ਅਮਰੀਕੀ ਕਮਿਸ਼ਨ ਨੇ ਭਾਰਤ ’ਚ ਘੱਟ ਗਿਣਤੀਆਂ ਦੀ ਧਾਰਮਿਕ ਆਜ਼ਾਦੀ ਦੇ ਉਲੰਘਣ ’ਤੇ ਚਿੰਤਾ ਪ੍ਰਗਟਾਈ
ਅੰਮ੍ਰਿਤਸਰ : ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਦਾਅਵਾ ਕੀਤਾ ਕਿ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਸਬੰਧੀ ਅਮਰੀਕਾ ਦੇ ਇਕ ਕਮਿਸ਼ਨ ਵੱਲੋਂ ਤਿਆਰ ਕੀਤੀ ਸੂਚੀ ਵਿੱਚ ਭਾਰਤ ਨੂੰ ਚਿੰਤਾ ਵਾਲੇ ਮੁਲਕ ਦੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਹ ਕਮਿਸ਼ਨ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਮਾਮਲਿਆਂ ’ਤੇ ਨਜ਼ਰ ਰੱਖਦਾ ਹੈ ਅਤੇ ਕਮਿਸ਼ਨ ਨੇ ਆਪਣੀ ਇਕ ਸਾਲਾਨਾ ਰਿਪੋਰਟ 28 ਅਪਰੈਲ ਨੂੰ ਜਾਰੀ ਕੀਤੀ ਹੈ, ਜਿਸ ਵਿੱਚ ਭਾਰਤ ਦਾ ਵਿਸ਼ੇਸ਼ ਜ਼ਿਕਰ ਦਰਜ ਕੀਤਾ ਗਿਆ ਹੈ ਅਤੇ ਭਾਰਤ ਨੂੰ ਚਿੰਤਾ ਵਾਲੇ ਮੁਲਕਾਂ ਦੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦੀ ਇਸ ਰਿਪੋਰਟ ਮੁਤਾਬਕ ਭਾਰਤ ਅਜਿਹੇ ਦੇਸ਼ਾਂ ਦੀ ਸ਼੍ਰੇਣੀ ਵਿੱਚ ਸ਼ਾਮਲ ਹੈ, ਜਿਥੇ ਲਗਾਤਾਰ ਯੋਜਨਾਬੱਧ ਤਰੀਕੇ ਨਾਲ ਧਾਰਮਿਕ ਆਜ਼ਾਦੀ ਮਾਮਲਿਆਂ ਦੀ ਉਲੰਘਣਾ ਬਰਕਰਾਰ ਹੈ। ਉਨ੍ਹਾਂ ਆਖਿਆ ਕਿ ਏਜੀਪੀਸੀ ਅਮਰੀਕਾ ਦੇ ਇਸ ਕਮਿਸ਼ਨ ਦੀ ਇਸ ਰਿਪੋਰਟ ਦੀ ਸ਼ਲਾਘਾ ਕਰਦੀ ਹੈ। ਦੂਜੇ ਪਾਸੇ ਇਹ ਚਿੰਤਾ ਵਾਲੀ ਗੱਲ ਹੈ ਕਿ ਭਾਰਤ ਨੂੰ ਘੱਟ ਗਿਣਤੀਆਂ ਦੀ ਨਿਰੰਤਰ ਅਣਦੇਖੀ ਹੋ ਰਹੀ ਹੈ ਅਤੇ ਜ਼ੁਲਮ ਹੋ ਰਹੇ ਹਨ। ਘੱਟ ਗਿਣਤੀਆਂ ਨੂੰ ਆਪਣੀ ਧਾਰਮਿਕ ਆਜ਼ਾਦੀ ਮਾਣਨ ਦਾ ਵੀ ਹੱਕ ਨਹੀਂ ਹੈ।