ਬਹਿਬਲ ਗੋਲੀ ਕਾਂਡ: ਸੈਣੀ ਤੇ ਉਮਰਾਨੰਗਲ ਖ਼ਿਲਾਫ਼ ਮੁਕੱਦਮਾ ਸੈਸ਼ਨ ਕੋਰਟ ਹਵਾਲੇ

ਫ਼ਰੀਦਕੋਟ : ਬਹਿਬਲ ਗੋਲੀ ਕਾਂਡ ਵਿੱਚ ਅੱਜ ਇੱਥੇ ਇਲਾਕਾ ਮੈਜਿਸਟਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਦਾਲਤ ਵਿੱਚ ਹਾਜ਼ਰ ਸਨ। ਅਦਾਲਤ ਨੇ ਬਹਿਬਲ ਗੋਲੀ ਕਾਂਡ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਪਰਮਰਾਜ ਸਿੰਘ ਉਮਰਾਨੰਗਲ ਖਿਲਾਫ਼ ਐੱਸਆਈਟੀ ਵੱਲੋਂ ਪੇਸ਼ ਕੀਤੇ ਚਲਾਨ ਨੂੰ ਮੁੱਢਲੀ ਕਾਰਵਾਈ ਮੁਕੰਮਲ ਕਰਨ ਤੋਂ ਬਾਅਦ ਸੁਣਵਾਈ ਲਈ ਸੈਸ਼ਨ ਜੱਜ ਫ਼ਰੀਦਕੋਟ ਦੀ ਅਦਾਲਤ ਵਿੱਚ ਭੇਜ ਦਿੱਤਾ ਹੈ। 15 ਜਨਵਰੀ ਨੂੰ ਸੁਮੇਧ ਸੈਣੀ ਅਤੇ ਉਮਰਾਨੰਗਲ ਖਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਹੋਇਆ ਸੀ। ਅੱਜ ਸਾਬਕਾ ਡੀਜੀਪੀ ਸੁਮੇਧ ਸੈਣੀ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਨਹੀਂ ਹੋਏ। ਅਦਾਲਤ ਨੇ ਉਨ੍ਹਾਂ ਦੀ ਅੱਜ ਵਾਸਤੇ ਹਾਜ਼ਰੀ ਮੁਆਫ਼ ਕਰਦਿਆਂ 2 ਅਪਰੈਲ ਨੂੰ ਸੈਸ਼ਨ ਜੱਜ ਫਰੀਦਕੋਟ ਦੀ ਅਦਾਲਤ ਵਿੱਚ ਹਾਜ਼ਰ ਹੋਣ ਦਾ ਹੁਕਮ ਦਿੱਤਾ ਹੈ। ਸੁਮੇਧ ਸੈਣੀ ਅਤੇ ਉਮਰਾਨੰਗਲ ਨੇ 9 ਮਾਰਚ ਨੂੰ ਇਸ ਕੇਸ ਵਿੱਚ ਅਦਾਲਤ ਸਾਹਮਣੇ ਪੇਸ਼ ਹੋ ਕੇ ਆਪਣੇ ਜ਼ਮਾਨਤਨਾਮੇ ਤੇ ਮੁਚੱਲਕੇ ਭਰੇ ਸਨ। ਜਾਂਚ ਟੀਮ ਨੇ ਇਨ੍ਹਾਂ ਦੋਹਾਂ ਪੁਲੀਸ ਅਧਿਕਾਰੀਆਂ ਨੂੰ ਕਥਿਤ ਬਹਿਬਲ ਗੋਲੀ ਕਾਂਡ ਦੀ ਸਾਜਿਸ਼ ਰਚਣ ਦੇ ਦੋਸ਼ਾਂ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। 2 ਅਪਰੈਲ ਨੂੰ ਸ਼ੈਸ਼ਨ ਜੱਜ ਦੀ ਅਦਾਲਤ ਵਿੱਚ ਮੁਲਜ਼ਮਾਂ ਖਿਲਾਫ਼ ਦੋਸ਼ ਆਇਦ ਕਰਨ ਦੇ ਮੁੱਦੇ ’ਤੇ ਬਹਿਸ ਹੋਵੇਗੀ। ਇਸ ਤੋਂ ਪਹਿਲਾਂ ਜਾਂਚ ਟੀਮ ਬਹਿਬਲ ਗੋਲੀ ਕਾਂਡ ਵਿੱਚ ਚਾਰ ਚਲਾਨ ਪੇਸ਼ ਕਰ ਚੁੱਕੀ ਹੈ। ਉਨ੍ਹਾਂ ਦੀ ਸੁਣਵਾਈ ਵੀ 2 ਅਪਰੈਲ ਨੂੰ ਰੱਖੀ ਗਈ ਹੈ। ਜ਼ਿਲ੍ਹਾ ਅਟਾਰਨੀ ਰਜਨੀਸ਼ ਕੁਮਾਰ ਗੋਇਲ ਨੇ ਕਿਹਾ ਕਿ ਸੈਸ਼ਨ ਜੱਜ ਦੀ ਅਦਾਲਤ ਵਿੱਚ ਸਾਰੇ ਚਲਾਨ ਇਕੱਠੇ ਹੋ ਗਏ ਹਨ ਅਤੇ ਹੁਣ ਇਸ ਕੇਸ ਦੀ ਬਕਾਇਦਾ ਸੁਣਵਾਈ ਸ਼ੁਰੂ ਹੋ ਜਾਵੇਗੀ। ਜਾਂਚ ਟੀਮ ਨੇ ਬਹਿਬਲ ਗੋਲੀ ਕਾਂਡ ਵਿੱਚ ਸੱਤ ਵਿਅਕਤੀਆਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਜਿਸ ਵਿੱਚ ਸੁਮੇਧ ਸੈਣੀ ਅਤੇ ਪਰਮਰਾਜ ਸਿੰਘ ਉਮਰਾਨੰਗਲ ਤੋਂ ਇਲਾਵਾ ਸਾਬਕਾ ਐੱਸਐਸਪੀ ਚਰਨਜੀਤ ਸ਼ਰਮਾ, ਐੱਸਪੀ ਬਿਕਰਮਜੀਤ ਸਿੰਘ ਬਰਾੜ, ਥਾਣਾ ਬਾਜਾਖਾਨਾ ਦੇ ਸਾਬਕਾ ਐੱਸਐੱਚਓ ਅਮਰਜੀਤ ਸਿੰਘ ਕੁਲਾਰ ਅਤੇ ਪੰਕਜ ਬਾਂਸਲ ਸ਼ਾਮਲ ਹਨ।

Leave a Reply

Your email address will not be published. Required fields are marked *