ਵਿਸਾਖੀ ਮੌਕੇ ਵੱਡੀ ਗਿਣਤੀ ਸੰਗਤ ਤਖ਼ਤ ਦਮਦਮਾ ਸਾਹਿਬ ਨਤਮਸਤਕ

ਤਲਵੰਡੀ ਸਾਬੋ : ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਚੱਲ ਰਹੇ ਚਾਰ ਰੋਜ਼ਾ ਜੋੜ ਮੇਲੇ ਦੇ ਅੱਜ ਤੀਜੇ ਦਿਨ ਵੱਡੀ ਗਿਣਤੀ ਸੰਗਤ ਇੱਥੇ ਨਤਮਸਤਕ ਹੋਈ ਪਰ ਪਿਛਲੇ ਵਰ੍ਹਿਆਂ ਮੁਕਾਬਲੇ ਇਸ ਵਾਰ ਸੰਗਤ ਦੀ ਆਮਦ ਘੱਟ ਰਹੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਅਕਾਲੀ ਆਗੂ ਗੁਰਪ੍ਰੀਤ ਸਿੰਘ ਮਲੂਕਾ, ਕਾਂਗਰਸ ਦੇ ਸੀਨੀਅਰ ਆਗੂ ਰਾਜਾ ਵੜਿੰਗ, ਹਲਕਾ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ, ਆਮ ਆਦਮੀ ਪਾਰਟੀ ਦੀ ਹਲਕਾ ਵਿਧਾਇਕ ਪ੍ਰੋ. ਬਲਜਿੰਦਰ ਕੌਰ ਸਮੇਤ ਹੋਰ ਆਗੂਆਂ ਨੇ ਵੀ ਗੁਰਦੁਆਰਿਆਂ ਵਿੱਚ ਮੱਥਾ ਟੇਕਿਆ। ਅੱਜ ਸਭ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ। ਅਰਦਾਸ ਮੁੱਖ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਕੀਤੀ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਜਾਰੀ ਸੰਦੇਸ਼ ਵਿੱਚ ਸਿੱਖ ਭਾਈਚਾਰੇ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ ਅਤੇ ਅੰਮ੍ਰਿਤ ਛਕ ਕੇ ਗੁਰੂ ਦੇ ਲੜ ਲੱਗਣ ਦੀ ਅਪੀਲ ਕੀਤੀ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਹੇਠ ਲੰਗਰ ਲਗਾਏ। ਇਸੇ ਤਰ੍ਹਾਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਵਿਖੇ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਧਾਰਮਿਕ ਦੀਵਾਨ ਸਜਾਏ ਗਏ।

Leave a Reply

Your email address will not be published. Required fields are marked *