ਇੰਗਲੈਂਡ ਦੀ ਸੰਸਦ ਵਿੱਚ ਕਿਸਾਨੀ ਅੰਦੋਲਨ ਦੀ ਗੂੰਜ

ਜਲੰਧਰ : ਇੰਗਲੈਂਡ ਦੀ ਸੰਸਦ ਵਿੱਚ ਕਿਸਾਨ ਅੰਦੋਲਨ ਦੀ ਗੂੰਜ ਪੈਣ ਨਾਲ ਇਹ ਮੁੱਦਾ ਇਕ ਵਾਰ ਫਿਰ ਕੌਮਾਂਤਰੀ ਮੰਚ ’ਤੇ ਚਰਚਾ ਵਿਚ ਆ ਗਿਆ ਹੈ। ਭਾਰਤੀ ਸੰਸਦ ਵਿਚ ਤਾਂ ਖੇਤੀ ਕਾਨੂੰਨਾਂ ਬਾਰੇ ਗੰਭੀਰਤਾ ਨਾਲ ਚਰਚਾ ਨਹੀਂ ਹੋਈ ਪਰ ਇੰਗਲੈਂਡ ਦੇ ਸੰਸਦ ਮੈਂਬਰਾਂ ਨੇ ਕਿਸਾਨੀ ਅੰਦੋਲਨ ’ਚ ਮਨੁੱਖੀ ਅਧਿਕਾਰਾਂ ਦੇ ਹੋਏ ਘਾਣ ਅਤੇ ਪ੍ਰੈੱਸ ਦੀ ਆਜ਼ਾਦੀ ’ਤੇ ਹਮਲੇ ਨੂੰ ਗੰਭੀਰਤਾ ਨਾਲ ਲਿਆ ਹੈ। ਯੂਕੇ ਦੀ ਸੰਸਦ ਦੁਨੀਆ ਦੀ ਪਹਿਲੀ ਅਜਿਹੀ ਸੰਸਦ ਬਣ ਗਈ ਹੈ ਜਿੱਥੇ ਖੇਤੀ ਕਾਨੂੰਨਾਂ ਵਿਰੁੱਧ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਗਟਾਉਣ ਵਾਲੇ ਕਿਸਾਨਾਂ ’ਤੇ ਤਸ਼ੱਦਦ ਕਰਨ ਦੀ ਚਰਚਾ ਕੀਤੀ ਗਈ ਹੈ। ਹਾਲਾਂਕਿ ਯੂਕੇ ਦੇ ਕਈ ਸੰਸਦ ਮੈਂਬਰਾਂ ਨੇ ਕਿਹਾ ਕਿ ਭਾਵੇਂ ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ ਪਰ ਇਹ ਮਨੁੱਖੀ ਅਧਿਕਾਰਾਂ ਨਾਲ ਵੀ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ। ਜਲੰਧਰ ਨਾਲ ਸਬੰਧਤ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ, ਵਰਿੰਦਰ ਸ਼ਰਮਾ ਅਤੇ ਪ੍ਰੀਤ ਕੌਰ ਗਿੱਲ ਨੇ ਜਿੱਥੇ ਇਸ ਮੁੱਦੇ ਨੂੰ ਉਭਾਰਿਆ ਹੈ ਉੱਥੇ ਪਾਕਿਸਤਾਨੀ ਪੰਜਾਬੀ ਮੂਲ ਦੇ ਸੰਸਦ ਮੈਂਬਰ ਖਾਲਿਦ ਮਹਿਮੂਦ ਨੇ ਵੀ ਇਸ ਮੁੱਦੇ ਨੂੰ ਗੰਭੀਰਤਾ ਨਾਲ ਉਠਾਇਆ ਹੈ। ਸੰਸਦ ਮੈਂਬਰਾਂ ਨੇ ਮੋਦੀ ਸਰਕਾਰ ਦੀ ਕਿਸਾਨ ਅੰਦੋਲਨ ਦੇ ਮਾਮਲੇ ’ਚ ਮਨੁੱਖੀ ਅਧਿਕਾਰਾਂ ਦੀ ਹੋ ਰਹੀ ਉਲੰਘਣਾ ਨੂੰ ਲੈ ਕੇ ਤਿੱਖੀ ਆਲੋਚਨਾ ਕੀਤੀ। ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਪ੍ਰਦਰਸ਼ਨ ਕਰਨ ਦਾ ਹੱਕ ਕਿਸੇ ਨੂੰ ਵੀ ਹੈ। ਸੈਂਕੜੇ ਕਿਸਾਨ ਅੰਦੋਲਨ ਕਰਦੇ ਹੋਏ ਆਪਣੀ ਜਾਨ ਗਵਾ ਚੁੱਕੇ ਹਨ। ਦਿੱਲੀ ਦੇ ਬਾਰਡਰਾਂ ’ਤੇ ਬੱਚੇ, ਔਰਤਾਂ ਅਤੇ ਬਜ਼ੁਰਗ ਵੀ ਇਸ ਪ੍ਰਦਰਸ਼ਨ ਦਾ ਹਿੱਸਾ ਹਨ। ਕਈ ਪੱਤਰਕਾਰਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸਮਾਜਿਕ ਕਾਰਕੁਨਾਂ ’ਤੇ ਵੀ ਤਸ਼ੱਦਦ ਢਾਹੇ ਗਏ ਹਨ। ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ’ਤੇ ਕਈ ਤਰ੍ਹਾਂ ਦੇ ਇਲਜ਼ਾਮ ਵੀ ਲਗਾਏ ਜਾ ਰਹੇ ਹਨ। ਇਸ ਅੰਦੋਲਨ ਵਿਚ ਸਿੱਖ ਵੱਡੀ ਗਿਣਤੀ ਵਿਚ ਸ਼ਾਮਲ ਹਨ, ਇਸ ਲਈ ਉਨ੍ਹਾਂ ਨੂੰ ਵੱਖਵਾਦੀ ਵਜੋਂ ਪੇਸ਼ ਕੀਤਾ ਗਿਆ। ਜ਼ਿਕਰਯੋਗ ਹੈ ਕਿ ਢੇਸੀ ਨੇ ਭਾਰਤ ’ਚ ਚੱਲ ਰਹੇ ਕਿਸਾਨ ਅੰਦੋਲਨ ਦੇ ਮੁੱਦੇ ਨੂੰ ਕਈ ਵਾਰ ਯੂਕੇ ਦੀ ਸੰਸਦ ਵਿੱਚ ਚੁੱਕਿਆ ਹੈ। ਢੇਸੀ ਨੇ ਕਿਹਾ ਕਿ ਉਨ੍ਹਾਂ ਦੇ ਸੰਸਦੀ ਖੇਤਰਾਂ ਦੇ ਬਹੁਤ ਸਾਰੇ ਲੋਕਾਂ ਦੀਆਂ ਪੰਜਾਬ ਵਿਚ ਜੜ੍ਹਾਂ ਹਨ ਅਤੇ ਉਹ ਕਿਸਾਨਾਂ ਦੇ ਅੰਦੋਲਨ ਕਾਰਨ ਚਿੰਤਤ ਹਨ। ਯੂਕੇ ਵਿੱਚ ਪਰਵਾਸੀਆਂ ਦੀ ਵੱਡੀ ਅਬਾਦੀ ਮੋਦੀ ਸਰਕਾਰ ਦੇ ਰਵੱਈਏ ਤੋਂ ਦੁਖੀ ਹੈ। ਚਰਚਾ ਕਰਦਿਆਂ ਸੰਸਦ ਮੈਂਬਰ ਮਾਰਟਿਨ ਡੇਅ ਨੇ ਕਿਹਾ ਕਿ ਗਣਤੰਤਰ ਦਿਵਸ ਵਾਲੇ ਦਿਨ ਟਰੈਕਟਰ ਪਰੇਡ ਦੌਰਾਨ ਇੱਕ ਪ੍ਰਦਰਸ਼ਨਕਾਰੀ ਕਿਸਾਨ ਦੀ ਜਾਨ ਚਲੀ ਗਈ ਅਤੇ ਕਈ ਪੁਲੀਸ ਕਰਮੀ ਜ਼ਖਮੀ ਵੀ ਹੋ ਗਏ ਸਨ। ਮਾਰਟਿਨ ਡੇਅ ਨੇ ਕਿਹਾ ਕਿ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਜੋ ਕਿ ਲੋਕਾਂ ਦੇ ਮੂਲ ਹੱਕਾਂ ਦਾ ਘਾਣ ਹੈ।

ਐੱਮਪੀ ਵਰਿੰਦਰ ਸ਼ਰਮਾ ਨੇ ਕਿਹਾ ਕਿ ਉਹ ਭਾਰਤ ਸਰਕਾਰ ਵਲੋਂ ਕਿਸਾਨਾਂ ’ਤੇ ਬਲ ਦੀ ਵਰਤੋਂ ਕਰਨ ਦੀ ਨਿੰਦਾ ਕਰਦੇ ਹਨ। ਕਿਸਾਨ ਭਾਰਤ ’ਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ। ਦੋਵਾਂ ਪਾਸੇ ਸਹਿਮਤੀ ਬਣਨੀ ਚਾਹੀਦੀ ਹੈ ਤੇ ਮਸਲੇ ਦਾ ਹੱਲ ਕੱਢਣਾ ਬਹੁਤ ਜ਼ਰੂਰੀ ਹੈ।

ਸੰਸਦ ਮੈਂਬਰ ਖਾਲਿਦ ਮਹਿਮੂਦ ਨੇ ਕਿਹਾ ਕਿ ਇਹ ਕਿਸਾਨਾਂ ਦੀ ਰੋਜ਼ੀ-ਰੋਟੀ ਦਾ ਸਵਾਲ ਹੈ। ਭਾਰਤ ਦੀ ਸਰਕਾਰ ਨੂੰ ਕਿਸਾਨਾਂ ਨਾਲ ਸਿੱਧਾ ਰਾਬਤਾ ਕਰਨਾ ਚਾਹੀਦਾ ਹੈ। ਭਾਰਤ ਵਿਚ ਜ਼ਿਆਦਾਤਰ ਛੋਟੇ ਕਿਸਾਨ ਹਨ ਜਿਨ੍ਹਾਂ ਕੋਲ ਪੰਜ ਏਕੜ ਤੋਂ ਘੱਟ ਜ਼ਮੀਨ ਹੈ। ਜ਼ਿਕਰਯੋਗ ਹੈ ਕਿ ਗੁਰਚਰਨ ਸਿੰਘ ਨਾਂ ਦੇ ਬਰਤਾਨਵੀ ਨਾਗਰਿਕ ਨੇ ਈ-ਪਟੀਸ਼ਨ ਪਾਉਣ ਦੀ ਮੁਹਿੰਮ ਚਲਾਈ ਸੀ ਜਿਸ ’ਤੇ ਇਕ ਲੱਖ ਤੋਂ ਵੱਧ ਲੋਕਾਂ ਨੇ ਦਸਤਖਤ ਕੀਤੇ ਹਨ।

Leave a Reply

Your email address will not be published. Required fields are marked *