ਮੁਲਤਾਨੀ ਅਗਵਾ ਕੇਸ: ਸੁਮੇਧ ਸੈਣੀ ਖ਼ਿਲਾਫ਼ ਕਤਲ ਕੇਸ ਦਰਜ

ਮੁਹਾਲੀ: ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਪੁੱਤਰ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤ-ਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੁਹਾਲੀ ਅਦਾਲਤ ਨੇ ਵਾਅਦਾ ਮੁਆਫ਼ ਗਵਾਹ ਬਣੇ ਯੂਟੀ ਪੁਲੀਸ ਦੇ ਦੋ ਸਾਬਕਾ ਇੰਸਪੈਕਟਰਾਂ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਪੰਜਾਬ ਪੁਲੀਸ ਦੀ ਸਿੱਟ ਨੂੰ ਸਾਬਕਾ ਡੀਜੀਪੀ ਸੈਣੀ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਮਗਰੋਂ ਪੁਲੀਸ ਨੇ ਸੈਣੀ ਖ਼ਿਲਾਫ਼ ਕਤਲ ਕੇਸ ਦਰਜ ਕਰ ਲਿਆ ਹੈ। ਇਸ ਗੱਲ ਦੀ ਪੁਸ਼ਟੀ ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਨੇ ਕੀਤੀ ਹੈ। ਦੋਵੇਂ ਸਾਬਕਾ ਇੰਸਪੈਕਟਰਾਂ ਨੇ ਵੀਰਵਾਰ ਨੂੰ ਮੁਹਾਲੀ ਦੀ ਜੁਡੀਸ਼ਲ ਤੇ ਡਿਊਟੀ ਮੈਜਿਸਟਰੇਟ ਰਸਵੀਨ ਕੌਰ ਦੀ ਅਦਾਲਤ ਵਿੱਚ ਸੀਆਰਪੀਸੀ ਦੀ ਧਾਰਾ 164 ਤਹਿਤ ਬਿਆਨ ਦਰਜ ਕਰਵਾਏ ਸਨ। ਉਨ੍ਹਾਂ ਅਦਾਲਤ ਨੂੰ ਦੱਸਿਆ ਸੀ ਕਿ ਉਨ੍ਹਾਂ ’ਤੇ ਕਿਸੇ ਦਾ ਕੋਈ ਦਬਾਅ ਨਹੀਂ ਹੈ ਅਤੇ ਨਾ ਹੀ ਉਹ ਕਿਸੇ ਲਾਲਚ ਵਿੱਚ ਆ ਕੇ ਬਿਆਨ ਦਰਜ ਕਰਵਾ ਰਹੇ ਹਨ ਬਲਕਿ ਆਪਣੀ ਮਰਜ਼ੀ ਅਨੁਸਾਰ ਵਾਅਦਾ ਮੁਆਫ਼ ਗਵਾਹ ਬਣੇ ਹਨ। ਅਦਾਲਤ ਨੇ ਸਾਬਕਾ ਪੁਲੀਸ ਅਫ਼ਸਰਾਂ ਦੇ ਬਿਆਨ ਦਰਜ ਕਰਨ ਅਤੇ ਪੁਲੀਸ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅੱਜ ਲਈ ਆਪਣਾ ਫੈਸਲਾ ਰਾਖਵਾਂ ਰੱਖਿਆ ਸੀ। ਅੱਜ ਅਦਾਲਤ ਨੇ ਪੁਲੀਸ ਨੂੰ ਸੈਣੀ ਖ਼ਿਲਾਫ਼ ਕਤਲ ਕੇਸ ਚਲਾਉਣ ਦੀ ਇਜਾਜ਼ਤ ਦੇ ਦਿੱਤੀ, ਜਿਸ ਮਗਰੋਂ ਮੁਹਾਲੀ ਪੁਲੀਸ ਨੇ ਕੇਸ ਦਰਜ ਕਰ ਲਿਆ।             

ਪੰਜਾਬ ਸਰਕਾਰ ਵੱਲੋਂ ਇਸ ਕੇਸ ਦੀ ਪੈਰਵੀ ਲਈ ਨਿਯੁਕਤ ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਦੱਸਿਆ ਕਿ ਇਨ੍ਹਾਂ ਦੋਵੇਂ  ਅਫ਼ਸਰਾਂ ਨੇ ਆਪਣੇ ਬਿਆਨਾਂ ਵਿੱਚ ਪੂਰੇ ਘਟਨਾਕ੍ਰਮ ’ਤੇ ਰੋਸ਼ਨੀ ਪਾਉਂਦਿਆਂ ਅਦਾਲਤ ਨੂੰ ਦੱਸਿਆ ਕਿ 1991 ਵਿੱਚ ਚੰਡੀਗੜ੍ਹ ਵਿੱਚ ਐੱਸਐੱਸਪੀ ਵਜੋਂ ਤਾਇਨਾਤੀ ਦੌਰਾਨ ਸੁਮੇਧ ਸੈਣੀ ਦੇ ਕਾਫ਼ਲੇ ਉੱਤੇ ਹੋਏ ਬੰਬ ਧਮਾਕੇ ਤੋਂ ਬਾਅਦ ਮੁਲਜ਼ਮਾਂ ਦੀ ਪੈੜ ਨੱਪਣ ਲਈ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ ਗਿਆ ਸੀ। ਇਸ ਧਮਾਕੇ ਵਿੱਚ ਤਿੰਨ ਪੁਲੀਸ ਕਰਮਚਾਰੀ ਮਾਰੇ ਗਏ ਸੀ ਜਦੋਂਕਿ ਸੈਣੀ ਤੇ ਕੁਝ ਹੋਰ ਪੁਲੀਸ ਜਵਾਨ ਜ਼ਖ਼ਮੀ ਹੋ ਗਏ ਸਨ। ਉਦੋਂ ਸੈਣੀ ’ਤੇ ਕਹਿਣ ’ਤੇ ਬਲਵੰਤ ਸਿੰਘ ਮੁਲਤਾਨੀ ਨੂੰ ਮੁਹਾਲੀ ਸਥਿਤ ਉਸ ਦੇ ਘਰੋਂ ਚੁੱਕ ਕੇ ਸੈਕਟਰ-17 ਦੇ ਥਾਣੇ ਵਿੱਚ ਲਿਆਂਦਾ ਗਿਆ ਸੀ, ਜਿੱਥੇ ਉਸ ਉੱਤੇ ਸੈਣੀ ਦੀ ਮੌਜੂਦਗੀ ਵਿੱਚ ਬੇਤਹਾਸ਼ਾ ਤਸ਼ੱਦਦ ਢਾਹਿਆ ਗਿਆ। ਥਾਣੇ ਵਿੱਚ ਮੁਲਤਾਨੀ ’ਤੇ ਢਾਹੇ ਅਣਮਨੁੱਖੀ ਤਸ਼ੱਦਦ ਕਾਰਨ ਉਸ ਦੀ ਮੌਤ ਹੋ ਗਈ ਸੀ। ਇਸ ਮਗਰੋਂ ਨੌਜਵਾਨ ਦੀ ਲਾਸ਼ ਟਿਕਾਣੇ ਲਾਉਣ ਲਈ ਵੱਖ-ਵੱਖ ਪੁਲੀਸ ਅਫ਼ਸਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ। ਇਹੀ ਨਹੀਂ ਪੁਲੀਸ ਨੇ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਕਾਦੀਆਂ (ਗੁਰਦਾਸਪੁਰ) ਥਾਣੇ ਵਿੱਚ ਝੂਠਾ ਕੇਸ ਦਰਜ ਕਰਕੇ ਇਹ ਦਰਸਾਇਆ ਕਿ ਮੁਲਤਾਨੀ ਪੁਲੀਸ ਹਿਰਾਸਤ ’ਚੋਂ ਭੱਜ ਗਿਆ ਹੈ। ਇਸ ਸਬੰਧੀ ਯੂਟੀ ਪੁਲੀਸ ਦੀ ਟੀਮ ਨੇ ਵਾਪਸ ਚੰਡੀਗੜ੍ਹ ਆ ਕੇ ਸੈਕਟਰ-17 ਦੇ ਥਾਣੇ ਵਿੱਚ ਵੀ ਡੀਡੀਆਰ ਦਰਜ ਕੀਤੀ ਸੀ। ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਛੇ ਮੁਲਜ਼ਮਾਂ ਐੱਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ, ਹਰ ਸਹਾਏ ਸ਼ਰਮਾ (69) ਵਾਸੀ ਸੈਕਟਰ-51ਡੀ, ਜਗੀਰ ਸਿੰਘ (70) ਵਾਸੀ ਸੈਕਟਰ-51, ਅਨੋਖ ਸਿੰਘ (65) ਵਾਸੀ ਸੈਕਟਰ-21 ਅਤੇ ਕੁਲਦੀਪ ਸਿੰਘ ਸੰਧੂ (66) ਵਾਸੀ ਮਨੀਮਾਜਰਾ ਦੇ ਖ਼ਿਲਾਫ਼ ਮਟੌਰ ਥਾਣੇ ਵਿੱਚ ਧਾਰਾ 364, 201, 344, 330, 219 ਅਤੇ 120ਬੀ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। 

ਪੁਲੀਸ ਨੇ ਸੈਣੀ ਨੂੰ ਨੋਟਿਸ ਭੇਜਿਆ 

ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਨੇ ਦੱਸਿਆ ਕਿ ਪੁਲੀਸ ਰਾਹੀਂ ਸੈਣੀ ਨੂੰ ਨੋਟਿਸ ਭੇਜ ਕੇ ਉਸ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਬਾਰੇ ਜਾਣਕਾਰੀ ਦਿੱਤੀ ਗਈ ਹੈ। ਅਦਾਲਤ ਨੇ ਪੁਲੀਸ ਨੂੰ ਹਦਾਇਤ ਕੀਤੀ ਸੀ ਕਿ ਸੈਣੀ ਖ਼ਿਲਾਫ਼ ਕਤਲ ਕੇਸ ਦਰਜ ਕਰਕੇ ਗ੍ਰਿਫ਼ਤਾਰੀ ਤੋਂ ਪਹਿਲਾਂ ਤਿੰਨ ਦਿਨ ਦਾ ਨੋਟਿਸ ਦਿੱਤਾ ਜਾਵੇ।  

Leave a Reply

Your email address will not be published. Required fields are marked *