ਪੰਜਾਬ ’ਚ 18 ਤੋਂ 45 ਸਾਲ ਉਮਰ ਵਰਗ ਲਈ ਟੀਕਾਕਰਨ ਪਹਿਲੀ ਤੋਂ

ਚੰਡੀਗੜ੍ਹ: ਪੰਜਾਬ ’ਚ ਪਹਿਲੀ ਮਈ ਤੋਂ 18 ਤੋਂ 45 ਸਾਲ ਦੇ ਉਮਰ ਵਰਗ ਲਈ ਟੀਕਾਕਰਨ ਦੀ ਸ਼ੁਰੂਆਤ ਹੋਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਮ ਵਕਤ ਕੋਵਿਡ ਦੀ ਸਮੀਖਿਆ ਬਾਰੇ ਉੱਚ ਪੱਧਰੀ ਕਮੇਟੀ ਦੀ ਪ੍ਰਧਾਨਗੀ ਦੌਰਾਨ ਇਹ ਐਲਾਨ ਕੀਤਾ। ਉਨ੍ਹਾਂ ਪੰਜਾਬ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਟੀਕਿਆਂ ਦੀ ਸਪਲਾਈ ਮੁਫ਼ਤ ’ਚ ਯਕੀਨੀ ਬਣਾਉਣ ਲਈ ਵੀ ਹੁਕਮ ਦਿੱਤੇ ਹਨ। ਅੱਜ ਮਾਹਿਰਾਂ ਦੇ ਇੱਕ ਗਰੁੱਪ ਦਾ ਗਠਨ ਵੀ ਕੀਤਾ ਜਿਸ ਨੂੰ ਹਫ਼ਤੇ ਵਿਚ ਵਿਸਥਾਰਤ ਯੋਜਨਾ ਪੰਜਾਬ ਸਰਕਾਰ ਨੂੰ ਸੌਂਪਣ ਦੀ ਹਦਾਇਤ ਕੀਤੀ ਗਈ ਤਾਂ ਜੋ ਟੀਕਾਕਰਨ ਅਤੇ ਕੋਵਿਡ ਦੀਆਂ ਭਵਿੱਖ ਦੀਆਂ ਚੁਣੌਤੀਆਂ ਨਾਲ ਨਜਿੱਠਿਆ ਜਾ ਸਕੇ। ਪੰਜਾਬ ਸਰਕਾਰ ਨੂੰ ਇਹ ਗਰੁੱਪ 18 ਤੋਂ 45 ਸਾਲ ਉਮਰ ਵਰਗ ਵਿੱਚ ਤਰਜੀਹਾਂ ਲਈ ਸੁਝਾਅ ਦੇਵੇਗਾ। ਮਾਹਿਰ ਗਰੁੱਪ ਨੇ ਕੋਵਿਡ ਦੀ ਦੂਸਰੀ ਲਹਿਰ ਦੇ ਟਾਕਰੇ ਲਈ ਰਣਨੀਤੀ ਘੜਨ ਵਾਸਤੇ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਮੁਹਾਲੀ ਅਤੇ ਪਟਿਆਲਾ ਵਰਗੇ ਵੱਧ ਕੇਸਾਂ ਵਾਲੇ ਸ਼ਹਿਰਾਂ ਸਬੰਧੀ ਭੂਗੋਲਿਕ ਸਥਿਤੀ ਨੂੰ ਵੀ ਆਧਾਰ ਬਣਾਉਣ ਲਈ ਆਖਿਆ। ਇਹ ਵੀ ਕਿਹਾ ਕਿ ਮੈਡੀਕਲ ਜ਼ਰੂਰਤ (ਗੰਭੀਰ ਸਹਿ ਬਿਮਾਰੀ) ਅਤੇ ਅਧਿਆਪਕਾਂ ਆਦਿ ਵਰਗੇ ਕਿੱਤਾ ਮੁਖੀ ਸਮੂਹਾਂ ਨੂੰ ਆਧਾਰ ਬਣਾ ਕੇ ਤਰਜੀਹਾਂ ਮਿਥੀਆਂ ਜਾਣ।

ਮੁੱਖ ਮੰਤਰੀ ਨੇ ਮੀਟਿੰਗ ’ਚ ਦੱਸਿਆ ਕਿ ਤਾਜ਼ਾ ਬੰਦਿਸ਼ਾਂ ਨਾਲ ਸਮੁੱਚੇ ਤੌਰ ਉਤੇ ਸਥਿਤੀ ਸਥਿਰ ਹੋਈ ਹੈ। ਮ੍ਰਿਤਕ ਦਰ ਪਹਿਲਾਂ ਹੀ 1.75 ਫੀਸਦੀ ਤੋਂ ਘਟ ਕੇ 1.4 ਫੀਸਦੀ ਉਤੇ ਆ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਤਰ੍ਹਾਂ ਦੀ ਢਿੱਲ ਲਈ ਕੋਈ ਥਾਂ ਨਹੀਂ ਅਤੇ ਸੂਬੇ ਨੂੰ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਤਸੱਲੀ ਜ਼ਾਹਰ ਕੀਤੀ ਕਿ ਰੋਜ਼ਾਨਾ ਦੇ ਸੈਂਪਲਾਂ ਦੀ ਗਿਣਤੀ ਹੁਣ 50,000 ਪਾਰ ਕਰ ਗਈ ਹੈ।

ਮੁੱਖ ਮੰਤਰੀ ਨੇ ਦੇਸ਼ ਵਿੱਚ ਰੈਮਡੇਸਿਵਿਰ ਤੇ ਟੋਸਿਲੀਜ਼ੁਮਾਬ ਜਿਹੀਆਂ ਐਂਟੀ ਵਾਇਰਲ ਦਵਾਈਆਂ ਦੀ ਕਾਲਾ ਬਜ਼ਾਰੀ ਦੀਆਂ ਰਿਪੋਰਟਾਂ ਦੇ ਹਵਾਲੇ ਨਾਲ  ਕਿਹਾ ਕਿ ਮਾਹਿਰਾਂ ਨੇ ਅਜਿਹੀਆਂ ਦਵਾਈਆਂ ਦੀ ਵਰਤੋਂ ਬਾਰੇ ਸਪੱਸ਼ਟ ਮਾਪਦੰਡ ਤੈਅ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਅਜਿਹੀਆਂ ਦਵਾਈਆਂ ਦੀ ਖਰੀਦ ਮਰੀਜ਼ਾਂ ਲਈ ਜਾਰੀ ਰੱਖਣੀ       ਚਾਹੀਦੀ ਹੈ।

ਮੁੱਖ ਮੰਤਰੀ ਨੇ ਹਸਪਤਾਲਾਂ ਵਿਚ ਬੈੱਡਾਂ ਦੀ ਵਰਤਮਾਨ ਸਥਿਤੀ ਨੂੰ ਕੌਮੀ ਸਥਿਤੀ ਤੋਂ ਬਿਹਤਰ ਦੱਸਦਿਆਂ ਕਿਹਾ ਕਿ ਕੋਵਿਡ ਸੰਭਾਲ ਲਈ ਐੱਲ-2 ਅਤੇ ਐਲ-3 ਸਹੂਲਤਾਂ ਵਿਚ 75 ਫੀਸਦੀ ਬੈੱਡ ਰਾਖਵੇਂ ਰੱਖਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਚੋਣਵੀਆਂ ਸਰਜਰੀਆਂ ਉਤੇ ਮੁਕੰਮਲ ਪਾਬੰਦੀ ਲਾਉਣ ਦੇ ਆਦੇਸ਼ ਵੀ ਦਿੱਤੇ ਤਾਂ ਕਿ ਹਸਪਤਾਲ ਕੋਵਿਡ ਮਰੀਜ਼ਾਂ ਦੇ ਇਲਾਜ ਉਪਰ ਧਿਆਨ ਦੇ ਸਕਣ। ਪੰਜਾਬ ਸਰਕਾਰ ਦੀ 104 ਹੈਲਪਲਾਈਨ ਨੰਬਰ ਰਾਹੀਂ ਹਸਪਤਾਲਾਂ ਵਿਚ ਮੌਜੂਦਾ ਬੈੱਡਾਂ ਬਾਰੇ 24 ਘੰਟੇ ਫੌਰੀ ਜਾਣਕਾਰੀ ਹਾਸਲ ਹੋਵੇਗੀ।ਮੁੱਖ ਸਕੱਤਰ ਵਿਨੀ ਮਹਾਜਨ ਨੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਕਿ ਉਦਯੋਗ ਵਿਭਾਗ ਵੱਲੋਂ ਪਹਿਲਾਂ ਹੀ ਏ.ਐਸ.ਯੂ. ਰੀਫਿਲਿੰਗ ਯੂਨਿਟਾਂ ਵਿਖੇ ਸਪਲਾਈ ਅਤੇ ਮੰਗ ਦੇ 24X7 ਨਿਗਰਾਨੀ ਲਈ ਟੀਮਾਂ ਬਣਾਈਆਂ ਜਾ ਚੁੱਕੀਆਂ ਹਨ। ਮੀਟਿੰਗ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ.ਸੋਨੀ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਉਦਯੋਗ ਤੇ ਵਣਜ ਅਲੋਕ ਸ਼ੇਖਰ, ਪ੍ਰਮੁੱਖ ਸਕੱਤਰ ਸਿਹਤ ਹੁਸਨ ਲਾਲ   ਅਤੇ ਪ੍ਰਮੁੱਖ ਸਕੱਤਰ ਮੈਡੀਕਲ   ਸਿੱਖਿਆ ਤੇ ਖੋਜ ਡੀ.ਕੇ.ਤਿਵਾੜੀ ਆਦਿ ਹਾਜ਼ਰ ਸਨ। 

ਮੀਟਿੰਗ ਵਿੱਚ ਜਾਣਕਾਰੀ ਦਿੱਤੀ ਗਈ ਕਿ ਕੇਂਦਰ ਸਰਕਾਰ ਤੋਂ ਪੰਜਾਬ ਨੂੰ ਕੋਵੀਸ਼ੀਲਡ ਦੀਆਂ 4 ਲੱਖ ਖ਼ੁਰਾਕਾਂ ਪ੍ਰਾਪਤ ਹੋ ਚੁੱਕੀਆਂ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਟੀਕਾਕਰਨ ਮੁਹਿੰਮ ਦੀ ਰਫਤਾਰ ਨੂੰ ਦੇਖਦਿਆਂ ਦਵਾਈਆਂ ਦੀ ਇਹ ਖੇਪ ਵੀ ਮਹਿਜ਼ ਤਿੰਨ ਜਾਂ ਚਾਰ ਦਿਨਾਂ ਤੱਕ ਹੀ ਚੱਲੇਗੀ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕੋਵੈਕਸੀਨ ਦੀਆਂ ਭਰਪੂਰ ਮਾਤਰਾ ਵਿੱਚ ਲੋੜੀਂਦੀਆਂ ਖ਼ੁਰਾਕਾਂ ਦਾ ਮੁੱਦਾ ਪ੍ਰਭਾਵਸ਼ਾਲੀ ਢੰਗ ਨਾਲ ਕੇਂਦਰ ਸਰਕਾਰ ਕੋਲ ਚੁੱਕਣ ਲਈ ਕਿਹਾ।

ਆਕਸੀਜਨ ਦੀ ਜਮ੍ਹਾਂਖੋਰੀ ਖਿਲਾਫ਼ ਹੁਕਮ

ਮੁੱਖ ਮੰਤਰੀ ਨੇ ਅੱਜ ਉਚੇਚੇ ਤੌਰ ’ਤੇ ਪੰਜਾਬ ’ਚ ਮੈਡੀਕਲ ਆਕਸੀਜਨ ਦੀ ਜਮ੍ਹਾਂਖੋਰੀ ਖਿਲਾਫ ਕਾਰਵਾਈ ਦੇ ਹੁਕਮ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਵਪਾਰੀ ਜਾਂ ਉਤਪਾਦਕ ਨੂੰ ਲਿਕੁਇਡ ਮੈਡੀਕਲ ਆਕਸੀਜਨ (ਐਲ.ਐਮ.ਓ.) ਦੀ ਗੈਰਕਾਨੂੰਨੀ ਢੰਗ ਨਾਲ ਜਮ੍ਹਾਂਖੋਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਸੰਕਟ ’ਤੇ ਕਾਬੂ ਪਾਉਣ ਲਈ 136 ਐਮ.ਟੀ. ਅਲਾਟ ਕੀਤੀ ਗਈ ਹੈ। ਉਨ੍ਹਾਂ ਉਦਯੋਗ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਕਿ ਆਕਸੀਜਨ ਸਪਲਾਈ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇ।ਇਸ ਦੌਰਾਨ ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੀਟਿੰਗ ਵਿਚ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਸਰਕਾਰੀ ਨੇਮਾਂ ਮੁਤਾਬਕ ਸੀਮਤ ਇਕੱਠ ਨੂੰ ਯਕੀਨੀ ਬਣਾਉਣ ਲਈ 220 ਕੰਟੈਕਟ ਟਰੇਸਿੰਗ ਟੀਮਾਂ ਦਿਨ-ਰਾਤ ਜੁਟੀਆਂ ਹੋਈਆਂ ਹਨ। ਪੰਜਾਬ ਭਰ ਵਿਚ ਕਸੂਰਵਾਰ ਮੈਰਿਜ ਪੈਲੇਸ ਮਾਲਕਾਂ ਦੇ ਖਿਲਾਫ 156 ਐਫ.ਆਈ.ਆਰ. ਦਰਜ ਕੀਤੀ ਜਾ ਚੁੱਕੀਆਂ ਹਨ।  

Leave a Reply

Your email address will not be published. Required fields are marked *