ਅਸ਼ਵਨੀ ਸੇਖੜੀ ਨੇ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ’ਤੇ ਲਗਾਏ ਵੱਡੇ ਦੋਸ਼

ਬਟਾਲਾ : ਬਟਾਲਾ ’ਚ ਕਾਂਗਰਸ ਪਾਰਟੀ ਦੀ ਅੰਦਰੂਨੀ ਲੜਾਈ ਇਕ ਵਾਰ ਫਿਰ ਖੁੱਲ੍ਹ ਕੇ ਸਾਹਮਣੇ ਆ ਗਈ ਹੈ ਕਿਉਂਕਿ ਚੇਅਰਮੈਨ ਅਸ਼ਵਨੀ ਸੇਖੜੀ ਵੱਲੋਂ ਆਪਣੀ ਹੀ ਸਰਕਾਰ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ’ਤੇ ਪ੍ਰੈੱਸ ਕਾਨਫਰੰਸ ਦੌਰਾਨ ਦੋਸ਼ਾਂ ਦੀ ਝੜੀ ਲਗਾ ਦਿੱਤੀ ਗਈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਅਸ਼ਵਨੀ ਸੇਖੜੀ ਨੇ ਕਿਹਾ ਕਿ ਉਨ੍ਹਾਂ ਦੀ ਜਾਨ ਨੂੰ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੋਂ ਖਤਰਾ ਹੈ ਕਿਉਂਕਿ ਕੈਬਨਿਟ ਮੰਤਰੀ ਦੇ ਕਈ ਗੈਂਗਸਟਰਾਂ ਨਾਲ ਸਬੰਧ ਹਨ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਨਿਡਰ ਹੋ ਕੇ ਬਟਾਲਾ ਦੇ ਭਲੇ ਲਈ ਆਵਾਜ਼ ਚੁੱਕਦੇ ਰਹੇ ਹਨ ਅਤੇ ਅਗਾਂਹ ਵੀ ਉਹ ਬੁਲੰਦ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ’ਚ ਜੋ ਬਟਾਲਾ ’ਚ ਵਿਕਾਸ ਕਾਰਜ ਹੋਏ ਹਨ, ਉਨ੍ਹਾਂ ਲਈ ਆਏ ਕਰੋੜਾਂ ਰੁਪਏ ਮੰਤਰੀ ਦੀ ਸ਼ਹਿ ’ਤੇ ਖੁਰਦ-ਬੁਰਦ ਕਰ ਦਿੱਤੇ ਗਏ ਹਨ, ਜਿਸ ਦੀ ਜਾਂਚ ਸਰਕਾਰ ਵੱਲੋਂ ਕਰਵਾਈ ਜਾਣੀ ਚਾਹੀਦੀ ਹੈ।

ਅਸ਼ਵਨੀ ਸੇਖੜੀ ਨੇ ਕਿਹਾ ਕਿ ਇਸ ਵੇਲੇ ਕਾਂਗਰਸ ਪਾਰਟੀ ਦੇ ਲਗਭਗ 10 ਵਿਧਾਨ ਸਭਾ ਹਲਕਿਆਂ ’ਚ ਕੈਬਨਿਟ ਮੰਤਰੀ ਬਾਜਵਾ ਦਾ ਸਿੱਧਾ ਦਖਲ ਹੈ, ਜਿਸ ਕਾਰਨ ਵਿਧਾਇਕ ਅਤੇ ਸਾਬਕਾ ਵਿਧਾਇਕ ਆਪਣੇ ਇਸ ਮੰਤਰੀ ਤੋਂ ਕਾਫੀ ਨਾਰਾਜ਼ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਪਾਰਟੀ ਦੇ ਇੰਚਾਰਜ ਹਰੀਸ਼ ਚੌਧਰੀ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਆਪਣੇ ਵਿਧਾਇਕਾਂ ਨਾਲ ਹੋਈ ਮੀਟਿੰਗ ਦੌਰਾਨ ਵਿਧਾਇਕਾਂ ਨੇ ਸਿੱਧੇ ਤੌਰ ’ਤੇ ਕੈਬਨਿਟ ਮੰਤਰੀ ਬਾਜਵਾ ਦੀ ਦਖਲ ਦਾ ਜ਼ਿਕਰ ਕੀਤਾ।

ਉਨ੍ਹਾਂ ਕਈ ਵਾਰ ਕਾਂਗਰਸ ਹਾਈਕਮਾਂਡ ਨੂੰ ਅਪੀਲ ਕੀਤੀ ਹੈ ਕਿ ਕੈਬਨਿਟ ਮੰਤਰੀ ਬਾਜਵਾ ਨੂੰ ਉਨ੍ਹਾਂ ਦੇ ਹਲਕੇ ’ਚ ਦਖਲ ਦੇਣ ਤੋਂ ਰੋਕਿਆ ਜਾਵੇ ਪਰ ਅਜੇ ਤੱਕ ਹਾਈਕਮਾਂਡ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਅੱਜ ਉਨ੍ਹਾਂ ਨੂੰ ਪ੍ਰੈੱਸ ਕਾਨਫਰੰਸ ਕਰਨ ਲਈ ਮਜ਼ਬੂਰ ਹੋਣਾ ਪਿਆ ਹੈ ਕਿਉਂਕਿ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਬਟਾਲਾ ’ਚ ਅੱਜ ਫਿਰ ਦੋ ਪ੍ਰੋਜੈਕਟਾਂ ਦਾ ਉਦਘਾਟਨ ਕਰ ਕੇ ਗਏ ਹਨ, ਜਿਨ੍ਹਾਂ ਦਾ ਉਦਘਾਟਨ ਉਪ ਮੁੱਖ ਮੰਤਰੀ ਵੱਲੋਂ ਕੀਤਾ ਜਾਣਾ ਸੀ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਹਾਈਕਮਾਂਡ ਨੂੰ ਅੱਜ ਲਿਖਤੀ ਤੌਰ ’ਤੇ ਵੀ ਇਸ ਸਬੰਧੀ ਸ਼ਿਕਾਇਤ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਸਿਟੀ ਕਾਂਗਰਸ ਕਮੇਟੀ ਪ੍ਰਧਾਨ ਸਰਵਣ ਮੁੱਢ, ਸ਼ਕਤੀ ਮਹਾਜਨ, ਮਹੰਤ ਰਾਜਿੰਦਰ ਸ਼ਰਮਾ, ਬਲਦੇਵ ਸਿੰਘ, ਵਰਿੰਦਰ ਸ਼ਰਮਾ, ਅਸ਼ਵਨੀ ਮਲਹੋਤਰਾ, ਰਵਿੰਦਰ ਸੋਨੀ, ਹਰਮਿੰਦਰ ਸਿੰਘ ਸੈਂਡੀ ਆਦਿ ਹਾਜ਼ਰ ਸਨ।

ਕੀ ਕਹਿਣੈ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਦਾ
ਇਸ ਸਬੰਧੀ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅਸ਼ਵਨੀ ਸੇਖੜੀ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਕਿਸੇ ਵੀ ਗੈਂਗਸਟਰ ਨਾਲ ਕੋਈ ਸਬੰਧ ਨਹੀਂ ਹਨ ਅਤੇ ਜੋ ਦੋਸ਼ ਅਸ਼ਵਨੀ ਸੇਖੜੀ ਲਗਾ ਰਹੇ ਹਨ, ਉਹ ਝੂਠੇ ਤੇ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਜੋ ਪੈਸਾ ਆਇਆ ਹੈ, ਉਹ ਵਿਕਾਸ ਕਾਰਜਾਂ ’ਤੇ ਹੀ ਲਗਾਇਆ ਗਿਆ ਹੈ, ਅਸ਼ਵਨੀ ਸੇਖੜੀ ਚਾਹੁੰਣ ਤਾਂ ਜਿਸ ਮਰਜ਼ੀ ਏਜੰਸੀ ਤੋਂ ਜਾਂਚ ਕਰਵਾ ਸਕਦੇ ਹਨ। ਉਨ੍ਹਾਂ ਨੇ ਕਦੇ ਵੀ ਅਸ਼ਵਨੀ ਸੇਖੜੀ ਦੇ ਹਲਕੇ ’ਚ ਦਲਖਅੰਦਾਜ਼ੀ ਨਹੀਂ ਕੀਤੀ ਅਤੇ ਜੋ ਵੀ ਵਿਕਾਸ ਕਾਰਜਾਂ ਦੇ ਉਦਘਾਟਨ ਹਨ, ਉਹ ਉਥੋਂ ਦੇ ਲੀਡਰਾਂ ਵੱਲੋਂ ਹੀ ਕੀਤੇ ਗਏ ਹਨ ਕਿਉਂਕਿ ਉਨ੍ਹਾਂ ਦਾ ਕੰਮ ਸਿਰਫ ਵਿਕਾਸ ਕਾਰਜਾਂ ਲਈ ਪੈਸੇ ਲੈ ਕੇ ਆਉਣਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਫਤਿਹਗੜ੍ਹ ਚੂੜੀਆਂ ਤੋਂ ਹੀ ਚੋਣ ਲੜਣਗੇ। ਉਨ੍ਹਾਂ ਦਾ ਅਕਾਲੀ ਦਲ ਨਾਲ ਕਿਸੇ ਤਰ੍ਹਾਂ ਦਾ ਕੋਈ ਸਬੰਧ ਨਹੀਂ ਅਤੇ ਨਾ ਹੀ ਉਨ੍ਹਾਂ ਕਦੇ ਵੀ ਕਾਂਗਰਸ ਪਾਰਟੀ ਨੂੰ ਕਮਜ਼ੋਰ ਕਰਨ ਲਈ ਅਕਾਲੀ ਦਲ ਦਾ ਸਾਥ ਦਿੱਤਾ ਹੈ।

Leave a Reply

Your email address will not be published. Required fields are marked *