ਬੇਅਦਬੀ ਕਾਂਡ: ਸੌਦਾ ਸਾਧ ਦੇ ਤਿੰਨ ਕੌਮੀ ਕਮੇਟੀ ਮੈਂਬਰ ਨਾਮਜ਼ਦ

ਫ਼ਰੀਦਕੋਟ: ਗੁਰੂ ਗ੍ਰੰਥ ਸਾਹਿਬ ਦਾ ਸਰੂਪ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ ਚੋਰੀ ਕਰਨ ਮਗਰੋਂ ਪਿੰਡ ਵਿੱਚ ਇਤਰਾਜ਼ਯੋਗ ਪੋਸਟਰ ਲਗਾਉਣ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਸੌਦਾ ਸਾਧ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰਾਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਸੌਦਾ ਸਾਧ ਦੇ ਚੇਲੇ ਸ਼ਕਤੀ ਸਿੰਘ ਅਤੇ ਰਣਜੀਤ ਸਿੰਘ ਤੋਂ ਪੁਲੀਸ ਰਿਮਾਂਡ ਦੌਰਾਨ ਕੀਤੀ ਗਈ ਪੜਤਾਲ ਤੋਂ ਪਤਾ ਲੱਗਾ ਹੈ ਕਿ ਡੇਰੇ ਦੀ ਕੌਮੀ ਕਮੇਟੀ ਦੇ ਮੈਂਬਰ ਪ੍ਰਦੀਪ ਕਲੇਰ, ਸੰਦੀਪ ਬਰੇਟਾ ਅਤੇ ਹਰਸ਼ ਨੇ ਗੁਰੂ ਗ੍ਰੰਥ ਸਾਹਿਬ ਚੋਰੀ ਕਰਨ ਅਤੇ ਬਾਅਦ ਵਿੱਚ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਦੀ ਕਥਿਤ ਸਾਜ਼ਿਸ਼ ਰਚੀ ਸੀ। ਇਸ ਤੋਂ ਪਹਿਲਾਂ ਵੀ ਇਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋ ਮਾਮਲਿਆਂ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਜਾ ਚੁੱਕਾ ਹੈ ਪਰ ਇਨ੍ਹਾਂ ਦੀ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋ ਸਕੀ ਅਤੇ ਅਦਾਲਤ ਇਨ੍ਹਾਂ ਨੂੰ ਭਗੌੜਾ ਐਲਾਨ ਚੁੱਕੀ ਹੈ। ਜਾਂਚ ਟੀਮ ਦੀ ਮੰਗ ’ਤੇ ਅਦਾਲਤ ਨੇ ਡੇਰਾ ਪ੍ਰੇਮੀ ਰਣਜੀਤ ਸਿੰਘ ਅਤੇ ਸ਼ਕਤੀ ਸਿੰਘ ਨੂੰ 2 ਦਿਨ ਹੋਰ ਪੁਲੀਸ ਰਿਮਾਂਡ ’ਤੇ ਭੇਜਣ ਦਾ ਹੁਕਮ ਦਿੱਤਾ। ਦੂਜੇ ਪਾਸੇ ਡੇਰਾ ਪ੍ਰੇਮੀਆਂ ਦੇ ਵਕੀਲ ਵਿਨੋਦ ਕੁਮਾਰ ਮੌਂਗਾ ਨੇ ਅਦਾਲਤ ਨੂੰ ਦੱਸਿਆ ਕਿ 9 ਦਿਨਾਂ ਦੇ ਪੁਲੀਸ ਰਿਮਾਂਡ ਤੋਂ ਬਾਅਦ ਫੜੇ ਗਏ ਡੇਰਾ ਪ੍ਰੇਮੀਆਂ ਕੋਲੋਂ ਕੁਝ ਵੀ ਇਤਰਾਜ਼ਯੋਗ ਬਰਾਮਦ ਨਹੀਂ ਹੋਇਆ।

ਜਾਂਚ ਟੀਮ ਨੇ ਦਾਅਵਾ ਕੀਤਾ ਕਿ ਵਾਰਦਾਤ ਵਿੱਚ ਵਰਤੀਆਂ ਗਈਆਂ ਦੋ ਕਾਰਾਂ ਵੀ ਡੇਰਾ ਪ੍ਰੇਮੀਆਂ ਕੋਲੋਂ ਬਰਾਮਦ ਕਰਵਾਈਆਂ ਗਈਆਂ ਹਨ।

Leave a Reply

Your email address will not be published. Required fields are marked *