ਉੱਪ ਮੁੱਖ ਸੁਖਜਿੰਦਰ ਸਿੰਘ ਰੰਧਾਵਾ ਨੂੰ ਸਿੰਘੂ ਘਟਨਾ ਪਿੱਛੇ ਗਹਿਰੀ ਸਾਜ਼ਿਸ਼ ਦਾ ਸ਼ੱਕ

ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਿਹਾ ਕਿ ਸਿੰਘੂ ਹੱਤਿਆਕਾਂਡ ਕਿਸਾਨਾਂ ਦੇ ਸੰਘਰਸ਼ ਨੂੰ ਢਾਹ ਲਾਉਣ ਦੀ ਇੱਕ ਡੂੰਘੀ ਸਾਜ਼ਿਸ਼ ਜਾਪਦੀ ਹੈ।
ਉਨ੍ਹਾਂ ਪੂਰਨ ਨਿਆਂ ਦਾ ਵਾਅਦਾ ਕਰਦਿਆਂ ਕਿਹਾ ਕਿ ਸਰਕਾਰ ਮਾਮਲੇ ਦੀ ਡੂੰਘਾਈ ਤੱਕ ਪਹੁੰਚੇਗੀ ਅਤੇ ਇਸ ਘਟਨਾ ਦੇ ਅਸਲ ਸਾਜ਼ਿਸ਼ਕਰਤਾਵਾਂ ਨੂੰ ਬੇਨਕਾਬ ਕਰੇਗੀ। ਨਿਹੰਗ ਆਗੂਆਂ ਵਿੱਚੋਂ ਇੱਕ ਨਿਹੰਗ ਆਗੂ ਦੇ ਭਾਰਤ ਸਰਕਾਰ, ਖ਼ਾਸ ਕਰਕੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਸਬੰਧ ਹੋਣ ਬਾਰੇ ਹਾਲ ਹੀ ਵਿੱਚ ਹੋਏ ਖੁਲਾਸਿਆਂ ਦੇ ਮੱਦੇਨਜ਼ਰ, ਉਨ੍ਹਾਂ ਕਿਹਾ ਕਿ ਇਸ ਹੱਤਿਆਕਾਂਡ ਨੇ ਹੁਣ ਬਿਲਕੁਲ ਵੱਖਰਾ ਮੋੜ ਲੈ ਲਿਆ ਹੈ। ਉਪ ਮੁੱਖ ਮੰਤਰੀ ਨੇ ਕਿਹਾ ਇਹ ਪਤਾ ਲਗਾਉਣ ਦੀ ਜ਼ਰੂਰਤ ਹੈ ਕਿ ਲਖਬੀਰ ਨੂੰ ਸਿੰਘੂ ਸਰਹੱਦ ‘ਤੇ ਕੌਣ ਲੈ ਕੇ ਗਿਆ ਸੀ ਅਤੇ ਕਿਸਨੇ ਦਿਲੀ ਤੱਕ ਉਸਦੀ ਯਾਤਰਾ ਦਾ ਖ਼ਰਚ ਕੀਤਾ ਸੀ ਕਿਉਂਕਿ ਉਸ ਕੋਲ ਆਪਣੀ ਰੋਟੀ ਲਈ ਵੀ ਪੈਸੇ ਨਹੀਂ ਸਨ। ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਨੂੰ ਇਨ੍ਹਾਂ ਤੱਥਾਂ ਦੀ ਜਾਂਚ ਕਰਨ ਦੀ ਹਿਦਾਇਤ ਕੀਤੀ।
ਸ. ਰੰਧਾਵਾ ਨੇ ਕਿਹਾ ਕਿ ਨਿਹੰਗ ਆਗੂ ਨੂੰ ਕੇਂਦਰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਆਪਣੀ ਮੁਲਾਕਾਤ ਦਾ ਕਾਰਨ ਦੱਸਣ ਦੀ ਜ਼ਰੂਰਤ ਹੋਵੇਗੀ ਅਤੇ ਇਹ ਵੀ ਦੱਸਣਾ ਹੋਵੇਗਾ ਕਿ ਕੀ ਉਨ੍ਹਾਂ ਨੂੰ ਤਿੰਨ ਕਾਲੇ ਖੇਤੀ ਕਾਨੂੰਨ ਵਿਰੁੱਧ ਮੁਹਿੰਮ ਦੀ ਅਗਵਾਈ ਕਰ ਰਹੇ ਕਿਸਾਨ ਯੂਨੀਅਨਾਂ ਵੱਲੋਂ ਅਜਿਹਾ ਕਰਨ ਦਾ ਆਦੇਸ਼ ਦਿੱਤਾ ਗਿਆ ਸੀ।ਉਪ ਮੁੱਖ ਮੰਤਰੀ ਨੇ ਕਿਹਾ ਕਿ ਨਿਹੰਗ ਆਗੂਆਂ ਵੱਲੋਂ ਸਿੰਘੂ ਬਾਰਡਰ ‘ਤੇ ਡੇਰੇ ਅਤੇ ਧਰਨੇ ਵਾਲੇ ਸਥਾਨ ਦੀ ਮਹੱਤਤਾ ਨੂੰ ਵੇਖਦਿਆਂ ਨਿਹੰਗ ਆਗੂਆਂ ਲਈ ਕਿਸਾਨ ਯੂਨੀਅਨਾਂ ਨੂੰ ਸੂਚਿਤ ਕਰਨਾ ਅਤੇ ਕੇਂਦਰੀ ਮੰਤਰੀ ਨਾਲ ਉਨ੍ਹਾਂ ਦੀਆਂ ਮੀਟਿੰਗਾਂ ਬਾਰੇ ਅਪਡੇਟ ਦੇਣਾ ਲਾਜ਼ਮੀ ਸੀ।

Leave a Reply

Your email address will not be published. Required fields are marked *