ਐਤਕੀਂ ਪੁਲੀਸ ਸੁਰੱਖਿਆ ਹੇਠ ਹੋਏਗੀ ਕਣਕ ਦੀ ਖਰੀਦ

ਚੰਡੀਗੜ੍ਹ: ਪੰਜਾਬ ’ਚ ਕਣਕ ਦੇ ਸੀਜ਼ਨ ਦੌਰਾਨ ਖਰੀਦ ਕੇਂਦਰਾਂ ਵਿਚ ਪੁਲੀਸ ਸੁਰੱਖਿਆ ਦਾ ਪਹਿਰਾ ਰਹੇਗਾ, ਜਿਸ ਵਾਸਤੇ ਪਹਿਲਾਂ ਹੀ ਖੁਰਾਕ ਤੇ ਸਪਲਾਈ ਵਿਭਾਗ ਨੇ ਡੀਜੀਪੀ ਪੰਜਾਬ ਨੂੰ ਲਿਖ ਦਿੱਤਾ ਹੈ। ਐਤਕੀਂ ਕੋਵਿਡ ਮਹਾਮਾਰੀ ਕਰਕੇ ਅਤੇ ਖਰੀਦ ਵਿਚ ਸੰਭਾਵੀ ਅੜਚਨਾਂ ਨੂੰ ਦੇਖਦੇ ਹੋਏ ਪੁਲੀਸ ਸੁਰੱਖਿਆ ਲਈ ਲਿਖਿਆ ਗਿਆ ਹੈ। ਕੋਵਿਡ-19 ਦੀ ਮਹਾਮਾਰੀ ਦੇ ਮੱਦੇਨਜ਼ਰ ਰਾਜ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਖਰੀਦ ਕੇਂਦਰ ਦੀ ਗਿਣਤੀ 1872 ਤੋਂ ਵਧਾ ਕੇ 4000 ਕੀਤੀ ਜਾ ਰਹੀ ਹੈ ਅਤੇ ਲਿਕਿੰਗ ਪਲਾਨ ਅਨੁਸਾਰ ਖਰੀਦ ਏਜੰਸੀਆਂ ਵਿਚਕਾਰ ਅਲਾਟਮੈਂਟ ਕੀਤੀ ਗਈ ਹੈ।

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸਨ ਆਸ਼ੂ ਨੇ ਦੱਸਿਆ ਕਿ ਪੰਜਾਬ ਵਿੱਚ 10 ਅਪਰੈਲ ਤੋਂ ਹਾੜ੍ਹੀ ਦੇ ਸੀਜ਼ਨ 2021-22 ਦੀ ਫਸਲ ਕਣਕ ਦੀ ਖਰੀਦ ਸ਼ੁਰੂ ਹੋ ਜਾਵੇਗੀ। ਇਸ ਸਬੰਧੀ ਸਮੁੱਚੇ ਪ੍ਰਬੰਧ ਕਰ ਲਏ ਗਏ ਹਨ। ਰਾਜ ਦੀਆਂ ਮੰਡੀਆਂ ਵਿੱਚ 130 ਲੱਖ ਟਨ ਕਣਕ ਆਉਣ ਦੀ ਸੰਭਾਵਨਾ ਹੈ, ਜਿਸ ਵਿੱਚੋਂ 8.50 ਲੱਖ ਟਨ ਕਣਕ ਦੀ ਖਰੀਦ ਪਨਗਰੇਨ ਵੱਲੋਂ ਬਤੌਰ ਨੋਡਲ ਏਜੰਸੀ, ਰਾਜ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਯੋਗ ਲਾਭਪਾਤਰੀਆਂ ਨੂੰ ਵੰਡਣ ਲਈ ਅਤੇ 121.5 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਸੈਂਟਰਲ ਪੂਲ ਅਧੀਨ ਸਮੂਹ ਏਜੰਸੀਆਂ ਭਾਵ ਪਨਗਰੇਨ, ਮਾਰਕਫੈੱਡ, ਪਨਸਪ, ਵੇਅਰਹਾਊਸ ਅਤੇ ਐੱਫਸੀਆਈ ਵੱਲੋਂ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਮੰਡੀ ਵਾਈਜ਼, ਆੜ੍ਹਤੀ ਵਾਈਜ਼ ਜਾਰੀ ਕੀਤੇ ਟੋਕਨਾਂ ਅਨੁਸਾਰ ਹੀ ਬਾਰਦਾਨਾ ਮੰਡੀ ਵਿੱਚ ਭੇਜਦੇ ਹੋਏ ਸਬੰਧਤ ਆੜ੍ਹਤੀਆਂ ਨੂੰ ਜਾਰੀ ਕੀਤਾ ਜਾਵੇਗਾ। ਕਰੋਨਾ ਵਾਇਰਸ ਦੀ ਰੋਕਥਾਮ ਲਈ ਮੰਡੀਆਂ ਵਿੱਚ ਟੋਕਨ ਸਿਸਟਮ ਲਾਗੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਮਾਜਿਕ ਦੂਰੀ ਬਣਾਏ ਰੱਖਣ ਲਈ ਮੰਡੀਆਂ ਵਿੱਚ 2 ਮੀਟਰ ਦਾ ਫਾਸਲਾ ਰੱਖਦੇ ਹੋਏ 30 ਫੁੱਟ ਬਾਈ 30 ਫੁੱਟ ਦੇ ਬੌਕਸ ਬਣਾਏ ਗਏ ਹਨ, ਜਿਨ੍ਹਾਂ ਵਿੱਚ ਹੀ ਕਣਕ ਦੀ ਢੇਰੀ ਉਤਾਰੀ ਜਾਵੇਗੀ।

ਸੀਜ਼ਨ ਦੌਰਾਨ ਸਰਕਾਰ ਵੱਲੋਂ ਕਣਕ ਦੀ ਬੋਲੀ ਦਾ ਸਮਾਂ ਸਵੇਰੇ 10.00 ਵਜੇ ਤੋਂ 6.00 ਵਜੇ ਤੱਕ ਦਾ ਨਿਰਧਾਰਤ ਕੀਤਾ ਗਿਆ ਹੈ। ਹਾੜ੍ਹੀ ਦੇ ਸੀਜ਼ਨ 2021-22 ਦੌਰਾਨ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਆਨਲਾਈਨ ਵਿਧੀ ਨਾਲ ਰਾਹੀਂ ਕੀਤੀ ਜਾਵੇਗੀ।

ਆਸ਼ੂ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਆਫ ਪੁਲੀਸ ਪੰਜਾਬ ਨੂੰ ਇਨ੍ਹਾਂ ਖਰੀਦ ਕੇਂਦਰਾਂ ਵਿੱਚ ਸੀਜ਼ਨ ਦੌਰਾਨ ਸੁਰੱਖਿਆ ਦਾ ਪ੍ਰਬੰਧ ਕਰਨ ਲਈ ਲਿਖਿਆ ਜਾ ਚੁੱਕਾ ਹੈ। ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਅਤੇ ਹਰ ਮੰਡੀ ’ਚ ਸ਼ਿਕਾਇਤ ਨਿਵਾਰਨ ਕਮੇਟੀਆਂ ਬਣਾਈਆਂ ਗਈਆਂ ਹਨ।

Leave a Reply

Your email address will not be published. Required fields are marked *