ਸਰਕਾਰ ਖੇਤੀ ਕਾਨੂੰਨਾਂ ’ਚ ਸੋਧ ਲਈ ਤਿਆਰ, ਵਿਰੋਧੀ ਧਿਰਾਂ ਸਿਆਸਤ ਕਰ ਰਹੀਆਂ ਹਨ: ਤੋਮਰ

ਨਵੀਂ ਦਿੱਲੀ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ਸਰਕਾਰ ਸੰਘਰਸ਼ਸ਼ੀਲ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਤਿੰਨ ਨਵੇਂ ਖੇਤੀ ਕਾਨੂੰਨਾਂ ਵਿੱਚ ਸੋਧ ਕਰਨ ਲਈ ਤਿਆਰ ਹੈ। ਉਨ੍ਹਾਂ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਹ ਖੇਤੀ ਅਰਥਵਿਵਸਥਾ ਦੇ ਮੁੱਦੇ ’ਤੇ ਸਿਆਸਤ ਕਰਕੇ ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾ ਰਹੀਆਂ ਹਨ। ਇੱਥੇ ਖੇਤੀ ਬਾਰੇ ਕਰਵਾਏ 5ਵੇਂ ਕੌਮੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਸਰਕਾਰ ਕਿਸਾਨ ਯੂਨੀਅਨਾਂ ਨਾਲ 11 ਗੇੜ ਦੀ ਗੱਲਬਾਤ ਕਰ ਚੁੱਕੀ ਹੈ ਅਤੇ ਇਨ੍ਹਾਂ ਕਾਨੂੰਨਾਂ ਵਿੱਚ ਸੋਧ ਦੀ ਵੀ ਪੇਸ਼ਕਸ਼ ਕੀਤੀ ਗਈ ਹੈ। ਤੋਮਰ ਨੇ ਕਿਹਾ ਕਿ ਸਰਕਾਰ ਨੇ ਖੇਤੀ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਤਿੰਨ ਕਾਨੂੰਨ ਪਾਸ ਕੀਤੇ ਹਨ ਅਤੇ ਕਿਸਾਨਾਂ ਨੂੰ ਕਿਤੇ ਵੀ ਆਪਣੀ ਮਨਮਰਜ਼ੀ ਦੀ ਕੀਮਤ ’ਤੇ ਫ਼ਸਲ ਵੇਚਣ ਦੀ ਆਜ਼ਾਦੀ ਦਿੱਤੀ ਗਈ ਹੈ।