ਹਾਈ ਕੋਰਟ ਦੇ ਫ਼ੈਸਲੇ ਮਗਰੋਂ ਪੰਜਾਬ ਸਰਕਾਰ ਘਿਰੀ

ਫ਼ਰੀਦਕੋਟ: ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਰਿਪੋਰਟ ਰੱਦ ਕਰਨ ਤੋਂ ਬਾਅਦ ਕੈਪਟਨ ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ ’ਤੇ ਹੈ। ਆਮ ਆਦਮੀ ਪਾਰਟੀ ਭਗਵੰਤ ਮਾਨ ਦੀ ਅਗਵਾਈ ਵਿੱਚ ਭਲਕੇ 13 ਅਪਰੈਲ ਨੂੰ ਕੋਟਕਪੂਰਾ ’ਚ ਰੋਸ ਧਰਨਾ ਦੇਵੇਗੀ, ਜਿਸ ਵਿੱਚ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਅਤੇ ਪੰਥਕ ਧਿਰਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ। 15 ਅਪਰੈਲ ਨੂੰ ਕੁਝ ਪੰਥਕ ਧਿਰਾਂ ਨੇ ਫ਼ਰੀਦਕੋਟ ਸੈਸ਼ਨ ਕੋਰਟ ਅੱਗੇ ਵੀ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ ਉੱਪਰ ਤੁਰੰਤ ਕਾਰਵਾਈ ਲਈ ਪੰਥਕ ਧਿਰਾਂ ਅਤੇ ਪੀੜਤ ਪਰਿਵਾਰ ਲਗਾਤਾਰ ਦਬਾਅ ਬਣਾ ਰਹੀਆਂ ਸਨ ਪਰ ਹਾਈ ਕੋਰਟ ਵੱਲੋਂ ਰਿਪੋਰਟ ਰੱਦ ਕਰਨ ਨਾਲ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਇੱਕ ਵਾਰ ਮੁਕੰਮਲ ਤੌਰ ’ਤੇ ਬੰਦ ਹੋ ਜਾਵੇਗੀ। ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਰਿਪੋਰਟ ਰੱਦ ਹੋਣ ਤੋਂ ਇੱਕ ਗੱਲ ਸਾਫ਼ ਹੋ ਗਈ ਹੈ ਕਿ ਪੰਜਾਬ ਸਰਕਾਰ ਅਕਾਲੀ ਦਲ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਰਿਪੋਰਟ ਰੱਦ ਕਰਨ ਦਾ ਫ਼ੈਸਲਾ ਅਜਿਹੇ ਵੇਲੇ ਆਇਆ ਹੈ, ਜਦੋਂ ਪੰਜਾਬ ਦੇ ਸਾਰੇ ਕਿਸਾਨ ਦਿੱਲੀ ਵਿੱਚ ਆਪਣੇ ਹੱਕਾਂ ਲਈ ਲੜ ਰਹੇ ਹਨ। ਗੁਰਦਿੱਤ ਸੇਖੋਂ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਕਾਨੂੰਨੀ ਅਤੇ   ਜਨਤਕ ਲੜਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਜਿਹੜੀਆਂ ਸਿਆਸੀ ਧਿਰਾਂ ਕੋਟਕਪੂਰਾ ਗੋਲੀ ਕਾਂਡ ਦੇ ਮੁਲਜ਼ਮਾਂ ਨੂੰ ਬਚਾਅ ਰਹੀਆਂ ਹਨ, ਰੋਸ ਮੁਜ਼ਾਹਰਿਆਂ ਵਿੱਚ ਉਨ੍ਹਾਂ ਦਾ ਪਰਦਾਫਾਸ਼ ਕੀਤਾ ਜਾਵੇਗਾ।

Leave a Reply

Your email address will not be published. Required fields are marked *