ਪੰਜਾਬ ’ਚ ਨੌਕਰੀਆਂ ’ਚ ਪੰਜਾਬੀਆਂ ਨੂੰ ਮਿਲੇਗਾ ਰਾਖਵਾਂਕਰਨ

ਚੰਡੀਗੜ੍ਹ : ਚੰਨੀ ਸਰਕਾਰ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਸਰਕਾਰ ਬਣਾਉਣ ਲਈ ਇੱਕ ਹੋਰ ਚੋਣਾਵੀ ਮਾਸਟਰਸਟ੍ਰੋਕ ਖੇਡਣ ਦੀ ਤਿਆਰੀ ਕਰ ਲਈ ਹੈ। ਜਲਦ ਹੀ ਪੰਜਾਬ ਵਿੱਚ ਪੰਜਾਬੀਆਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਵਿੱਚ ਰਾਖਵਾਂਕਰਨ ਮਿਲੇਗਾ। ਇਸ ਦੇ ਲਈ ਪੰਜਾਬ ਸਰਕਾਰ ਹਰਿਆਣਾ ਦੀ ਤਰਜ਼ ‘ਤੇ ਇਕ ਕਾਨੂੰਨ ਲਿਆਵੇਗੀ, ਜਿਸ ਵਿਚ ਪੰਜਾਬੀਆਂ ਲਈ ਕੋਟਾ ਤੈਅ ਕੀਤਾ ਜਾਵੇਗਾ।
ਮੰਗਲਵਾਰ ਨੂੰ ਸੀਐੱਮ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਕੈਬਨਿਟ ਦੀ ਬੈਠਕ ਹੋਈ। ਇਸ ਵਿੱਚ ਸੂਬੇ ਵਿੱਚ ਨਿੱਜੀ ਨੌਕਰੀਆਂ ਵਿੱਚ ਸਥਾਨਕ ਲੋਕਾਂ ਨੂੰ 75 ਫੀਸਦੀ ਰਾਖਵਾਂਕਰਨ ਦੇਣ ਦਾ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ। ਇਸ ਦੀ ਤਿਆਰੀ ਕੀਤੀ ਜਾ ਰਹੀ ਹੈ। ਸੀਐਮ ਚਰਨਜੀਤ ਚੰਨੀ ਨੇ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਪੰਜਾਬੀਆਂ ਨੂੰ ਪੰਜਾਬ ਵਿੱਚ ਨੌਕਰੀਆਂ ਮਿਲਣ। ਪੰਜਾਬ ਸਰਕਾਰ ਜਲਦ ਹੀ ਇੱਕ ਕਾਨੂੰਨ ਲਿਆ ਰਹੀ ਹੈ ਜਿਸ ਤਹਿਤ ਪੰਜਾਬੀਆਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਵਿੱਚ 100% ਦੇ ਕਰੀਬ ਨੌਕਰੀਆਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀਆਂ ਨੌਕਰੀਆਂ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਦੇ ਕੁਝ ਹਿੱਸੇ ਵਿੱਚ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਹਰਿਆਣਾ ਨਾਲੋਂ ਵਧੀਆ ਕਾਨੂੰਨ ਲਿਆਵੇਗਾ। ਜਿਸ ਵਿੱਚ ਨੌਕਰੀਆਂ ਵਿੱਚ ਪੂਰੀ ਪਾਰਦਰਸ਼ਤਾ ਹੋਵੇਗੀ।