ਦੁਬਾਰਾ ਪੋਸਟ ਮਾਰਟਮ ਪਿੱਛੋਂ ਗੁਰਵਿੰਦਰ ਦਾ ਸੰਸਕਾਰ, ਪੰਜਾਬ ਸਰਕਾਰ ਵੀ 50-50 ਲੱਖ ਦੇਵੇਗੀ

ਬਹਰਾਇਚ/ਚੰਡੀਗੜ੍ਹ: ਲਖੀਮਪੁਰ ਖੀਰੀ ਹਿੰਸਾ ਵਿੱਚ ਜਾਨ ਗੁਆਉਣ ਵਾਲੇ ਬਹਰਾਇਚ ਦੇ ਕਿਸਾਨ ਗੁਰਵਿੰਦਰ ਸਿੰਘ ਦਾ ਅੰਤਮ ਸੰਸਕਾਰ ਅੱਜ ਸਵੇਰੇ ਕੀਤਾ ਗਿਆ। ਇਸ ਤੋਂ ਪਹਿਲਾਂ ਪਰਿਵਾਰ ਦੀ ਮੰਗ ’ਤੇ ਲਾਸ਼ ਦਾ ਦੂਜੀ ਵਾਰ ਪੋਸਟਮਾਰਟਮ ਕੀਤਾ ਗਿਆ। ਪੁਲੀਸ ਸੁਪਰਡੈਂਟ ਸੁਜਾਤਾ ਸਿੰਘ ਨੇ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਵਿੱਚ ਆਪਣੀ ਜਾਨ ਗੁਆਉਣ ਵਾਲੇ ਕਿਸਾਨ ਗੁਰਵਿੰਦਰ ਸਿੰਘ ਨੂੰ ਉਸ ਦੇ ਰਿਸ਼ਤੇਦਾਰਾਂ ਦੀ ਮੰਗ ’ਤੇ ਮੰਗਲਵਾਰ-ਬੁੱਧਵਾਰ ਰਾਤ ਨੂੰ ਦੁਬਾਰਾ ਪੋਸਟ ਮਾਰਟਮ ਕੀਤਾ ਗਿਆ ਹੈ। ਡਾਕਟਰਾਂ ਦਾ ਮਾਹਿਰ ਪੈਨਲ ਲਖਨਊ ਤੋਂ ਨਿਗਰਾਨੀ ਕਰਨ ਲਈ ਆਇਆ ਸੀ। ਪੋਸਟ-ਮਾਰਟਮ ਰਿਪੋਰਟ ਇਸ ਪੈਨਲ ਦੇ ਨਿਰਦੇਸ਼ਾਂ ਅਨੁਸਾਰ ਹੀ ਜਾਰੀ ਕੀਤੀ ਜਾਵੇਗੀ।’ ਉਧਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਅੱਜ ਇਥੇ ਐਲਾਨ ਕੀਤਾ ਕਿ ਲਖੀਮਪੁਰ ਖੀਰੀ ਹਿੰਸਾ ਵਿੱਚ ਮਾਰੇ ਗਏ ਹਰ ਕਿਸਾਨ ਤੇ ਪੱਤਰਕਾਰ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦਿੱਤੇ ਜਾਣਗੇ। ਇਸੇ ਦੌਰਾਨ ਅੱਜ ਉੱਤਰ ਪ੍ਰਦੇਸ਼ ਸਰਕਾਰ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੇਤਾਵਾਂ ਨੂੰ ਲਖੀਮਪੁਰ ਖੀਰੀ ਹਿੰਸਾ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣ ਦੀ ਸ਼ਰਤਾਂ ਤਹਿਤ ਇਜਾਜ਼ਤ ਦੇ ਦਿੱਤੀ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਨੇ ਲਖੀਮਪੁਰ ਖੀਰੀ ’ਚ ਹਿੰਸਾ ਬਾਅਦ ਪਹਿਲੀ ਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮਿਸ਼ਰਾ ਦਾ ਪੁੱਤ ਹਿੰਸਾ ਮਾਮਲੇ ਵਿੱਚ ਮੁੱਖ ਮੁਲਜ਼ਮ ਹੈ।