ਬੇਅਦਬੀ ਕਾਂਡ: ਸੀਬੀਆਈ ਨੂੰ ਕੇਸ ਪੰਜਾਬ ਪੁਲੀਸ ਦੇ ਸਪੁਰਦ ਕਰਨ ਦੀ ਹਦਾਇਤ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੀਬੀਆਈ ਨੂੰ ਹਦਾਇਤੀ ਕੀਤੀ ਹੈ ਕਿ ਸਾਲ 2015 ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਸਾਰੀਆਂ ਕੇਸ ਡਾਇਰੀਆਂ ਤੇ ਦਸਤਾਵੇਜ਼ ਇਕ ਮਹੀਨੇ ਦੇ ਅੰਦਰ ਪੰਜਾਬ ਪੁਲੀਸ ਨੂੰ ਸੌਂਪ ਦਿੱਤੇ ਜਾਣ। ਅਦਾਲਤ ਵੱਲੋਂ ਇਹ ਹਦਾਇਤਾਂ ਬੇਅਦਬੀ ਘਟਨਾਵਾਂ ਦੇ ਇਕ ਮੁਲਜ਼ਮ ਸੁਖਜਿੰਦਰ ਸਿੰਘ ਦੀ ਅਰਜ਼ੀ ’ਤੇ ਸੁਣਵਾਈ ਦੌਰਾਨ ਜਾਰੀ ਕੀਤੀਆਂ ਗਈਆਂ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਾਲ 2015 ਵਿੱਚ ਗੁਰੂ ਗ੍ਰੰਥ ਸਾਹਿਬ ਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਜਾਂਚ ਅੱਗੇ ਨਾ ਵਧਣ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ’ਚ ਮਤਾ ਪਾਸ ਕਰ ਕੇ ਇਨ੍ਹਾਂ ਕੇਸਾਂ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਸਬੰਧੀ ਫ਼ੈਸਲਾ ਵਾਪਸ ਲੈ ਕੇ ਸਤੰਬਰ 2018 ਵਿੱਚ ਕੇਸਾਂ ਦੀ ਜਾਂਚ ਰਾਜ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੂੰ ਦੇ ਦਿੱਤੀ ਗਈ ਸੀ। ਇਸ ’ਤੇ ਸੁਖਜਿੰਦਰ ਸਿੰਘ ਨੇ ਇਹ ਕਹਿੰਦੇ ਹੋਏ ਪੰਜਾਬ ਪੁਲੀਸ ਦੀ ਸਿੱਟ ਦੀ ਜਾਂਚ ਨੂੰ ਚੁਣੌਤੀ ਦਿੱਤੀ ਸੀ ਕਿ ਸੀਬੀਆਈ ਵੱਲੋਂ ਪਹਿਲਾਂ ਹੀ ਮਾਮਲੇ ਦੀ ਜਾਂਚ ਬੰਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਸਰਕਾਰ ਵੱਲੋਂ ਇਕ ਬਿਆਨ ਜਾਰੀ ਕਰ ਕੇ ਦਿੱਤੀ ਗਈ। ਹਾਈ ਕੋਰਟ ਨੇ ਸੁਖਜਿੰਦਰ ਸਿੰਘ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ ਅਤੇ ਸੀਬੀਆਈ ਨੂੰ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਸਾਰੇ ਕੇਸਾਂ ਦੇ ਸਬੰਧਤ ਦਸਤਾਵੇਜ਼ ਤੇ ਸਮੱਗਰੀ ਪੰਜਾਬ ਪੁਲੀਸ ਹਵਾਲੇ ਕਰਨ ਲਈ ਕਿਹਾ ਹੈ। ਅੱਗੇ ਅਦਾਲਤ ਨੇ ਪੰਜਾਬ ਪੁਲੀਸ ਨੂੰ ਵੀ ਸੀਬੀਆਈ ਵੱਲੋਂ ਸੌਂਪੀ ਗਈ ਸਮੱਗਰੀ ’ਤੇ ਧਿਆਨ ਦੇਣ ਅਤੇ ਟਰਾਇਲ ਕੋਰਟ ’ਚ ਇਕ ਸਪਲੀਮੈਂਟਰੀ ਚਲਾਨ ਪੇਸ਼ ਕਰਨ ਦੀ ਹਦਾਇਤ ਕੀਤੀ ਹੈ। -ਪੀਟੀਆਈ

ਹਾਈ ਕੋਰਟ ਨੇ ਸਰਕਾਰ ਦੇ ਸਟੈਂਡ ਦੀ ਪੁਸ਼ਟੀ ਕੀਤੀ: ਅਮਰਿੰਦਰ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਦੇ ਮਾਮਲੇ ਵਿਚ ਪੰਜਾਬ ਸਰਕਾਰ ਦੇ ਸਟੈਂਡ ਦੀ ਪੁਸ਼ਟੀ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਦਾਲਤਾਂ ਦੀਆਂ ਹਦਾਇਤਾਂ ਉਤੇ ਸੀਬੀਆਈ ਗੌਰ ਕਰੇ ਅਤੇ ਕੇਸ ਨਾਲ ਸਬੰਧਤ ਫਾਈਲਾਂ ਸੂਬੇ ਨੂੰ ਸੌਂਪੇ ਤਾਂ ਕਿ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾ ਸਕੇ।

Leave a Reply

Your email address will not be published. Required fields are marked *