ਲਗਤਾਰ ਪਏ ਬੇਮੌਸਮੀ ਮੀਂਹ, ਹਨੇਰੀ ਨਾਲ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ

ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਵਾਢੀ ਦੌਰਾਨ ਮਾਝੇ ਤੇ ਦੋਆਬਾ ਸਣੇ ਦਰਜਨ ਦੇ ਕਰੀਬ ਜ਼ਿਲ੍ਹਿਆਂ ‘ਚ ਪਏ ਗੜਿਆਂ ਤੇ ਬੇਮੌਸਮੇ ਮੀਂਹ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡਾ ਨੁਕਸਾਨ ਕਰ ਦਿੱਤਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚੋਂ ਬਾਰਸ਼ ਨਾਲ ਫਸਲਾਂ ਦੇ ਨੁਕਸਾਨ ਦੀਆਂ ਖ਼ਬਰਾਂ ਹਨ। ਇੱਕ ਪਾਸੇ ਖੇਤਾਂ ਵਿੱਚ ਖੜ੍ਹੀਆਂ ਫਸਲਾਂ ਵਿੱਛ ਗਈਆਂ ਹਨ ਤੇ ਦੂਜੇ ਪਾਸੇ ਮੰਡੀਆਂ ਵਿੱਚ ਪਈ ਝੋਨੇ ਦੀ ਫਸਲ ਬਾਰਸ਼ ਨਾਲ ਭਿੱਜ ਗਈ ਹੈ। ਇਸ ਕਰਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਹੋਰ ਰੁਲਣਾ ਪੈ ਸਕਦਾ ਹੈ। ਅੱਜ ਸਾਰਾ ਦਿਨ ਰੁਕ ਰੁਕ ਕੇ ਬਾਰਸ਼ ਹੁੰਦੀ ਮੌਸਮ ਵਿਭਾਗ ਵੱਲੋਂ ਅਗਲੇ 12 ਘੰਟਿਆਂ ਦੌਰਾਨ ਵੀ ਮੀਂਹ ਤੇ ਹਨੇਰੀ ਚੱਲਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਮੀਂਹ ਤੇ ਗੜਿਆਂ ਨੇ ਮੰਡੀਆਂ ਵਿਚਲੇ ਖਰੀਦ ਪ੍ਰਬੰਧਾਂ ਦੀ ਪੋਲ ਵੀ ਖੋਲ੍ਹ ਕੇ ਰੱਖ ਦਿੱਤੀ ਹੈ, ਜਿੱਥੇ ਖੁੱਲ੍ਹੇ ਆਸਮਾਨ ਹੇਠ ਢੇਰੀ ਕੀਤੀ ਝੋਨੇ ਦੀ ਫ਼ਸਲ ਬਚਾਉਣ ਲਈ ਕਿਸਾਨ ਨੂੰ ਖੁੱਜਲ-ਖੁਆਰ ਹੋਣਾ ਪੈ ਰਿਹਾ ਹੈ। ਅਹਿਮ ਗੱਲ਼ ਹੈ ਕਿ ਪਹਿਲਾਂ ਹੀ ਕਿਸਾਨਾਂ ਨੂੰ ਫ਼ਸਲਾਂ ’ਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਮੰਡੀਆਂ ਵਿੱਚ ਕਈ-ਕਈ ਦਿਨ ਰੁਲਣਾ ਪੈ ਰਿਹਾ ਸੀ, ਹੁਣ ਮੀਂਹ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਸੂਬੇ ’ਚ ਮੀਂਹ ਅਤੇ ਠੰਢੀਆਂ ਹਵਾਵਾਂ ਦਾ ਨਰਮੇ ਦੀ ਫ਼ਸਲ ’ਤੇ ਵੀ ਅਸਰ ਪਿਆ ਹੈ। ਮੀਂਹ ਕਾਰਨ ਜਿੱਥੇ ਨਰਮੇ ਦਾ ਚੁਗਾਈ ਦਾ ਕੰਮ ਰੁਕ ਗਿਆ ਹੈ ਉੱਥੇ ਹੀ ਚੁਗਿਆ ਨਰਮਾ ਵੀ ਭਿੱਜਣ ਕਾਰਨ ਖਰਾਬ ਹੋਣ ਦਾ ਖਦਸ਼ਾ ਹੈ।

Leave a Reply

Your email address will not be published. Required fields are marked *