ਝੂਠ ਨਾ ਬੋਲੋ, ਸੋਧਿਆ ਖੇਤੀ ਕਾਨੂੰਨ ਪਾਸ ਕਰ ਚੁੱਕੇ ਹਾਂ: ਅਮਰਿੰਦਰ

ਚੰਡੀਗੜ੍ਹ : ਮੁੱਖ ਮੰਤਰੀ ਦੀ ਕੁਰਸੀ ਤੋਂ ਹਟਣ ਤੋਂ ਬਾਅਦ ਪਹਿਲੀ ਵਾਰ ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਹਮਲਾ ਬੋਲਿਆ ਹੈ। ਉਨ੍ਹਾਂ ਦੇ ਸਲਾਹਕਾਰ ਰਵੀਨ ਠੁਕਰਾਲ ਦੇ ਟਵੀਟ ਵਿੱਚ ਕੈਪਟਨ ਵੱਲੋਂ ਕਿਹਾ ਗਿਆ ਹੈ ਕਿ ਖੇਤੀ ਸੁਧਾਰ ਕਾਨੂੰਨ ਅਤੇ ਕਿਸਾਨਾਂ ਲਈ ਮੇਰੀ ਸਰਕਾਰ ਨੇ ਵੀ ਇਹ ਸਭ ਕੁਝ ਕੀਤਾ ਸੀ। ਅਸੀਂ ਕਿਸਾਨ ਆਗੂਆਂ ਨਾਲ ਗੱਲ ਕਰ ਕੇ ਪੰਜਾਬ ਸਰਕਾਰ ਦੇ ਸੋਧੇ ਹੋਏ ਕਾਨੂੰਨ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਪਰ ਬਾਅਦ ਵਿੱਚ ਰਾਜਪਾਲ ਨੇ ਉਨ੍ਹਾਂ ਨੂੰ ਅੱਗੇ ਨਹੀਂ ਭੇਜਿਆ। ਉਨ੍ਹਾਂ ਨੇ ਕਿਹਾ ਕਿ ਰਾਜਪਾਲ ਕਿਸੇ ਵੀ ਨਵੇਂ ਕਾਨੂੰਨ ਨੂੰ ਆਪਣੇ ਕੋਲ ਰੋਕ ਸਕਦਾ ਹੈ। ਮੁੱਖ ਮੰਤਰੀ ਚੰਨੀ ਨੂੰ ਝੂਠੇ ਵਾਅਦੇ ਕਰਕੇ ਕਿਸਾਨਾਂ ਨੂੰ ਗੁੰਮਰਾਹ ਨਹੀਂ ਕਰਨਾ ਚਾਹੀਦਾ। ਜ਼ਿਕਰਯੋਗ ਹੈ ਕਿ ਪੰਜਾਬ ’ਚ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਸਿਆਸੀ ਪਾਰੀ ਕਿਸਾਨ ਅੰਦੋਲਨ ’ਤੇ ਟਿਕੀ ਹੋਈ ਹੈ। ਕੈਪਟਨ ਕਿਸੇ ਨਾ ਕਿਸੇ ਤਰ੍ਹਾਂ ਖੇਤੀ ਕਾਨੂੰਨਾਂ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਸਪੱਸ਼ਟ ਕਰ ਚੁੱਕੇ ਹਨ ਕਿ ਇਨ੍ਹਾਂ ਕਾਨੂੰਨਾਂ ਦੇ ਹੱਲ ਬਾਅਦ ਹੀ ਉਹ ਚੋਣਾਂ ਲਈ ਭਾਜਪਾ ਨਾਲ ਗੱਲ ਕਰਨਗੇ। ਹੁਣ ਜਦੋਂ ਨਵੇਂ ਮੁੱਖ ਮੰਤਰੀ ਚੰਨੀ ਨੇ ਇਸ ਮੁੱਦੇ ਨੂੰ ਹਾਈਜੈਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕੈਪਟਨ ਦਾ ਇਹ ਪ੍ਰਤੀਕਰਮ ਆਇਆ ਹੈ।