BSF ਬਾਰੇ ਨੋਟੀਫਿਕੇਸ਼ਨ ਨੂੰ ਮਹੀਨਾ ਹੋਇਆ ਅਜੇ ਤੱਕ ਸੁਪਰੀਮ ਕੋਰਟ ਕਿਉਂ ਨਹੀਂ ਪਹੁੰਚੀ ਸਰਕਾਰ?

ਚੰਡੀਗੜ੍ਹ : ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ‘ਚ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦਾ ਅਧਿਕਾਰ ਖੇਤਰ ਵਧਾਉਣ ਦੇ ਮੁੱਦੇ ‘ਤੇ ਆਪਣੀ ਹੀ ਸੂਬਾ ਸਰਕਾਰ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਬੀ.ਐਸ.ਐਫ ਦੇ ਅਧਿਕਾਰ ਖੇਤਰ ਵਿੱਚ ਵਾਧਾ ਕਰਨ ਦੇ ਨੋਟੀਫਿਕੇਸ਼ਨ ਨੂੰ ਕਰੀਬ ਇੱਕ ਮਹੀਨਾ ਹੋਣ ਵਾਲਾ ਹੈ। ਪੰਜਾਬ ਸਰਕਾਰ ਨੇ ਧਾਰਾ 131 ਤਹਿਤ ਇਸ ਨੂੰ ਸੁਪਰੀਮ ਕੋਰਟ ਵਿੱਚ ਅਜੇ ਤੱਕ ਚੁਣੌਤੀ ਕਿਉਂ ਨਹੀਂ ਦਿੱਤੀ? ਕੀ ਇਹ ਵਿਰੋਧ ਸਿਰਫ਼ ਇੱਕ ਧੋਖਾ ਹੈ? ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਇਹ ਸਵਾਲ ਅਜਿਹੇ ਸਮੇਂ ਉਠਾਇਆ ਹੈ ਜਦੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਹੈ। ਇਸ ਵਿੱਚ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਦੇ ਖ਼ਿਲਾਫ਼ ਪ੍ਰਸਤਾਵ ਲਿਆਂਦਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇਸ ਮੁੱਦੇ ‘ਤੇ ਸਰਬ ਪਾਰਟੀ ਮੀਟਿੰਗ ਕੀਤੀ ਸੀ।