ਮਹਿਲਾ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜ ਕੇ ਮੰਗਿਆ ਜਵਾਬ

ਨਵੀਂ ਦਿੱਲੀ: ਸਾਲ 1994 ਵਿਚਫਰਾਂਸੀਸੀ ਮਹਿਲਾ ਦਾ ਸਰੀਰਕ ਸ਼ੋਸ਼ਣ ਕਰਨ ਦੇ ਮਾਮਲੇ ਵਿੱਚ ਕੌਮੀ ਮਹਿਲਾ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜੇ ਕੇ ਜਵਾਬਦੇਹੀ ਮੰਗੀ ਗਈ ਹੈ। ਫਰਾਂਸ ਦੀ ਮਹਿਲਾ ਦਾ ਸਰੀਰਕ ਸ਼ੋਸ਼ਣ ਕਰਨ ਦੇ ਇਸ ਪੂਰੇ ਮਾਮਲੇ ’ਚ ਕੈਬਿਨਟ ਮੰਤਰੀ ਗੁਰਕੀਰਤ ਕੋਟਲੀ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਸੀ ਅਤੇ ਮਹਿਲਾ ਵੱਲੋਂ ਫਰਾਂਸ ਵਾਪਸ ਚਲੇ ਜਾਣ ਕਰਕੇ ਇਹ ਕੇਸ ਠੰਢੇ ਬਸਤੇ ‘ਚ ਪੈ ਗਿਆ। ਗੁਰਕੀਰਤ ਕੋਟਲੀ ਨੂੰ ਪੰਜਾਬ ਕੈਬਨਿਟ ’ਚ ਸ਼ਾਮਲ ਕੀਤੇ ਜਾਣ ਤੋਂ ਬਾਅਦ ਕੌਮੀ ਮਹਿਲਾ ਕਮਿਸ਼ਨ ਵੱਲੋਂ ਸਰਕਾਰ ਨੂੰ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਗੁਰਕੀਰਤ ਕੋਟਲੀ ’ਤੇ ਇਲਜ਼ਾਮ ਲੱਗੇ ਸਨ ਕਿ ਉਨ੍ਹਾਂ ਨੇ ਆਪਣੇ ਕੁੱਝ ਸਾਥੀਆਂ ਨਾਲ ਮਿਲ ਕੇ ਫਰਾਂਸ ਦੀ ਜਨਾਨੀ ਨੂੰ ਅਗਵਾ ਕਰਕੇ ਉਸ ਦਾ ਸਰੀਰਕ ਸ਼ੋਸ਼ਣ ਕੀਤਾ। ਇਸ ਪੂਰੇ ਮਾਮਲੇ ’ਤੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਕੀਲ ਹਰੀਸ਼ ਰਾਏ ਢਾਂਡਾ ਨੇ ਕਿਹਾ ਕਿ ਇਸ ਪੂਰੇ ਕੇਸ ਨੂੰ ਗਵਾਹਾਂ ਦੀ ਅਣਹੋਂਦ ਕਾਰਨ ਦਬਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੋਟਲੀ ਬਰੀ ਨਹੀਂ ਹੋਏ ਸਗੋਂ ਕੇਸ ਹੀ ਬੰਦ ਹੋ ਗਿਆ। ਉਨ੍ਹਾਂ ਕਿਹਾ ਕਿ ਇਹ ਗੰਭੀਰ ਮਸਲਾ ਹੈ ਅਤੇ ਇਸ ਪੂਰੇ ਮਾਮਲੇ ਵਿਚ ਮੁੱਖ ਮੰਤਰੀ ਚੰਨੀ ਨੂੰ ਸਖ਼ਤ ਕਾਰਵਾਈ ਕਰਦਿਆਂ ਗੁਰਕੀਰਤ ਕੋਟਲੀ ਨੂੰ ਕੈਬਿਨਟ ਅਹੁਦੇ ਤੋਂ ਹਟਾਉਣਾ ਚਾਹੀਦਾ ਹੈ।