ਰਾਜੋਆਣਾ ਦੀ ਸਜ਼ਾ ਮੁਆਫ਼ੀ ਬਾਰੇ ਕੇਂਦਰ ਦੋ ਹਫ਼ਤਿਆਂ ’ਚ ਫ਼ੈਸਲਾ ਲਵੇ: ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਖਾੜਕੂ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਬਾਰੇ ਕੇਂਦਰ ਸਰਕਾਰ ਨੂੰ ਦੋ ਹਫ਼ਤਿਆਂ ’ਚ ਫ਼ੈਸਲਾ ਲੈਣ ਦਾ ‘ਆਖਰੀ ਮੌਕਾ’ ਦਿੱਤਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ ’ਚ ਭਾਈ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਕੇਂਦਰ ਨੇ ਅਰਜ਼ੀ ’ਤੇ ਸੁਣਵਾਈ ਦੌਰਾਨ ਮੰਗ ਕੀਤੀ ਸੀ ਕਿ ਉਸ ਨੂੰ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਜਾਵੇ ਕਿਉਂਕਿ ਸਰਕਾਰ ਮੁੱਦੇ ਦੀ ਘੋਖ ਕਰ ਰਹੀ ਹੈ ਅਤੇ ਉਸ ਨੂੰ ਮੌਜੂਦਾ ਹਾਲਾਤ ਦੌਰਾਨ ਹੋਰ ਸਮੇਂ ਦੀ ਲੋੜ ਹੈ। ਚੀਫ਼ ਜਸਟਿਸ ਐੱਸ ਏ ਬੋਬੜੇ, ਜਸਟਿਸ ੲੇ ਐੱਸ ਬੋਪੰਨਾ ਅਤੇ ਵੀ ਰਾਮਾਸੁਬਰਾਮਣੀਅਨ ਦੇ ਬੈਂਚ ਨੇ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਅੱਗਿਉਂ ਸਵਾਲ ਕੀਤਾ ਕਿ ਸਰਕਾਰ ਨੂੰ ਤਿੰਨ ਹੋਰ ਹਫ਼ਤਿਆਂ ਦੀ ਲੋੜ ਕਿਉਂ ਹੈ? ਬੈਂਚ ਨੇ ਕਿਹਾ ਕਿ ਤਿੰਨ ਹਫ਼ਤਿਆਂ ਦਾ ਸਮਾਂ ਉਨ੍ਹਾਂ ਨੂੰ ਢੁੱਕਵਾਂ ਨਹੀਂ ਜਾਪਦਾ ਹੈ। ‘ਅਸੀਂ ਤੁਹਾਨੂੰ 26 ਜਨਵਰੀ ਤੱਕ ਫ਼ੈਸਲਾ ਲੈਣ ਲਈ ਕਿਹਾ ਸੀ ਅਤੇ ਅੱਜ 25 ਜਨਵਰੀ ਹੈ।’ ਸ੍ਰੀ ਮਹਿਤਾ ਨੇ ਕਿਹਾ ਕਿ ਮੌਜੂਦਾ ਹਾਲਾਤ ’ਚ ਠੀਕ ਰਹੇਗਾ ਕਿ ਮਾਮਲੇ ’ਤੇ ਸੁਣਵਾਈ ਤਿੰਨ ਹਫ਼ਤਿਆਂ ਮਗਰੋਂ ਹੋਵੇ। ਬੈਂਚ ਨੇ ਕਿਹਾ,‘‘ਅਸੀਂ ਤੁਹਾਨੂੰ ਆਖਰੀ ਮੌਕਾ ਦੇ ਰਹੇ ਹਾਂ ਅਤੇ ਦੋ ਹਫ਼ਤਿਆਂ ’ਚ ਜਵਾਬ ਦਾਖ਼ਲ ਕਰੋ।’’ ਸੁਣਵਾਈ ਦੌਰਾਨ ਭਾਈ ਰਾਜੋਆਣਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਉਨ੍ਹਾਂ ਦਾ ਮੁਵੱਕਿਲ ਪਿਛਲੇ 25 ਸਾਲਾਂ ਤੋਂ ਜੇਲ੍ਹ ’ਚ ਹੈ ਅਤੇ ਉਸ ਦੀ ਰਹਿਮ ਦੀ ਅਰਜ਼ੀ 9 ਸਾਲਾਂ ਤੋਂ ਬਕਾਇਆ ਪਈ ਹੈ।