ਪੰਜਾਬ ਤੇ ਹਰਿਆਣਾ ’ਚ ਭਲਕੇ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖ਼ਰੀਦ

ਚੰਡੀਗੜ੍ਹ: ਕੇਂਦਰੀ ਖੁਰਾਕ ਤੇ ਖਪਤਕਾਰਾਂ ਬਾਰੇ ਮਾਮਲਿਆਂ ਦੇ ਮੰਤਰੀ ਅਸ਼ਵਨੀ ਚੌਬੇ ਨੇ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ’ਚ ਝੋਨੇ ਦੀ ਖਰੀਦ 3 ਅਕਤੂਬਰ ਤੋਂ ਸ਼ੁਰੂ ਹੋ ਜਾਵੇਗੀ। ਹੁਣ ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਕੱਲ੍ਹ ਤੋਂ ਸ਼ੁਰੂ ਹੋ ਜਾਏਗੀ। ਕੇਂਦਰ ਦੇ ਇਸ ਫੈਸਲੇ ਦਾ ਮੁੱਖ ਮੰਤਰੀ ਚੰਨੀ ਨੇ ਸਵਾਗਤ ਕੀਤਾ ਹੈ। ਕੇਂਦਰ ਨੇ ਪਹਿਲਾਂ ਝੋਨੇ ਦੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕਰਨੀ ਸੀ ਪਰ ਬਾਅਦ ਵਿੱਚ ਭਾਰੀ ਬਾਰਿਸ਼ ਕਾਰਨ ਫਸਲ ਵਿੱਚ ਉੱਚ ਨਮੀ ਦੇ ਹਵਾਲੇ ਨਾਲ ਇਹ ਖ਼ਰੀਦ 10 ਦਿਨਾਂ ਲਈ ਅੱਗੇ ਪਾ ਦਿੱਤੀ ਸੀ ਪਰ ਦੋਵਾਂ ਰਾਜਾਂ ਵਿੱਚ ਕਿਸਾਨਾਂ ਦੀ ਝੋਨੇ ਦੀ ਫਸਲ ਆ ਚੁੱਕੀ ਸੀ। ਦੋਵਾਂ ਸੂਬਿਆਂ ਦੇ ਕਿਸਾਨ ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਕਰ ਰਹੇ ਸੀ। ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਕੇ ਇਸ ਮਾਮਲੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਸੀ। ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ੍ਰੀ ਚੌਬੇ ਨਾਲ ਝੋਨੇ ਦੀ ਖਰੀਦ ਬਾਰੇ ਅੱਜ ਮੁਲਾਕਾਤ ਕੀਤੀ। ਉਧਰ ਅੱਜ ਝੋਨੇ ਦੀ ਖਰੀਦ ਅੱਗੇ ਪਾਉਣ ਖਿਲਾਫ਼ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਆਗੂਆਂ ਦੇ ਘਰਾਂ ਅੱਗੇ ਧਰਨੇ ਦਿੱਤੇ ਗਏ।