ਕਿਸਾਨਾਂ ਉੱਤੇ ਲਾਠੀਚਾਰਜ ਦਾ ਹੁਕਮ ਦੇਣ ਵਾਲੇ ਐੱਸਡੀਐੱਮ ਖ਼ਿਲਾਫ਼ 6 ਸਤੰਬਰ ਤੱਕ ਕਾਰਵਾਈ ਮੰਗੀ

ਕਰਨਾਲ : ਹਰਿਆਣਾ ਦੇ ਘਰੌਂਡਾ ਵਿਚ ਅੱਜ ਹੋਏ ਕਿਸਾਨ ਸੰਗਠਨਾਂ ਦੇ ਇਕੱਠ ’ਚ ਕਿਸਾਨ ਆਗੂਆਂ ਨੇ ਸਰਕਾਰ ਨੂੰ ਲਾਠੀਚਾਰਜ ਮਾਮਲੇ ਵਿਚ ਕਾਰਵਾਈ ਲਈ ਛੇ ਸਤੰਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ। ਕਿਸਾਨ ਨੇਤਾਵਾਂ ਨੇ 3 ਮੁੱਖ ਮੰਗਾਂ ਰੱਖੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਲਾਠੀਚਾਰਜ ਤੋਂ ਬਾਅਦ ਜਾਨ ਗੁਆਉਣ ਵਾਲੇ ਕਿਸਾਨ ਸੁਸ਼ੀਲ ਕਾਜਲ ਦੇ ਪਰਿਵਾਰ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਤੇ ਸਰਕਾਰੀ ਨੌਕਰੀ ਦਿੱਤੀ ਜਾਵੇ। ਜੋ ਕਿਸਾਨ ਜ਼ਖ਼ਮੀ ਹੋਏ ਹਨ, ਉਨ੍ਹਾਂ ਨੂੰ 2-2 ਲੱਖ ਰੁਪਏ ਦਾ ਮੁਆਵਜ਼ਾ ਵੀ ਦਿੱਤਾ ਜਾਵੇ। ਇਸ ਦੇ ਨਾਲ ਹੀ ਲਾਠੀਚਾਰਜ ਲਈ ਜ਼ਿੰਮੇਵਾਰ ਅਫ਼ਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਜਿਨ੍ਹਾਂ ਵਾਹਨਾਂ ਦੀ ਪੁਲੀਸ ਵੱਲੋਂ ਭੰਨ੍ਹ-ਤੋੜ ਕੀਤੀ ਗਈ ਹੈ, ਉਨ੍ਹਾਂ ਦੀ ਮੁਰੰਮਤ ਕਰਵਾਈ ਜਾਵੇ ਤੇ ਕਿਸਾਨਾਂ ਵਿਰੁੱਧ ਦਰਜ ਕੀਤੇ ਸਾਰੇ ਝੂਠੇ ਕੇਸ ਰੱਦ ਕੀਤੇ ਜਾਣ। ਕਿਸਾਨ ਨੇਤਾਵਾਂ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 7 ਸਤੰਬਰ ਨੂੰ ਕਰਨਾਲ ਵਿਚ ਮਹਾਪੰਚਾਇਤ ਬੁਲਾਉਣਗੇ ਅਤੇ ਸਕੱਤਰੇਤ ਦਾ ਘਿਰਾਓ ਅਣਮਿੱਥੇ ਸਮੇਂ ਲਈ ਕੀਤਾ ਜਾਵੇਗਾ। ਇਸ ਲਈ ਹਰਿਆਣਾ ਸਰਕਾਰ ਹੀ ਜ਼ਿੰਮੇਵਾਰ ਹੋਵੇਗੀ। ਘਰੌਂਡਾ ਦੀ ਅਨਾਜ ਮੰਡੀ ਵਿੱਚ ਅੱਜ ਹਜ਼ਾਰਾਂ ਕਿਸਾਨ ਇਕੱਠੇ ਹੋਏ। ਹਰਿਆਣਾ ਵਿਚ ਅੱਜ ਹੋਇਆ ਇਕੱਠ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਵਿੱਚ ਹੋਇਆ। ਇਸ ਮੌਕੇ ਰਾਜ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਤੇ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ। ਨੇਤਾਵਾਂ ਨੇ ਸਾਂਝੇ ਤੌਰ ’ਤੇ ਮੰਗ ਕੀਤੀ ਕਿ ਐੱਸਡੀਐਮ ਨੂੰ ਬਰਖਾਸਤ ਕਰ ਕੇ ਉਸ ਦੇ ਖਿਲਾਫ਼ ਹੱਤਿਆ ਦਾ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਨਾਲ ਹੀ ਮੰਗ ਕੀਤੀ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕਿਸਾਨਾਂ ਤੋਂ ਮੁਆਫ਼ੀ ਮੰਗਣ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾਈ ਪ੍ਰਧਾਨ ਸੁਰੇਸ਼ ਕੌਥ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਨੂੰ ਉਨ੍ਹਾਂ ਇਸ ਲਈ ਵੋਟ ਨਹੀਂ ਦਿੱਤੇ ਸਨ ਕਿ ਉਹ ਕਿਸਾਨਾਂ ਉਤੇ ਕੇਸ ਦਰਜ ਕਰਵਾਉਣ, ਇਸ ਲਈ ਦਿੱਤੇ ਸਨ ਕਿ ਉਹ ਕੇਂਦਰ ਵਿੱਚ ਜਾ ਕੇ ਕਿਸਾਨਾਂ ਦੇ ਮਸਲੇ ਰੱਖਣਗੇ।