ਮੁਹਾਲੀ ਤੋਂ ਨਿਹੰਗ ਸਿੰਘਾਂ ਤੇ ਸਿੱਖਾਂ ਦਾ ਜਥਾ ਦਿੱਲੀ ਪਹੁੰਚਿਆ

ਐੱਸਏਐੱਸ ਨਗਰ : ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਦਾ ਰੋਹ ਲਗਾਤਾਰ ਭਖ਼ਦਾ ਜਾ ਰਿਹਾ ਹੈ ਅਤੇ ਕਿਸਾਨਾਂ ਦੇ ਸੰਘਰਸ਼ ਨੂੰ ਸਾਰੇ ਧਰਮਾਂ ਅਤੇ ਵਰਗਾਂ ਦੇ ਲੋਕਾਂ ਦਾ ਪੂਰਾ ਸਮਰਥਨ ਮਿਲ ਰਿਹਾ ਹੈ। ਦਿੱਲੀ ਚੱਲੋ-ਦਿੱਲੀ ਚੱਲੋ ਮੁਹਿੰਮ ਦੇ ਤਹਿਤ ਵੀਰਵਾਰ ਨੂੰ ਇੱਥੋਂ ਦੇ ਫੇਜ਼-8 ਸਥਿਤ ਗੁਰਦੁਆਰਾ ਸ੍ਰੀ ਧੰਨਾ ਭਗਤ ਮੁਹਾਲੀ ਤੋਂ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਦੀ ਅਗਵਾਈ ਵਿੱਚ ਹੇਠ ਨਿਹੰਗ ਸਿੰਘਾਂ ਅਤੇ ਸਿੱਖ ਆਗੂਆਂ ਦਾ ਇੱਕ ਜਥਾ ਦਿੱਲੀ ਵਿੱਚ ਚਲ ਰਹੇ ਕਿਸਾਨਾਂ ਦੇ ਧਰਨੇ ਵਿੱਚ ਸ਼ਾਮਲ ਹੋਣ ਲਈ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਹੋਇਆ। ਇਸ ਕਾਫ਼ਲੇ ਵਿੱਚ ਵੱਖ-ਵੱਖ ਸਮਾਜ ਸੇਵੀ ਅਤੇ ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਸ਼ਾਮਲ ਸੀ। ਇਸ ਮੌਕੇ ਬਾਬਾ ਸੁਰਿੰਦਰ ਸਿੰਘ ਧੰਨਾ ਭਗਤ ਸਮੇਤ ਹੋਰਨਾਂ ਆਗੂਆਂ ਨੇ ਕਿਸਾਨ ਵਿਰੋਧੀ ਤਿੰਨੇ ਖੇਤੀ ਕਾਨੂੰਨ ਮੁੱਢੋਂ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਡਾ. ਸਵਾਮੀਨਾਥਨ ਦੀ ਰਿਪੋਰਟ ਲਾਗੂ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਜਿਣਸਾਂ ਦਾ ਉਚਿੱਤ ਭਾਅ ਦਿੱਤਾ ਜਾਵੇ। ਇਸ ਮੌਕੇ ਉੱਘੇ ਕਥਾਵਾਚਕ ਭਾਈ ਰਜਿੰਦਰ ਸਿੰਘ, ਭਾਈ ਚੰਨਪ੍ਰੀਤ ਸਿੰਘ, ਜਥੇਦਾਰ ਰਮੇਸ਼ ਸਿੰਘ ਕਜਹੇੜੀ, ਬਾਬਾ ਸਿਕੰਦਰ ਸਿੰਘ ਅਤੇ ਨਿਹੰਗ ਸਿੰਘਾਂ ਦੇ ਜਥੇਦਾਰ ਅਤੇ ਹੋਰ ਪਤਵੰਤੇ ਮੌਜੂਦ ਸਨ।
ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਕਮਰਸ ਵਿਭਾਗ ਦੇ ਮੁਖੀ ਡਾ. ਬਿਕਰਮਜੀਤ ਸਿੰਘ ਸੁੰਧੂ ਦਿੱਲੀ ਵਿਚ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ ਆਪਣੀ ਸ਼ਮੁਲਿਅਤ ਦਰਜ ਕਰਵਾਉਣ ਲਈ ਅੱਜ ਦਿੱਲੀ ਰਵਾਨਾ ਹੋਏ। ਦਿੱਲੀ ਦੇ ਸਿੰਘੂ ਬਾਰਡਰ ਤੇ ਪਹੁੰਚ ਕੇ ਕੇਂਦਰ ਸਰਕਾਰ ਵੱਲੋਂ ਕਿਸਾਨੀ ਵਿਰੁੱਧ ਬਣਾਏ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਤਰਕ ਸਹਿਤ ਆਪਣੇ ਵਿਚਾਰ ਰੱਦਿਆਂ ਸੰਧੂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਇਹ ਕਾਲੇ ਕਾਨੂੰਨ ਪਾਪਿਸ ਲੈਣ ਦੀ ਗੱਲ ਕਹੀ।

ਚਮਕੌਰ ਸਾਹਿਬ :ਕੇਂਦਰ ਸਰਕਾਰ ਵੱਲੋਂ ਵਿਰੋਧੀ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਮਾਲਪੁਰ ਟੌਲ ਪਲਾਜ਼ਾ ’ਤੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ 58ਵੇਂ ਦਿਨ ਵੀ ਧਰਨਾ ਜਾਰੀ ਰੱਖਦਿਆਂ ਕਾਰਪੋਰੇਟਰ ਘਰਾਣਿਆਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਉੱਘੇ ਖੇਡ ਪ੍ਰਮੋਟਰ ਤੇ ਕਿਸਾਨ ਆਗੂ ਨਰਿੰਦਰ ਸਿੰਘ ਕੰਗ ਨੇ ਦਿੱਲੀ ਚੱਲੋ ਲਈ ‘ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ’ ਲਿਖੇ ਸੈਂਕੜੇ ਝੰਡੇ ਵੰਡੇ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਦਿੱਲੀ ਵਿਖੇ ਕੀਤੇ ਜਾ ਰਹੇ ਪ੍ਰਦਰਸ਼ਨ ਵਿੱਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਜੋ ਕਿਸਾਨ ਵਿਰੋਧੀ ਕਾਨੂੰਨ ਪਾਸ ਕੀਤੇ ਹਨ, ਉਹ ਦੇਸ਼ ਦੇ ਵੱਡੇ ਘਰਾਣਿਆਂ ਨੂੰ ਖੁਸ਼ ਕਰਨ ਲਈ ਕੀਤੇ ਗਏ ਹਨ ਜੋ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਦੇਸ਼ ਦੇ ਵੱਡੇ ਘਰਾਣਿਆਂ ਨੂੰ ਦੇ ਕੇ ਖੁਸ਼ ਕਰਨਾ ਚਾਹੁੰਦੀ ਹੈ ਅਤੇ ਕਿਸਾਨਾਂ ਨੂੰ ਘਰੋਂ ਬੇਘਰ ਕਰਕੇ ਉਜਾੜਨਾ ਚਾਹੁੰਦੀ ਹੈ, ਪਰ ਕਿਸਾਨ ਅਜਿਹਾ ਕਦੇ ਵੀ ਨਹੀਂ ਹੋਣ ਦੇਣਗੇ। ਅਕਾਲੀ ਦਲ ਦੇ ਸਰਕਲ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਅਤੇ ਕਿਸਾਨ ਆਗੂ ਦਰਸ਼ਨ ਸਿੰਘ ਨੇ ਕਿਹਾ ਕਿ ਦੇਸ਼ ਦੀਆਂ ਭਰਾਤਰੀ ਕਿਸਾਨ ਜਥੇਬੰਦੀਆਂ ਇੱਕਜੁਟਤਾ ਨਾਲ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਤਿੱਖਾ ਸੰਘਰਸ਼ ਦਿੱਲੀ ਵਿਚ ਕਰ ਰਹੀਆਂ ਹਨ ਅਤੇ ਕੇਂਦਰ ਸਰਕਾਰ ਨੂੰ ਝੁਕਾ ਕੇ ਜਿੱਤ ਹਾਸਲ ਕਰਕੇ ਹੀ ਮੁੜਨਗੀਆਂ।
ਫ਼ਤਹਿਗੜ੍ਹ ਸਾਹਿਬ :ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਸਿੰਘੂ ਬਾਰਡਰ ਦਿੱਲੀ ਵਿਚ ਅਧਿਆਪਕ ਦਲ ਪੰਜਾਬ ਜਹਾਂਗੀਰ ਦੇ ਸੂਬਾ ਪ੍ਰਧਾਨ ਬਾਜ਼ ਸਿੰਘ ਖੈਹਿਰਾ ਅਤੇ ਜਨਰਲ ਸਕੱਤਰ ਗੁਰਨੈਬ ਸਿੰਘ ਸੰਧੂ ਦੀ ਅਗਵਾਈ ਵਿਚ ਅਧਿਆਪਕ ਦਲ ਦੀ ਸੂਬਾਈ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਨੇ ਭਰਵੀਂ ਸ਼ਮੂਲੀਅਤ ਕੀਤੀ ਅਤੇ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ। ਪ੍ਰਧਾਨ ਬਾਜ ਸਿੰਘ ਖਹਿਰਾ ਨੇ ਦੱਸਿਆ ਕਿ ਸਰਕਾਰ ਦਾ ਹਰ ਕਦਮ ਕਿਸਾਨ, ਮਜ਼ਦੂਰ, ਮੁਲਾਜ਼ਮ ਨੂੰ ਨਿੱਜੀਕਰਨ ਵੱਲ ਧੱਕ ਰਿਹਾ ਹੈ। ਹਰ ਸਰਕਾਰੀ ਮਹਿਕਮਿਆਂ ਨੂੰ ਵੱਡੇ-ਵੱਡੇ ਅਮੀਰ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਕੌਡੀਆ ਦੇ ਭਾਅ ਵੇਚਿਆ ਜਾ ਰਿਹਾ ਹੈ। ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਸਰਕਾਰ ਖੇਤੀ ਸਬੰਧੀ ਕਾਲੇ ਕਾਨੂੰਨ ਵਾਪਸ ਲਵੇ।
ਮੱਠੀਆਂ ਤੇ ਪਕੌੜੀਆਂ ਦਾ ਲੰਗਰ ਭੇਜਿਆ

ਕੁਰਾਲੀ (ਮਿਹਰ ਸਿੰਘ):ਦਿੱਲੀ ਧਰਨੇ ’ਤੇ ਬੈਠੇ ਕਿਸਾਨਾਂ ਦੀ ਸਹੂਲਤ ਲਈ ਨੇੜਲੇ ਪਿੰਡ ਰੋਡਮਾਜਰਾ-ਚੱਕਲਾਂ ਦੀ ਸੰਗਤ ਵੱਲੋਂ ਮੱਠੀਆਂ ਤੇ ਪਕੌੜੀਆਂ ਦਾ ਲੰਗਰ ਤਿਆਰ ਕਰ ਕੇ ਭੇਜਿਆ ਗਿਆ। ਕਲੱਬ ਵੱਲੋਂ ਕੀਤੇ ਇਸ ਉਪਰਾਲੇ ਨੂੰ ਨੌਜਵਾਨਾਂ ਨੇ ਭਵਿੱਖ ਵਿੱਚ ਵੀ ਜਾਰੀ ਰੱਖਣ ਦਾ ਐਲਾਨ ਕੀਤਾ। ਰੋਡਮਾਜਰਾ-ਚੱਕਲਾਂ ਦੇ ਬਾਬਾ ਗਾਜ਼ੀ ਦਾਸ ਕਲੱਬ ਵੱਲੋਂ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਪਿੰਡ ਦੇ ਗੁਰਦੁਆਰੇ ਵਿੱਚ ਮੱਠੀਆਂ ਅਤੇ ਪਕੌੜੀਆਂ ਤਿਆਰ ਕਰਵਾਈਆਂ ਗਈਆਂ। ਤਿਆਰ ਕੀਤਾ ਇਹ ਸਮਾਨ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਦਵਿੰਦਰ ਸਿੰਘ ਬਾਜਵਾ,ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ,ਨਰਿੰਦਰ ਸਿੰਘ ਕੰਗ ਅਤੇ ਨਰਿੰਦਰ ਸਿੰਘ ਮਾਵੀ ਨੇ ਕਿਹਾ ਕਿ ਕਿਸਾਨੀ ਬਚਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਮਦਦ ਕਰਨੀ ਹਰ ਪੰਜਾਬੀ ਦਾ ਫਰਜ਼ ਹੈ।