ਖੱਟਰ ਦੇ ਘਿਰਾਓ ਦੇ ਦੋਸ਼ ਹੇਠ ਕਿਸਾਨਾਂ ਖ਼ਿਲਾਫ਼ ਕੇਸ ਦਰਜ

ਅੰਬਾਲਾ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਾਫ਼ਲੇ ਦੇ ਮੰਗਲਵਾਰ ਨੂੰ ਕੀਤੇ ਘਿਰਾਓ ਤੇ ਇਸ ਨੂੰ ਕਾਲੇ ਝੰਡੇ ਦਿਖਾਉਣ ਦੇ ਮਾਮਲੇ ਵਿਚ ਪੁਲੀਸ ਨੇ 13 ਕਿਸਾਨਾਂ ਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ। ਮੁੱਖ ਮੰਤਰੀ ਦੀ ਸੁਰੱਖਿਆ ਲਈ ਜ਼ਿੰਮੇਵਾਰ ਗੁਰਜੰਟ ਸਿੰਘ ਨੇ ਪੁਲੀਸ ਨੂੰ ਦਿੱਤੇ ਬਿਆਨ ਵਿਚ ਕਿਹਾ ਹੈ ਕਿ ਮੁੱਖ ਮੰਤਰੀ ਦੀਆਂ ਅੰਬਾਲਾ ਸ਼ਹਿਰ ਵਿਚ ਦੋ ਥਾਵਾਂ ’ਤੇ ਰੈਲੀਆਂ ਸਨ। ਇਸੇ ਦੌਰਾਨ ਕਿਸਾਨ ਯੂਨੀਅਨ ਦੇ ਨੇਤਾ ਅਤੇ ਹੋਰ ਲੋਕ ਅਨਾਜ ਮੰਡੀ ਵਿਚ ਇਕੱਠੇ ਹੋ ਗਏ। ਉਨ੍ਹਾਂ ਦੋਸ਼ ਲਾਇਆ ਹੈ ਕਿ ਇਹ ਲੋਕ ਮੁੱਖ ਮੰਤਰੀ ਤੇ ਹੋਰ ਅਹਿਮ ਵਿਅਕਤੀਆਂ ਨੂੰ ਨੁਕਸਾਨ ਪਹੁੰਚਾ ਸਕਦੇ ਸਨ। ਉਨ੍ਹਾਂ ਕਿਹਾ ਕਿ ਡਿਊਟੀ ’ਤੇ ਤਾਇਨਾਤ ਪੁਲੀਸ ਮੁਲਾਜ਼ਮਾਂ ਵੱਲੋਂ ਲਾਊਡ ਸਪੀਕਰ ਰਾਹੀਂ ਕਈ ਵਾਰ ਉਨ੍ਹਾਂ ਨੂੰ ਹਟਣ ਲਈ ਕਿਹਾ ਗਿਆ। ਇਹ ਵੀ ਕਿਹਾ ਗਿਆ ਕਿ ਉਹ ਸ਼ਾਂਤੀਪੂਰਨ ਢੰਗ ਨਾਲ ਵਿਰੋਧ ਜਿਤਾ ਸਕਦੇ ਹਨ। ਪਰ ਇਸ ਦੇ ਬਾਵਜੂਦ ਉਹ ਸਾਰੇ ਅਨਾਜ ਮੰਡੀ ਤੋਂ ਚੱਲ ਕੇ ਕਾਲੇ ਝੰਡੇ ਲੈ ਕੇ ਅਗਰਸੈਨ ਚੌਕ ਵਿਚ ਪਹੁੰਚ ਗਏ। ਸ਼ਿਕਾਇਤਕਰਤਾ ਨੇ ਕਿਹਾ ਕਿ ਇੱਥੇ ਵੀ ਪੁਲੀਸ ਦੇ ਸਮਝਾਉਣ ਦੇ ਬਾਵਜੂਦ ਉਨ੍ਹਾਂ ਘਿਰਾਓ ਦੀ ਕੋਸ਼ਿਸ਼ ਕੀਤੀ।

Leave a Reply

Your email address will not be published. Required fields are marked *