ਮੁਸਲਮਾਨਾਂ ਦੀ ਨਸਲਕੁਸ਼ੀ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਮਹਿਬੂਬਾ

ਸ੍ਰੀਨਗਰ: ਪੀਪਲਜ਼ ਡੈਮੋਕ੍ਰੈਟਿਕ ਪਾਰਟੀ (ਪੀਡੀਪੀ) ਮੁਖੀ ਮਹਿਬੂਬਾ ਮੁਫ਼ਤੀ ਨੇ ਦੋਸ਼ ਲਾਇਆ ਕਿ ਦੇਸ਼ ਦੀ ਬੁਨਿਆਦ ਨੂੰ ਹਿਲਾਇਆ ਜਾ ਰਿਹਾ ਹੈ, ਇਸ ਦਾ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਅਤੇ ਭਾਜਪਾ ਮੰਤਰੀ ਮੁਸਲਮਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਆਪਸ ਵਿੱਚ ਮੁਕਾਬਲਾ ਕਰ ਰਹੇ ਹਨ। ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਨੇ ਇਹ ਵੀ ਦੋਸ਼ ਲਾਇਆ ਭਾਜਪਾ ਮੁਸਲਮਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਤਾਂ ਕਿ ਉਨ੍ਹਾਂ ਦੀ ਨਸਲਕੁਸ਼ੀ ਦਾ ਮੌਕਾ ਹਾਸਲ ਕੀਤਾ ਜਾ ਸਕੇ। ਮਹਿਬੂਬਾ ਦਾ ਇਹ ਬਿਆਨ ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਦੇ ਉਸ ਬਿਆਨ ਤੋਂ ਬਾਅਦ ਆਇਆ, ਜਿਸ ਵਿੱਚ ਉਨ੍ਹਾਂ ਕਿਹਾ ਕਿ ਸੀ ਕਿ ਮਦਰੱਸਿਆ ਦੀ ਹੋਂਦ ਖਤਮ ਹੋਣੀ ਚਾਹੀਦੀ ਹੈ। ਮਹਿਬੂਬਾ ਨੇ ਲੋਕਾਂ ਨੂੰ ਹਾਲੀਆ ਸਮੇਂ ਦੌਰਾਨ ਭਾਜਪਾ ਸ਼ਾਸਿਤ ਰਾਜਾਂ ਵਿੱਚ ਮੁਸਲਮਾਨਾਂ ਨਾਲ ਹੋਏ ਸਲੂਕ ਨੂੰ ਯਾਦ ਕਰਨ ਦੀ ਵੀ ਅਪੀਲ ਕੀਤੀ। ਪੀਡੀਪੀ ਮੁਖੀ ਨੇ ਦਾਅਵਾ ਕੀਤਾ ਕਿ ਭਾਜਪਾ ਨੇਤਾ ਅਤੇ ਮੈਂਬਰ ਜਾਣਬੁੱਝ ਕੇ ‘ਮੰਦਰ-ਮਸਜਿਦ’ ਜਿਹੇ ਸੰਵੇਦਨਸ਼ੀਲ ਮੁੱਦੇ ਉਠਾ ਜਾ ਰਹੇ ਹਨ, ਤਾਂ ਕਿ ‘ਮੁਸਲਮਾਨਾਂ ਨੂੰ ਉਕਸਾਇਆ ਤੇ ਭੜਕਾਇਆ ਜਾ ਸਕੇ।’’