ ਲਿਮਟਿਡ ਨੂੰ ਜਾਂਦੀ ਰੇਲ ਪਟੜੀ ’ਤੇ ਲੱਗੇ ਗੇਟ ਨੂੰ ਤਾਲਾ ਲਾ ਕੇ ਪੱਕਾ ਮੋਰਚਾ ਜਾਰੀ ਰੱਖਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ।
ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ ਦੀ ਅਗਵਾਈ ਹੇਠ ਧਰਨੇ ’ਚ ਸ਼ਾਮਲ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਸਿਰਫ਼ ਸਰਕਾਰੀ ਥਰਮਲ ਪਲਾਂਟਾਂ ਨੂੰ ਕੋਲੇ ਦੀ ਸਪਲਾਈ ਦੇਣ ਖਾਤਰ ਰੇਲਵੇ ਲਾਈਨਾਂ ਤੋਂ ਧਰਨੇ ਚੁੱਕੇ ਗਏ ਹਨ ਤੇ ਪੰਜਾਬ ਵਾਸੀਆਂ ਨੂੰ ਮਹਿੰਗੀ ਬਿਜਲੀ ਵੇਚਣ ਵਾਲੇ ਪ੍ਰਾਈਵੇਟ ਥਰਮਲ ਪਲਾਂਟਾਂ ’ਚ ਕੋਲੇ ਦੇ ਸਪਲਾਈ ਕਦੇ ਵੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ। ਇਸੇ ਤਰ੍ਹਾਂ ਦਿੱਲੀ-ਅੰਮ੍ਰਿਤਸਰ ਮੁੱਖ ਰੇਲ ਮਾਰਗ ’ਤੇ ਸ਼ੰਭੂ ਰੇਲਵੇ ਸਟੇਸ਼ਨ ਨੇੜੇ ਕਿਸਾਨ ਜਥੇਬੰਦੀਆਂ ਦਾ ਧਰਨਾ ਗੁਰਬਖਸ਼ ਸਿੰਘ ਬਲਬੇੜਾ, ਰਣਜੀਤ ਸਿੰਘ ਆਕੜ ਤੇ ਹਜੂਰਾ ਸਿੰਘ ਮਿਰਜ਼ਾਪੁਰ ਦੀ ਅਗਵਾਈ ਵਿੱਚ ਤੀਜੇ ਦਿਨ ਜਾਰੀ ਰਿਹਾ।
ਇਸੇ ਦੌਰਾਨ ਕੇਂਦਰ ਸਰਕਾਰ ਵੱਲੋਂ ਪੰਜਾਬ ਵਿਚ ਰੇਲ ਗੱਡੀਆਂ ਰੋਕਣ ਦੇ ਰੌਲੇ ਦੇ ਬਾਵਜੂਦ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਮਾਨਸਾ ਨੇੜਲੇ ਪਿੰਡ ਬਣਾਂਵਾਲਾ ਵਿੱਚ ਲੱਗੇ ਪ੍ਰਾਈਵੇਟ ਭਾਈਵਾਲੀ ਵਾਲੇ ਸਭ ਤੋਂ ਵੱਡੇ ਤਾਪ ਘਰ ਤਲਵੰਡੀ ਸਾਬੋ ਪਾਵਰ ਪਲਾਂਟ ਨੂੰ ਜਾਂਦੀਆਂ ਰੇਲਵੇ ਲਾਈਨਾਂ ’ਤੇ ਦਿਨ-ਰਾਤ ਦਾ ਧਰਨਾ ਜਾਰੀ ਰੱਖਿਆ ਹੋਇਆ ਹੈ। ਰੇਲ ਪਟੜੀਆਂ ’ਤੇ ਬੈਠੇ ਕਿਸਾਨਾਂ ਨੇ ਕਿਹਾ ਕਿ ਉਹ ਜਥੇਬੰਦੀ ਦੀ ਸੂਬਾਈ ਕਮੇਟੀ ਦੇ ਫ਼ੈਸਲੇ ਤੋਂ ਬਾਅਦ ਹੀ ਘਰਾਂ ਨੂੰ ਜਾਣਗੇ। ਜਾਣਕਾਰੀ ਮੁਤਾਬਿਕ ਧਰਨਾ ਲੱਗਣ ਕਾਰਨ ਤਾਪ ਘਰ ਲਈ ਕੋਲੇ ਦਾ ਸਟਾਕ ਕਿਸੇ ਵੀ ਵੇਲੇ ਮੁੱਕ ਸਕਦਾ ਹੈ ਤੇ ਇਸ ਕਾਰਨ ਥਰਮਲ ਦੇ ਬੰਦ ਹੋਣ ਦੇ ਆਸਾਰ ਹਨ। ਥਰਮਲ ਪਲਾਂਟ ਦੇ ਬੰਦ ਹੋਣ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਜਥੇਬੰਦੀ ਦੀ ਸੂਬਾ ਕਮੇਟੀ ਵਲੋਂ ਲਏ ਗਏ ਫੈਸਲੇ ਮੁਤਾਬਕ ਹੀ ਧਰਨਾ ਚੁੱਕਿਆ ਜਾਵੇਗਾ। ਉਧਰ ਕਿਸਾਨ ਦੇ ਜਥੇਬੰਦੀ ਸੂਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਮੁੜ ਦੁਹਰਾਇਆ ਕਿ ਜਥੇਬੰਦੀ ਪੰਜਾਬ ਵਿੱਚ ਪ੍ਰਾਈਵੇਟ ਭਾਈਵਾਲੀ ਵਾਲੇ ਤਾਪ ਘਰਾਂ ਦੇ ਹੱਕ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਸਿਰਫ਼ ਰੇਲ ਗੱਡੀਆਂ ਰਾਹੀਂ ਆਉਂਦੇ ਕੋਲੇ ਨੂੰ ਸਰਕਾਰੀ ਥਰਮਲਾਂ ਲਈ ਭੇਜੇ ਜਾਣ ਦੇ ਹੱਕ ਵਿੱਚ ਹੈ, ਜਿਸ ਲਈ ਉਨ੍ਹਾਂ ਚਿਰਾਂ ਤੋਂ ਘੋਲ ਕੀਤਾ ਹੈ।
ਕੇਂਦਰ ਨੇ ਪੰਜਾਬ ’ਚ ਮਾਲ ਗੱਡੀਆਂ ਦੀ ਆਵਾਜਾਈ ਰੋਕੀ
ਮਾਨਸਾ: ਪੰਜਾਬ ਵਿੱਚ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਮਾਲ ਗੱਡੀਆਂ ਨੂੰ ਰਾਹ ਦੇਣ ਦੇ ਫ਼ੈਸਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਪੰਜਾਬ ਵਿਚ ਰੇਲ ਗੱਡੀਆਂ ਦੀ ਆਵਾਜਾਈ ’ਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ। ਇਹ ਰੇਲ ਗੱਡੀਆਂ ਰੋਕਣ ਲਈ ਹੁਣ ਕਿਸਾਨ ਜਥੇਬੰਦੀਆਂ ਦੇ ਅੰਦੋਲਨ ਨੂੰ ਹੀ ਜ਼ਿੰਮੇਵਾਰ ਮੰਨਿਆ ਜਾਣ ਲੱਗਾ ਹੈ। ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਨੇ 22 ਅਕਤੂਬਰ ਨੂੰ ਮਾਲ ਗੱਡੀਆਂ ਚਲਾਉਣ ਦੀ ਹਰੀ ਝੰਡੀ ਦਿੱਤੀ ਸੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ 23 ਅਕਤੂਬਰ ਨੂੰ ਬਣਾਂਵਾਲਾ ਥਰਮਲ ਪਲਾਂਟ ਨੂੰ ਜਾਂਦੇ ਰਾਹ ਰੋਕ ਲਏ ਗਏ ਅਤੇ 24 ਅਕਤੂਬਰ ਨੂੰ ਰਾਜਪੁਰਾ ਥਰਮਲ ਦਾ ਰਸਤਾ ਬੰਦ ਕਰ ਦਿੱਤਾ ਗਿਆ। ਉੱਤਰੀ ਰੇਲਵੇ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਵਿੱਚ ਮਾਲ ਗੱਡੀਆਂ ਦੀ ਆਵਾਜਾਈ ਅਗਲੇ ਹੁਕਮਾਂ ਤੱਕ ਰੋਕੀ ਗਈ ਹੈ। ਇਹ ਵੀ ਪਤਾ ਲੱਗਿਆ ਕਿ ਉੱਤਰੀ ਰੇਲਵੇ ਨੇ ਫੈਸਲਾ ਲਿਆ ਹੈ ਕਿ ਮਾਲ ਗੱਡੀਆਂ ਦੀ ਸਾਰੀ ਆਵਾਜਾਈ ਉਦੋਂ ਹੀ ਸੰਭਵ ਹੋਵੇਗੀ, ਜਦੋਂ ਸਵਾਰੀ ਗੱਡੀਆਂ ਲਈ ਵੀ ਕਿਸਾਨ ਧਿਰਾਂ ਸਹਿਮਤ ਹੋਣਗੀਆਂ।