ਅਰੁਣ ਸ਼ੌਰੀ, ਐੱਨ ਰਾਮ ਅਤੇ ਪ੍ਰਸ਼ਾਂਤ ਭੂਸ਼ਣ ਨੂੰ ਅਰਜ਼ੀ ਵਾਪਸ ਲੈਣ ਦੀ ਇਜਾਜ਼ਤ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸਾਬਕਾ ਕੇਂਦਰੀ ਮੰਤਰੀ ਅਰੁਣ ਸ਼ੋਰੀ, ਪੱਤਰਕਾਰ ਐੱਨ ਰਾਮ ਅਤੇ ਵਕੀਲ ਪ੍ਰਸ਼ਾਂਤ ਭੂਸ਼ਣ ਨੂੰ ਅਪਰਾਧਕ ਮਾਣਹਾਨੀ ਦੇ ਕਾਨੂੰਨੀ ਪ੍ਰਾਵਧਾਨ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਾਪਸ ਲੈਣ ਦੀ ਅੱਜ ਇਜਾਜ਼ਤ ਦੇ ਦਿੱਤੀ ਹੈ। ਜਸਟਿਸ ਅਰੁਣ ਮਿਸ਼ਰਾ, ਬੀ ਆਰ ਗਵਈ ਅਤੇ ਕ੍ਰਿਸ਼ਨ ਮੁਰਾਰੀ ਦੇ ਬੈਂਚ ਨੂੰ ਅਰਜ਼ੀਕਾਰਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਰਾਜੀਵ ਧਵਨ ਨੇ ਜਾਣਕਾਰੀ ਦਿੱਤੀ ਕਿ ਉਹ ਆਪਣੀ ਪਟੀਸ਼ਨ ਵਾਪਸ ਲੈਣਾ ਚਾਹੁੰਦੇ ਹਨ ਕਿਉਂਕਿ ਇਸ ਮਾਮਲੇ ’ਤੇ ਪਹਿਲਾਂ ਤੋਂ ਕਈ ਅਰਜ਼ੀਆਂ ਬਕਾਇਆ ਪਈਆਂ ਹਨ ਅਤੇ ਉਹ ਨਹੀਂ ਚਾਹੁੰਦੇ ਕਿ ਇਹ ਪਟੀਸ਼ਨ ਵੀ ਰੁਕ ਜਾਵੇ। ਬੈਂਚ ਨੇ ਉਨ੍ਹਾਂ ਨੂੰ ਇਸ ਛੋਟ ਨਾਲ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦਿੱਤੀ ਕਿ ਉਹ ਸਿਖਰਲੀ ਅਦਾਲਤ ਤੋਂ ਇਲਾਵਾ ਹੋਰ ਕਿਸੇ ਢੁਕਵੇਂ ਜੁਡੀਸ਼ਲ ਮੰਚ ਕੋਲ ਪਹੁੰਚ ਕਰ ਸਕਦੇ ਹਨ।