ਕੋਟਕਪੂਰਾ ਗੋਲੀ ਕਾਂਡ: ਸਾਬਕਾ ਡੀਜੀਪੀ ਸੈਣੀ ਖਿਲਾਫ਼ ਚਲਾਨ ਪੇਸ਼

ਫ਼ਰੀਦਕੋਟ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਦਅਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ’ਚ ਅੱਜ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਚਲਾਨ ਅਦਾਲਤ ਵਿਚ ਪੇਸ਼ ਕਰ ਦਿੱਤਾ ਹੈ। ਜਾਂਚ ਟੀਮ ਨੇ ਤਤਕਾਲੀ ਡੀਜੀਪੀ ਸੁਮੇਧ ਸੈਣੀ ਨੂੰ ਕੋਟਕਪੂਰਾ ਗੋਲੀ ਕਾਂਡ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 18 ਫਰਵਰੀ ਤੱਕ ਮੁਲਤਵੀ ਕਰਦਿਆਂ ਸਾਬਕਾ ਡੀਜੀਪੀ ਨੂੰ ਹੁਕਮ ਦਿੱਤੇ ਹਨ ਕਿ ਉਹ ਅਦਾਲਤ ਸਾਹਮਣੇ ਪੇਸ਼ ਹੋਣ। ਇਸ ਤੋਂ ਪਹਿਲਾਂ ਜਾਂਚ ਟੀਮ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਮੁਅੱਤਲੀ ਅਧੀਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ, ਐੱਸਪੀ ਬਲਜੀਤ ਸਿੰਘ ਸਿੱਧੂ, ਡੀਐੱਸਪੀ ਪਰਮਜੀਤ ਸਿੰਘ ਪੰਨੂ, ਸਿਟੀ ਕੋਟਕਪੂਰਾ ਦੇ ਸਾਬਕਾ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਅਤੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ। ਜਾਂਚ ਟੀਮ ਨੇ ਦੋ ਦਿਨ ਪਹਿਲਾਂ ਹੀ ਬਹਿਬਲ ਗੋਲੀ ਕਾਂਡ ਵਿੱਚ ਵੀ ਸਾਬਕਾ ਡੀ.ਜੀ.ਪੀ ਖ਼ਿਲਾਫ਼ ਚਲਾਨ ਅਦਾਲਤ ਵਿੱਚ ਪੇਸ਼ ਕਰ ਦਿੱਤਾ ਸੀ। ਹਾਲਾਂਕਿ ‘ਸਿਟ’ ਡੀਜੀਪੀ ਸੈਣੀ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕਰ ਸਕੀ। ਪਰ ਚਲਾਨ ਪੇਸ਼ ਹੋਣ ਨਾਲ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਜ਼ਰੂਰ ਵੱਧ ਗਈਆਂ ਹਨ। ਹੁਕਮ ਮੁਤਾਬਕ ਸੈਣੀ ਦਾ ਅਦਾਲਤ ਵਿੱਚ ਪੇਸ਼ ਹੋਣਾ ਲਾਜ਼ਮੀ ਹੈ।

ਆਈਜੀ ਵਿਜੇ ਪ੍ਰਤਾਪ ਨੂੰ ਬਦਲਣ ਬਾਰੇ ਸੁਣਵਾਈ ਪਹਿਲੀ ਫਰਵਰੀ ਤੱਕ ਟਲੀ

ਮੁਅੱਤਲੀ ਅਧੀਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਤੇ ਥਾਣਾ ਸਿਟੀ ਕੋਟਕਪੂਰਾ ਦੇ ਤਤਕਾਲੀ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਵੱਲੋਂ ਵਿਸ਼ੇਸ਼ ਜਾਂਚ ਟੀਮ ਦੇ ਮੁੱਖ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਜਾਂਚ ਟੀਮ ਵਿੱਚੋਂ ਬਦਲਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ ਦੀ ਸੁਣਵਾਈ ਅਦਾਲਤ ਨੇ ਪਹਿਲੀ ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਪੰਜਾਬ ਸਰਕਾਰ ਹਾਈ ਕੋਰਟ ਵਿੱਚ ਆਈਜੀ ਨੂੰ ਬਦਲਣ ਤੋਂ ਪਹਿਲਾਂ ਹੀ ਇਨਕਾਰ ਕਰ ਚੁੱਕੀ ਹੈ।  

Leave a Reply

Your email address will not be published. Required fields are marked *