ਸਿੱਧੂ ਨੇ ਹੁਣ ਨਸ਼ੇ ਦੇ ਮੁੱਦੇ ’ਤੇ ਘੇਰੀ ਆਪਣੀ ਸਰਕਾਰ, ਕਿਹਾ- ਜਨਤਕ ਕਰੋ ਐੱਸਟੀਐੱਫ ਦੀ ਰਿਪੋਰਟ

ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਇੱਕ ਵਾਰ ਫਿਰ ਚੰਨੀ ਸਰਕਾਰ ਨੂੰ ਘੇਰਿਆ ਹੈ। ਸਿੱਧੂ ਨੇ ਨਸ਼ਿਆਂ ਦੇ ਮਾਮਲੇ ਵਿੱਚ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੀ ਰਿਪੋਰਟ ਜਨਤਕ ਕਰਕੇ ਕਾਰਵਾਈ ਕਰਨ ਲਈ ਕਿਹਾ। ਇੰਨਾ ਹੀ ਨਹੀਂ ਸਿੱਧੂ ਨੇ ਹਾਈਕੋਰਟ ਦੀ ਟਿੱਪਣੀ ਨੂੰ ਲੈ ਕੇ ਪੰਜਾਬ ਦੇ ਨੇਤਾਵਾਂ ਅਤੇ ਅਫਸਰਾਂ ‘ਤੇ ਵੀ ਸਵਾਲ ਖੜ੍ਹੇ ਕੀਤੇ। ਸਿੱਧੂ ਨੇ ਕਿਹਾ ਕਿ ਪੰਜਾਬ ਪਿਛਲੇ ਲਗਾਤਾਰ ਪੰਜ ਸਾਲਾਂ ਤੋਂ ਐਨ.ਡੀ.ਪੀ.ਐਸ ਦੀ ਅਪਰਾਧ ਦਰ ਵਿੱਚ ਪਹਿਲੇ ਸਥਾਨ ‘ਤੇ ਰਿਹਾ ਹੈ। ਸਿੱਧੂ ਨੇ ਕਿਹਾ ਕਿ ਸਾਡੇ ‘ਤੇ ਦੋਸ਼ ਲਾਏ ਜਾ ਰਹੇ ਹਨ ਕਿ ਕਾਂਗਰਸ ਵੀ ਨਸ਼ਿਆਂ ਖਿਲਾਫ ਕਾਰਵਾਈ ਨਾ ਕਰਕੇ ਅਕਾਲੀਆਂ ਦੀ ਵਿਰਾਸਤ ਨੂੰ ਅੱਗੇ ਵਧਾ ਰਹੀ ਹੈ। ਸਿੱਧੂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ 2021 ਦੀ ਟਿੱਪਣੀ ਦਾ ਹਵਾਲਾ ਦਿੱਤਾ ਕਿ ਪੰਜਾਬ ਵਿੱਚ ਨਸ਼ਾ ਸਪਲਾਈ ਕਰਨ ਵਾਲੇ ਸਿਆਸੀ ਸਰਪ੍ਰਸਤੀ ਹੇਠ ਸਜ਼ਾ ਤੋਂ ਬਚ ਰਹੇ ਹਨ, ਸਿਰਫ ਛੋਟੇ ਕੈਰੀਅਰ ਫੜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 2017 ’ਚ ਚਾਰ ਹਫ਼ਤਿਆਂ ’ਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਗਿਆ ਸੀ।